180 ਲੱਖ ਮੀਟ੍ਰਿਕ ਟਨ ਖਰੀਦ ਦਾ ਟੀਚਾ ਪੂਰਾ, ਵਾਧੂ ਝੋਨੇ ਦੀ ਖਰੀਦ ਲਈ ਕੇਂਦਰ ਨੂੰ ਲਿਖੀ ਚਿੱਠੀ
2027 ਵਿੱਚ ਮੁੜ ਬਣੇਗੀ ‘ਆਪ’ ਦੀ ਸਰਕਾਰ, ਅਕਾਲੀ-ਭਾਜਪਾ ਗੱਠਜੋੜ ਨੂੰ ਲੋਕ ਨਹੀਂ ਕਰਨਗੇ ਪਸੰਦ: ਕੈਬਨਿਟ ਮੰਤਰੀ
ਅੰਮ੍ਰਿਤਸਰ: ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਜਾਰੀ ਹੈ। ਹੁਣ ਤੱਕ ਮੰਡੀਆਂ ਵਿੱਚ 185.26 ਲੱਖ ਮੀਟ੍ਰਿਕ ਟਨ ਝੋਨਾ ਪਹੁੰਚ ਚੁੱਕਾ ਹੈ, ਜਿਸ ਵਿੱਚੋਂ 181.69 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ 14 ਨਵੰਬਰ ਤੱਕ 8 ਲੱਖ 34 ਹਜ਼ਾਰ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਝੋਨਾ ਲਿਆਂਦਾ ਗਿਆ ਹੈ। ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵਜੋਂ ਹੁਣ ਤੱਕ 41,972 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਜਾ ਚੁੱਕੇ ਹਨ। ਇਸ ਦੇ ਨਾਲ ਹੀ 146 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ।
180 ਲੱਖ ਮੀਟ੍ਰਿਕ ਟਨ ਖਰੀਦ ਦਾ ਟੀਚਾ ਪੂਰਾ
ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਦਿੱਤਾ ਗਿਆ ਸੀ, ਜੋ ਪੂਰਾ ਹੋ ਚੁੱਕਾ ਹੈ। ਇਸ ਵਾਰ ਬੰਪਰ ਫ਼ਸਲ ਹੋਣ ਕਾਰਨ ਝੋਨੇ ਦੀ ਖਰੀਦ ਦਾ ਅੰਕੜਾ 200 ਲੱਖ ਮੀਟ੍ਰਿਕ ਟਨ ਦੇ ਕਰੀਬ ਪਹੁੰਚਣ ਦੀ ਸੰਭਾਵਨਾ ਹੈ। ਵਾਧੂ ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੇ ਕੇਂਦਰ ਨੂੰ ਕੈਸ਼ ਕ੍ਰੈਡਿਟ ਲਿਮਿਟ (CCL) ਵਧਾਉਣ ਸਬੰਧੀ ਚਿੱਠੀ ਲਿਖੀ ਹੈ।
ਉਨ੍ਹਾਂ ਵਧੇਰੇ ਝਾੜ ਦਾ ਕਾਰਨ ਨਹਿਰੀ ਪਾਣੀ ਦੀ ਸਪਲਾਈ ਵਿੱਚ ਵਾਧੇ ਅਤੇ ਮੌਸਮ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਹਿਰੀ ਪਾਣੀ ਦੀ ਪਹੁੰਚ 22 ਫ਼ੀਸਦੀ ਤੋਂ ਵਧ ਕੇ ਲਗਭਗ 80 ਫ਼ੀਸਦੀ ਹੋ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।
ED ਦੀ ਕਾਰਵਾਈ ਬਾਰੇ ਦਿੱਤਾ ਇਹ ਜਵਾਬ
ਮਾਈਨਿੰਗ ਮਾਮਲੇ ਵਿੱਚ ED ਦੀ ਕਾਰਵਾਈ ਅਤੇ ਇਸ ਵਿੱਚ ਆਪਣਾ ਨਾਮ ਆਉਣ ਸਬੰਧੀ ਸਵਾਲ ‘ਤੇ ਕਟਾਰੂਚੱਕ ਨੇ ਕਿਹਾ ਕਿ ਉਹ ਹਰ ਗੱਲ ਦਾ ਜਵਾਬ ਦੇਣਗੇ ਅਤੇ ਲੋੜ ਪੈਣ ‘ਤੇ ਆਪਣਾ ਪੱਖ ਰੱਖਣਗੇ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਚੋਣਾਂ ਵਾਲੇ ਸੂਬਿਆਂ ਵਿੱਚ ਆਪਣੀਆਂ ਏਜੰਸੀਆਂ ਨੂੰ ਅੱਗੇ ਕਰਦੀ ਹੈ।
ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਠਜੋੜ ਨੂੰ ਪਸੰਦ ਨਹੀਂ ਕਰਨਗੇ। ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਮੁੱਦਾ-ਲੈੱਸ ਅਤੇ ਲੀਡਰ-ਲੈੱਸ ਪਾਰਟੀ ਹੈ।
ਚੰਨੀ ਦੀ ਸਾਈਕਲ ਯਾਤਰਾ ‘ਤੇ ਵੀ ਕੀਤੀ ਟਿੱਪਣੀ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਬਾਰੇ ਕਟਾਰੂਚੱਕ ਨੇ ਕਿਹਾ ਕਿ ਸਿਰਫ਼ ਯਾਤਰਾਵਾਂ ਕਰਨ ਦੀ ਬਜਾਏ ਲੋਕਾਂ ਲਈ ਕੀਤੇ ਗਏ ਕੰਮ ਜ਼ਿਆਦਾ ਮਹੱਤਵ ਰੱਖਦੇ ਹਨ। 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਟਿਕਟਾਂ ਦੀ ਵੰਡ ਬਾਰੇ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਕੀਤਾ ਜਾਵੇਗਾ ਅਤੇ ਪਾਰਟੀ ਦੇ ਮਾਪਦੰਡਾਂ ‘ਤੇ ਖਰੇ ਉਤਰਨ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਅੰਮ੍ਰਿਤਪਾਲ ਸਿੰਘ ਦੀ ਪੈਰੋਲ ਬਾਰੇ ਉਨ੍ਹਾਂ ਕਿਹਾ ਕਿ ਮਾਮਲਾ ਅਦਾਲਤ ਵਿੱਚ ਹੈ ਅਤੇ ਇਸ ਸਬੰਧੀ ਫ਼ੈਸਲਾ ਅਦਾਲਤ ਨੇ ਹੀ ਕਰਨਾ ਹੈ।
ਕਿਸਾਨਾਂ ਦੇ ਰੋਸ ਬਾਰੇ ਕੀ ਕਿਹਾ?
ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਝੋਨਾ ਸੁੱਟਣ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਹਰ ਵਰਗ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੇਗੀ ਅਤੇ ਉਨ੍ਹਾਂ ਦੇ ਹੱਲ ਲਈ ਕਦਮ ਚੁੱਕੇਗੀ।






































