ਜਲੰਧਰ ਵਿੱਚ ਨਸ਼ੇ ਅਤੇ ਅਪਰਾਧ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੀਆਈਏ ਸਟਾਫ ਨੇ ਦੋ ਕਥਿਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਨਾਜਾਇਜ਼ ਪਿਸਤੌਲ ਅਤੇ 2 ਕਾਰਤੂਸ ਬਰਾਮਦ ਕੀਤੇ ਹਨ। ਇਹ ਕਾਰਵਾਈ ਏਸੀਪੀ ਡਿਟੈਕਟਿਵ ਅਮਰਬੀਰ ਸਿੰਘ ਦੀ ਅਗਵਾਈ ਹੇਠ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਕੀਤੀ ਗਈ।
ਪੁਲਿਸ ਮੁਤਾਬਕ 26 ਜੁਲਾਈ ਨੂੰ ਸੀਆਈਏ ਸਟਾਫ ਦੇ ਇੰਸਪੈਕਟਰ ਸੁਰਿੰਦਰ ਕੁਮਾਰ ਆਪਣੀ ਟੀਮ ਨਾਲ ਮਕਸੂਦਾਂ ਚੌਕ ਵਿੱਚ ਗਸ਼ਤ ਅਤੇ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਵਿਸ਼ਾਲ ਕੁਮਾਰ ਅਤੇ ਮਨਵਜੀਤ ਸਿੰਘ ਨੂੰ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ।
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ ਵਿੱਚ ਬੈਠੇ ਆਪਣੇ ਸਾਥੀਆਂ ਦੇ ਸੰਪਰਕ ਵਿੱਚ ਰਹਿ ਕੇ ਗੈਰਕਾਨੂੰਨੀ ਗਤੀਵਿਧੀਆਂ ਚਲਾ ਰਹੇ ਸਨ। ਪੁਲਿਸ ਦਾ ਦਾਅਵਾ ਹੈ ਕਿ ਇਹ ਗਿਰੋਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਧਮਕੀਆਂ ਦੇਣ, ਰੇਕੀ ਕਰਵਾਉਣ, ਫਿਰੌਤੀ ਮੰਗਣ ਅਤੇ ਹਿੰਸਕ ਵਾਰਦਾਤਾਂ ਨੂੰ ਅੰਜਾਮ ਦੇਣ ਵਰਗੀਆਂ ਗਤੀਵਿਧੀਆਂ ਨਾਲ ਜੁੜਿਆ ਹੋਇਆ ਹੈ।
ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ-1 ਕਮਿਸ਼ਨਰੇਟ ਵਿੱਚ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਦੋਵੇਂ ਮੁਲਜ਼ਮ ਇਸ ਸਮੇਂ ਪੁਲਿਸ ਰਿਮਾਂਡ ‘ਤੇ ਹਨ। ਪੁਲਿਸ ਉਨ੍ਹਾਂ ਦੇ ਵਿਦੇਸ਼ੀ ਸੰਪਰਕਾਂ, ਬੈਂਕ ਲੈਣ-ਦੇਣ, ਪੁਰਾਣੇ ਅਪਰਾਧਿਕ ਰਿਕਾਰਡ ਅਤੇ ਇਸ ਮਾਡਿਊਲ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।








































