ਪੰਜਾਬ ਦੇ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦੇਣ ਲਈ ਛੇਤੀ ਸ਼ੁਰੂ ਹੋਣਗੇ 10 UPSC ਕੋਚਿੰਗ ਸੈਂਟਰ

0
1475

ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਨੌਜਵਾਨਾਂ ਦੀ ਭਲਾਈ ਲਈ ਅਤੇ ਉਨ੍ਹਾਂ ਦੀ ਅਥਾਹ ਸਮਰੱਥਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਇਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਸਰਕਾਰ ਜਲਦੀ ਹੀ ਕਈ ਸਕੀਮਾਂ ਸ਼ੁਰੂ ਕਰੇਗੀ।  

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਵਿਆਜ ਮੁਕਤ ਕਰਜ਼ਾ ਮੁਹੱਈਆ ਕਰਵਾਉਣ ਲਈ ਜਲਦੀ ਹੀ ਸਕੀਮ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਉਹ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਮਹੀਨੇ ਵਿੱਚ ਦੋ ਵਾਰ ‘ਨੌਜਵਾਨ ਸਭਾ’ ਕਰਨਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮਕਸਦ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ ਅਤੇ ਉਨ੍ਹਾਂ ਦਾ ਫੀਡਬੈਕ ਅਤੇ ਸੁਝਾਅ ਪ੍ਰਾਪਤ ਕਰਨਾ ਹੈ ਤਾਂ ਜੋ ਸਰਕਾਰ ਉਨ੍ਹਾਂ ਲਈ ਨਵੇਂ ਕਾਰੋਬਾਰ ਸ਼ੁਰੂ ਕਰਨ ਅਤੇ ਹੋਰ ਨਿਵੇਕਲੀਆਂ ਪਹਿਲਕਦਮੀਆਂ ਕਰਨ ਲਈ ਢੁਕਵੀਆਂ ਨੀਤੀਆਂ ਤਿਆਰ ਕਰ ਸਕੇ। ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ, ਟਰਾਂਸਪੋਰਟ ਅਤੇ ਹੋਰ ਖੇਤਰਾਂ ਨੂੰ ਹੁਲਾਰਾ ਦੇਣ ਲਈ ਹਰ 15 ਦਿਨਾਂ ਬਾਅਦ ਨੌਜਵਾਨਾਂ ਨਾਲ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਸੁਝਾਅ ਲਏ ਜਾਣਗੇ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ 10 ਅਤਿ-ਆਧੁਨਿਕ ਸੈਂਟਰ ਖੋਲ੍ਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿਚ ਵੱਕਾਰੀ ਅਹੁਦਿਆਂ ‘ਤੇ ਪੁੱਜਣ ਲਈ ਮਿਆਰੀ ਸਿਖਲਾਈ ਦੇਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਉੱਚ ਅਹੁਦਿਆਂ ‘ਤੇ ਬੈਠਣ, ਨਾ ਕਿ ਕਿਸੇ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਹੋ ਕੇ ਜੇਲ੍ਹਾਂ ਵਿਚ ਪੁੱਜਣ।