11 ਦਸੰਬਰ ਨੂੰ ਪੰਜਾਬ ਤੇ ਹਰਿਆਣਾ ਦੇ ਕਿਸਾਨ ਦਿੱਲੀ ਵੱਲ ਕਰਨਗੇ ਕੂਚ, ਅਗਲੇ ਸੰਘਰਸ਼ ਦਾ ਵੀ ਕੀਤਾ ਜਾਵੇਗਾ ਐਲਾਨ

0
350

ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਮੁੜ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਇਕੱਠ ਕਰਨ ਦਾ ਐਲਾਨ ਕੀਤਾ ਹੈ। ਦਰਅਸਲ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਦੌਰਾਨ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਦੇ 2 ਸਾਲ ਪੂਰੇ ਹੋਣ ‘ਤੇ 14 ਨਵੰਬਰ ਨੂੰ ਦਿੱਲੀ ‘ਚ ਸੰਯੁਕਤ ਕਿਸਾਨ ਮੋਰਚਾ ਦੀ ਵੱਡੀ ਮੀਟਿੰਗ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਭਰ ‘ਚ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਰਾਜ ਭਵਨਾਂ ਤੱਕ ਰੋਸ ਮਾਰਚ ਕੱਢੇ ਜਾਣਗੇ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ 26 ਨਵੰਬਰ ਦੀ ਥਾਂ 11 ਦਸੰਬਰ ਨੂੰ ਸ਼ਹੀਦੀ ਸਮਾਰੋਹ ਕਰਵਾਇਆ ਜਾਵੇਗਾ। 11 ਦਸੰਬਰ ਨੂੰ ਦਿੱਲੀ ਬਾਰਡਰ ‘ਤੇ ਇਕੱਠੇ ਹੋ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ ਅਤੇ 11 ਦਸੰਬਰ ਨੂੰ ਸਿੰਘੂ ਬਾਰਡਰ ਤੋਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਦਿੱਤਾ ਸੀ, ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ। ਹਾਲਾਂਕਿ ਇਸ ਸੰਘਰਸ਼ ਦੌਰਾਨ ਵੱਡੀ ਗਿਣਤੀ ਵਿੱਚ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਦੇ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ ਸਨ।