ਪੰਜਾਬ ‘ਚ ਅੱਜ ਤੋਂ ਨਹੀਂ ਚੱਲੇਗੀ 108 ਐਂਬੂਲੈਂਸ ਸੇਵਾ, ਡਰਾਈਵਰਾਂ ਨੇ ਸ਼ੁਰੂ ਕੀਤੀ ਹੜਤਾਲ

0
21668

ਜਲੰਧਰ/ਲੁਧਿਆਣਾ/ਅੰਮ੍ਰਿਤਸਰ| ਪੰਜਾਬ ਵਿੱਚ ਵੀਰਵਾਰ ਨੂੰ 108 ਐਂਬੂਲੈਂਸ ਸੇਵਾ ਪੂਰੀ ਤਰ੍ਹਾਂ ਠੱਪ ਹੋ ਗਈ। ਅੱਜ ਤੋਂ ਸਾਰੇ ਐਂਬੂਲੈਂਸ ਡਰਾਈਵਰ ਹੜਤਾਲ ‘ਤੇ ਚਲੇ ਗਏ ਹਨ। ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ।

ਪੰਜਾਬ ਵਿੱਚ ਸਰਕਾਰ ਵੱਲੋਂ 108 ਐਂਬੂਲੈਂਸ ਸੇਵਾ ਠੇਕੇ ’ਤੇ ਚਲਾਈ ਜਾਂਦੀ ਹੈ। ਨਾ ਤਾਂ ਉਨ੍ਹਾਂ ਨੂੰ ਪੂਰੀ ਤਨਖਾਹ ਭੱਤਾ ਮਿਲ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਸਹੂਲਤ ਦਿੱਤੀ ਜਾ ਰਹੀ ਹੈ। ਇੰਕਰੀਮੈਂਟ ਵੀ ਨਹੀਂ ਦਿੱਤਾ ਜਾ ਰਿਹਾ। ਸਮੂਹ ਮੁਲਾਜ਼ਮਾਂ ਨੇ ਲੁਧਿਆਣਾ ਦੇ ਲਾਡੋਵਾਲ ਵਿਖੇ ਐਂਬੂਲੈਂਸ ਖੜ੍ਹੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ।

108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਨਿੱਝਰ ਨੇ ਕਿਹਾ ਕਿ ਸਰਕਾਰ ਨੇ ਐਂਬੂਲੈਂਸਾਂ ਦਾ ਠੇਕਾ ਸੂਬੇ ਦੀ ਇਕ ਕੰਪਨੀ ਨੂੰ ਦਿੱਤਾ ਹੋਇਆ ਹੈ ਅਤੇ ਕੰਪਨੀ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ਹੈ। ਇਸ ਬਾਰੇ ਸਰਕਾਰ ਨੂੰ ਕਈ ਵਾਰ ਦੱਸਿਆ ਪਰ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਨੇ 9 ਜਨਵਰੀ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਹੜਤਾਲ ਬਾਰੇ ਅਗਾਊਂ ਜਾਣਕਾਰੀ ਦਿੱਤੀ ਸੀ ਪਰ ਫਿਰ ਵੀ ਸਰਕਾਰ ਨਹੀਂ ਜਾਗੀ ਤਾਂ ਉਨ੍ਹਾਂ ਨੂੰ ਹੜਤਾਲ ਦਾ ਕਦਮ ਚੁੱਕਣਾ ਪਿਆ।

108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਜਦੋਂ ਐਂਬੂਲੈਂਸ ਸਰਕਾਰੀ ਹੈ ਤਾਂ ਉਨ੍ਹਾਂ ਨੂੰ ਵੀ ਠੇਕਾ ਪ੍ਰਥਾ ਤੋਂ ਮੁਕਤ ਕਰ ਕੇ ਵਿਭਾਗ ਵਿੱਚ ਰਲੇਵਾਂ ਕੀਤਾ ਜਾਵੇ। ਪ੍ਰਧਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਹਰਿਆਣਾ ਦੀ ਤਰਜ਼ ‘ਤੇ ਤਨਖਾਹ ਅਤੇ ਭੱਤੇ ਦਿੱਤੇ ਜਾਣੇ ਚਾਹੀਦੇ ਹਨ। ਕੰਪਨੀ ਵੱਲੋਂ ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ।

ਐਸੋਸੀਏਸ਼ਨ ਦੀ ਮੰਗ ਹੈ ਕਿ ਸਰਕਾਰ ਉਨ੍ਹਾਂ ਨੂੰ ਵਿਭਾਗ ਵਿੱਚ ਲੈ ਕੇ 10 ਫੀਸਦੀ ਵਾਧਾ ਦੇਵੇ। ਇਸ ਤੋਂ ਇਲਾਵਾ ਪਿਛਲੇ ਦੱਸ ਸਾਲਾਂ ਦੌਰਾਨ ਕੀਤੇ ਵਾਧੇ ਦੇ ਬਕਾਏ ਵਿਆਜ ਸਮੇਤ ਅਦਾ ਕੀਤੇ ਜਾਣ। ਸਾਰੇ ਕਰਮਚਾਰੀਆਂ ਦਾ ਪੰਜਾਹ ਲੱਖ ਦਾ ਦੁਰਘਟਨਾ ਅਤੇ ਬਿਮਾਰੀ ਬੀਮਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀ ਮੰਗ ਹੈ ਕਿ ਜੇਕਰ ਕੋਈ ਮੁਲਾਜ਼ਮ ਨੌਕਰੀ ਦੌਰਾਨ ਦੁਰਘਟਨਾ ਜਾਂ ਕਿਸੇ ਹੋਰ ਕਾਰਨ ਕਰ ਕੇ ਅਪਾਹਜ ਹੋ ਜਾਂਦਾ ਹੈ ਤਾਂ ਉਸ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ ਅਤੇ ਪੀੜਤ ਨੂੰ ਪੈਨਸ਼ਨ ਦੀ ਸਹੂਲਤ ਦਿੱਤੀ ਜਾਵੇ।