ਮਾਨਸਾ . ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਸੂਬੇ ਵਿਚ ਲਗਾਏ ਗਏ ਕਰਫਿਊ ਦੌਰਾਨ ਬਾਹਰਲੇ ਰਾਜਾਂ ਦੇ ਕਈ ਪ੍ਰਵਾਸੀ ਮਾਨਸਾ ਜ਼ਿਲ੍ਹੇ ਵਿੱਚ ਫਸ ਗਏ ਸਨ ਅਤੇ ਇਨ੍ਹਾਂ ਨੂੰ ਇੱਛਾ ਅਨੁਸਾਰ ਵਾਪਸ ਜਾਣ ਲਈ ਰਜਿਸਟੇ੍ਰਸ਼ਨ ਕਰਵਾਉਣ ਲਈ ਕਿਹਾ ਗਿਆ ਸੀ, ਜਿਸ ਤਹਿਤ ਪਹਿਲਾਂ ਵੀ ਕਈ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਸਬੰਧਤ ਰਾਜਾਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਅੱਜ ਉਤਰ ਪ੍ਰਦੇਸ਼ ਦੇ ਕਾਨਪੁਰ ਸ਼ਹਿਰੀ, ਕਾਨਪੁਰ ਦਿਹਾਤੀ, ਓਰਾਇਆ, ਈਟਾਵਾ, ਫਰੁਖ਼ਾਬਾਦ ਅਤੇ ਕਨੌਜ ਜ਼ਿਲਿ੍ਹਆਂ ਦੇ ਪ੍ਰਵਾਸੀਆਂ 54 ਪ੍ਰਵਾਸੀਆਂ ਨੂੰ ਉਨ੍ਹਾਂ ਦੇ ਰਾਜ ਵਿੱਚ ਭੇਜਿਆ ਗਿਆ ਹੈ।
ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਪ੍ਰਵਾਸੀਆਂ ਨੂੰ ਜ਼ਿਲ੍ਹਾ ਮਾਨਸਾ ਤੋਂ ਉਨ੍ਹਾਂ ਦੇ ਰਾਜ ਵਿੱਚ ਭੇਜਣ ਲਈ ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ ਨੂੰ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ ਅਤੇ ਇਨ੍ਹਾਂ ਪ੍ਰਵਾਸੀਆਂ ਨੂੰ ਬੱਸਾ ਭੇਜਣ ਲਈ ਤਿੰਨੋਂ ਸਬ-ਡਵੀਜ਼ਨਾਂ ਵਿੱਚ ਐਸ.ਡੀ.ਐਮਜ਼ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਮਾਨਸਾ ਵਿਖੇ ਐਸ.ਡੀ.ਐਮ. ਸ਼੍ਰੀਮਤੀ ਸਰਬਜੀਤ ਕੌਰ, ਬੁਢਲਾਡਾ ਵਿਖੇ ਐਸ.ਡੀ.ਐਮ. ਸ਼੍ਰੀ ਆਦਿਤਯ ਡੇਚਲਵਾਲ ਅਤੇ ਸਰਦੂਲਗੜ੍ਹ ਵਿਖੇ ਐਸ.ਡੀ.ਐਮ. ਸ਼੍ਰੀ ਰਾਜਪਾਲ ਸਿੰਘ ਨੂੰ ਇਨ੍ਹਾਂ ਪ੍ਰਵਾਸੀਆਂ ਨੂੰ ਭੇਜਣ ਸਬੰਧੀ ਜ਼ਿੰਮੇਵਾਰੀ ਸੌਂਪੀ ਗਈ ਸੀ।