ਪਟਿਆਲਾ ਦੇ ਵਿਕਾਸ ਪ੍ਰਾਜੈਕਟਾਂ ਲਈ 2.27 ਕਰੋੜ ਕੀਤੇ ਜਾਣਗੇ ਖਰਚ

0
1308

ਚੰਡੀਗੜ੍ਹ | ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਟਿਆਲਾ ਦੇ ਵਿਕਾਸ ਪ੍ਰਾਜੈਕਟਾਂ ‘ਤੇ ਲਗਭਗ 2.27 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪ੍ਰਾਜੈਕਟਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਕਾਸ ਪ੍ਰੋਜੈਕਟਾਂ ਵਿੱਚ ਨਗਰ ਨਿਗਮ ਪਟਿਆਲਾ ਦੀ ਸਿਹਤ ਸ਼ਾਖਾ ਲਈ ਸਫ਼ਾਈ ਸੇਵਕਾਂ ਦੀ ਆਊਟਸੋਰਸਿੰਗ ਸ਼ਾਮਲ ਹੋਵੇਗੀ, ਜਿਸ ਦੀ ਅਨੁਮਾਨਿਤ ਲਾਗਤ 1.50 ਕਰੋੜ ਹੈ।

ਸਰਕਾਰ ਵੱਲੋਂ 32.85 ਲੱਖ ਰੁਪਏ ਦੀ ਲਾਗਤ ਨਾਲ ਨਗਰ ਕੌਂਸਲ ਨਾਭਾ ਵਿਖੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਤੋਂ ਛੱਜੂ ਭੱਟ ਤੱਕ ਬਾਹਰੀ ਵੱਡੇ ਗੰਦੇ ਨਾਲੇ ਦੀ ਸਫ਼ਾਈ ਲਈ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਨਗਰ ਕੌਂਸਲ ਨਾਭਾ ਵਿਖੇ ਨਾਭਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਅੰਦਰੂਨੀ ਗੰਦੇ ਨਾਲਿਆਂ ਦੀ ਸਫ਼ਾਈ ‘ਤੇ 33.61 ਲੱਖ ਰੁਪਏ ਦੀ ਲਾਗਤ ਆਉਣ ਦੀ ਉਮੀਦ ਹੈ। 

ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਵਿਖੇ ਪਟਿਆਲਾ ਦੀ ਲੋਅਰ ਮਾਲ ਰੋਡ ‘ਤੇ 10.58 ਲੱਖ ਰੁਪਏ ਦੀ ਲਾਗਤ ਨਾਲ ਟ੍ਰੈਫਿਕ ਸਿਗਨਲ ਸਿਸਟਮ ਸਥਾਪਤ ਕੀਤਾ ਜਾਵੇਗਾ। ਡਾ. ਨਿੱਜਰ ਨੇ ਅੱਗੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਲਈ ਪਹਿਲਾਂ ਹੀ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਟੈਂਡਰ ਅਪਲੋਡ ਕਰ ਦਿੱਤਾ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਟੈਂਡਰਾਂ ਦੇ ਨਿਯਮਾਂ ਅਤੇ ਸ਼ਰਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਦੀ ਲੋੜ ਹੋਵੇਗੀ ਤਾਂ ਸੋਧੀ ਹੋਈ ਸਾਰੀ ਜਾਣਕਾਰੀ ਉਪਰੋਕਤ ਵੈੱਬਸਾਈਟ ‘ਤੇ ਅਪਲੋਡ ਕੀਤੀ ਜਾਵੇਗੀ।

ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨਾਲ ਪਟਿਆਲਾ ਅਤੇ ਨਾਭਾ ਦੇ ਨਾਗਰਿਕਾਂ ਨੂੰ ਰਹਿਣ-ਸਹਿਣ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸੈਨੀਟੇਸ਼ਨ, ਟ੍ਰੈਫਿਕ ਪ੍ਰਬੰਧਨ ਅਤੇ ਸਮੁੱਚੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਖੇਤਰਾਂ ਵਿੱਚ ਮਹੱਤਵਪੂਰਨ ਸੁਧਾਰ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।