ਪੰਜਾਬ ਪੁਲਿਸ ਦਾ ਨਸ਼ਿਆਂ ਵਿਰੁੱਧ ਐਕਸ਼ਨ : 5 ਮਹੀਨਿਆਂ ‘ਚ 8755 ਨਸ਼ਾ ਤਸਕਰ ਗ੍ਰਿਫਤਾਰ, 473 ਕਿਲੋ ਹੈਰੋਇਨ ਬਰਾਮਦ

0
414

ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਛੇਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 1244 ਵੱਡੀਆਂ ਮੱਛੀਆਂ ਸਮੇਤ 8755 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 746 ਵਪਾਰਕ ਮਾਮਲਿਆਂ ਸਮੇਤ ਕੁੱਲ 6667 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ।

ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੀਆਂ ਸੰਵੇਦਨਸ਼ੀਲ ਥਾਵਾਂ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 325.55 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ਼ ਪੰਜ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 473.5 ਕਿਲੋਗ੍ਰਾਮ ਹੋ ਗਈ ਹੈ।

ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 350 ਕਿਲੋ ਅਫੀਮ, 355 ਕਿਲੋ ਗਾਂਜਾ, 211 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡਜ਼ ਦੀਆਂ 28.96 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲੀਸ ਨੇ ਇਨ੍ਹਾਂ ਪੰਜ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.80 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਸਿਰਫ਼ ਇੱਕ ਹਫ਼ਤੇ ਵਿੱਚ ਡਰੋਨ ਰਾਹੀਂ ਸੁੱਟੀ ਗਈ 15.34 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੱਤਾ ਹੈ। ਪੁਲਿਸ ਨੇ ਚਾਰ ਡਰੋਨ ਵੀ ਬਰਾਮਦ ਕੀਤੇ ਹਨ।

ਜ਼ਿਕਰਯੋਗ ਹੈ ਕਿ 29 ਨਵੰਬਰ ਨੂੰ ਖੇਮਕਰਨ ਦੀ ਬਾਰਡਰ ਆਊਟਪੋਸਟ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ 6.68 ਕਿਲੋਗ੍ਰਾਮ ਹੈਰੋਇਨ ਦੇ ਛੇ ਪੈਕੇਟ ਨਾਲ ਲੋਡਿਡ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ, ਜਿਸ ਦੇ ਅਗਲੇ ਹੀ ਦਿਨ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਕੁਆਡਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ।

ਇਸੇ ਤਰ੍ਹਾਂ 2 ਦਸੰਬਰ ਨੂੰ ਤਰਨਤਾਰਨ ਦੇ ਖੇਮਕਰਨ ਖੇਤਰ ਤੋਂ 5.60 ਕਿਲੋਗ੍ਰਾਮ ਹੈਰੋਇਨ ਦੇ ਪੰਜ ਪੈਕਟ ਨਾਲ ਲੋਡਿਡ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ, ਜਦਕਿ ਅਗਲੀ ਦਰਮਿਆਨੀ ਰਾਤ ਨੂੰ ਤਰਨਤਾਰਨ ਵਿੱਚ ਬਾਰਡਰ ਆਊਟਪੋਸਟ (ਬੀਓਪੀ) ਕਾਲੀਆ ਦੇ ਖੇਤਰ ‘ਚੋਂ 3.06 ਕਿਲੋਗ੍ਰਾਮ ਹੈਰੋਇਨ ਦੇ ਤਿੰਨ ਪੈਕਟ ਨਾਲ ਲੋਡਿਡ ਕੁਆਡਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ।

ਆਈਜੀਪੀ ਨੇ ਦੱਸਿਆ ਕਿ 21 ਨਵੰਬਰ ਨੂੰ ਅੰਮ੍ਰਿਤਸਰ ਤੋਂ ਰਾਜਸਥਾਨ ਦੇ ਦੋ ਨਸ਼ਾ ਤਸਕਰਾਂ ਕੋਲੋਂ 13 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਸਬੰਧੀ ਅਗਲੇਰੀ ਜਾਂਚ ਦੌਰਾਨ ਉਨ੍ਹਾਂ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਪੁੱਛਗਿੱਛ ਦੇ ਆਧਾਰ ‘ਤੇ ਬੀ.ਐਸ.ਐਫ. ਦੇ ਸਹਿਯੋਗ ਨਾਲ ਪੁਲਿਸ ਟੀਮਾਂ ਨੇ ਬਾਅਦ ਵਿੱਚ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਤੋਂ 10 ਏਕੇ-47 ਅਸਾਲਟ ਰਾਈਫਲਾਂ ਅਤੇ 10 ਵਿਦੇਸ਼ੀ .30 ਬੋਰ ਦੇ ਪਿਸਤੌਲ ਬਰਾਮਦ ਕੀਤੇ।

ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ 21 ਵਪਾਰਕ ਮਾਮਲਿਆਂ ਸਮੇਤ 197 ਐੱਫ.ਆਈ.ਆਰਜ਼ ਦਰਜ ਕਰਕੇ 247 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਹਨਾਂ ਕੋਲੋਂ 45.55 ਕਿਲੋ ਹੈਰੋਇਨ, 16.62 ਕਿਲੋ ਅਫੀਮ, 4.80 ਕਿਲੋ ਗਾਂਜਾ, 3.60 ਕੁਇੰਟਲ ਭੁੱਕੀ, ਫਾਰਮਾ ਓਪੀਓਡਜ਼ ਦੀਆਂ 28305 ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 55.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਇੱਕ ਹਫ਼ਤੇ ਵਿੱਚ ਐਨਡੀਪੀਐਸ ਕੇਸਾਂ ਵਿੱਚ 15 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 562 ਹੋ ਗਈ ਹੈ।

ਦੱਸਣਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ ‘ਤੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸ਼ੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।