ਲੁਧਿਆਣਾ ‘ਚ ਅੱਜ ਕੋਰੋਨਾ ਦੇ 10 ਨਵੇਂ ਮਾਮਲੇ, ਪੜ੍ਹੋ ਕਿਨ੍ਹਾਂ ਇਲਾਕਿਆਂ ਤੋਂ ਮਰੀਜ ਆਏ ਸਾਹਮਣੇ

0
1656

ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ- ਡੀਸੀ

ਲੁਧਿਆਣਾ. ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 10 ਹੋਰ ਮਾਮਲੇ ਜਿਲ੍ਹੇ ਵਿਚ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ 2 ਚੰਦਰ ਨਗਰ, 2 ਓਮੈਕਸ ਰਾਇਲ ਸਿਟੀ, 2 ਖੰਨਾ, 1 ਫੀਲਡ ਗੰਜ, 1 ਪਿੰਡ ਦਾਦ, 1 ਛਾਉਣੀ ਮੁਹੱਲਾ ਅਤੇ 1 ਇਸਲਾਮਗੰਜ ਨਾਲ ਸੰਬੰਧਤ ਹੈ।

ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਹਿ’ ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲ੍ਹਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਮਿਤੀ 8 ਜੂਨ, 2020 ਤੱਕ ਲੁਧਿਆਣਾ ਨਾਲ ਸੰਬੰਧਤ 165 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਹੁਣ ਤੱਕ ਕੁੱਲ 11522 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 10797 ਦੀ ਰਿਪੋਰਟ ਪ੍ਰਾਪਤ ਹੋਈ ਹੈ, 10439 ਨਤੀਜੇ ਨੈਗੇਟਿਵ ਆਏ ਹਨ, ਜਦਕਿ 725 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਹੁਣ ਤੱਕ ਲੁਧਿਆਣਾ ਨਾਲ ਸੰਬੰਧਤ 257 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 101 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 10 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 7 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਲੁਧਿਆਣਾ ਨਾਲ ਸੰਬੰਧਤ 165 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਹੁਣ 8262 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1882 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 264 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਅੱਜ ਵੀ 614 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।

ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।