ਜਲੰਧਰ ‘ਚ ਕਿਸਾਨਾਂ ਨੂੰ ਝੋਨੇ ਦੀ ਖਰੀਦ ਲਈ 1267 ਕਰੋੜ ਦੀ ਕੀਤੀ ਗਈ ਅਦਾਇਗੀ : ਡੀ.ਸੀ.

0
249

ਜਲੰਧਰ, 3 ਨਵੰਬਰ | ਜਲੰਧਰ ‘ਚ ਸ਼ਨੀਵਾਰ ਤੱਕ ਕਿਸਾਨਾਂ ਤੋਂ ਝੋਨੇ ਦੀ ਖਰੀਦ ਲਈ ਲਗਭਗ 1267 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਜ਼ਿਲਾ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਐਤਵਾਰ ਨੂੰ ਦਿੱਤੀ। ਡੀਸੀ ਅਗਰਵਾਲ ਨੇ ਵੀ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਡੀਸੀ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਸ਼ਨੀਵਾਰ ਤੱਕ 594523 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ।

ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 588235 ਮੀਟ੍ਰਿਕ ਟਨ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਪ੍ਰਸ਼ਾਸਨ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਹੈ। ਫਸਲ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਵਿਚ ਵੀ ਤੇਜ਼ੀ ਲਿਆਂਦੀ ਗਈ ਹੈ ਅਤੇ ਹੁਣ ਤੱਕ 214104 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖਰੀਦ, ਸਮੇਂ ਸਿਰ ਅਦਾਇਗੀ ਅਤੇ ਨਾਲੋ-ਨਾਲ ਲਿਫਟਿੰਗ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਬੰਧਤ ਅਧਿਕਾਰੀ ਖਰੀਦ ਪ੍ਰਕਿਰਿਆ ਦੀ ਨਿਰੰਤਰ ਨਿਗਰਾਨੀ ਕਰ ਰਹੇ ਹਨ। ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਖਰੀਦ ਤੋਂ ਬਾਅਦ ਝੋਨੇ ਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਆਉਣ ਵਾਲੇ ਦਿਨਾਂ ਵਿਚ ਫਸਲ ਦੀ ਲਿਫਟਿੰਗ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

ਉਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਡਿਪਟੀ ਕਮਿਸ਼ਨਰ ਨੇ ਖਰੀਦ ਪ੍ਰਣਾਲੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਖਰੀਦ, ਲਿਫਟਿੰਗ ਅਤੇ ਅਦਾਇਗੀ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਤਾਂ ਜੋ ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।