ਗੁਰਦਾਸਪੁਰ,6 ਮਾਰਚ | ਗੁਰਦਾਸਪੁਰ ਦੇ ਧਾਰੀਵਾਲ ਨੇੜੇ ਸ਼ਾਹ ਪੰਪ ਇਲਾਕੇ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਅਵਾਰਾ ਖੂਖਾਰ ਕੁੱਤਿਆਂ ਦੇ ਹਮਲੇ ਨਾਲ ਦੋ ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਸਮਾਈਲ ਪੁੱਤਰ ਇੰਦਰਾਸ ਵਜੋਂ ਹੋਈ ਹੈ, ਜੋ ਘਰ ਦੇ ਬਾਹਰ ਗਲੀ ਵਿੱਚ ਖੇਡ ਰਿਹਾ ਸੀ।

ਮਿਲੀ ਜਾਣਕਾਰੀ ਅਨੁਸਾਰ ਘਟਨਾ ਉਸ ਵੇਲੇ ਵਾਪਰੀ ਜਦੋਂ ਬੱਚਾ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ ਅਤੇ ਉਸ ਦੀ ਮਾਂ ਘਰ ਅੰਦਰ ਚਾਹ ਬਣਾ ਰਹੀ ਸੀ। ਇਸ ਦੌਰਾਨ ਗਲੀ ਵਿੱਚ ਘੁੰਮ ਰਹੇ ਅਵਾਰਾ ਖੂਖਾਰ ਕੁੱਤਿਆਂ ਨੇ ਗੇਟ ਵਿੱਚੋਂ ਹੀ ਬੱਚੇ ਨੂੰ ਦਬੋਚ ਲਿਆ ਅਤੇ ਉਸ ਨੂੰ ਖਿੱਚਦੇ ਹੋਏ ਬੁਰੀ ਤਰ੍ਹਾਂ ਕੱਟਣਾ ਸ਼ੁਰੂ ਕਰ ਦਿੱਤਾ। ਬੱਚੇ ਦੀਆਂ ਚੀਖਾਂ ਸੁਣ ਕੇ ਆਸ-ਪਾਸ ਦੇ ਲੋਕ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਕੁੱਤਿਆਂ ਨੂੰ ਭਜਾ ਕੇ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।

ਸਥਾਨਕ ਨਿਵਾਸੀ ਬਲਵੀਰ ਸਿੰਘ ਨੇ ਦੱਸਿਆ ਕਿ ਲੋਕਾਂ ਨੇ ਬੱਚੇ ਨੂੰ ਬਚਾਉਣ ਲਈ ਪੂਰੀ ਕੋਸ਼ਿਸ਼ ਕੀਤੀ, ਪਰ ਉਦੋਂ ਤੱਕ ਬੱਚਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਚੁੱਕਾ ਸੀ। ਤੁਰੰਤ ਉਸ ਨੂੰ ਇਲਾਜ ਲਈ ਢਿੱਲੋਂ ਹਸਪਤਾਲ ਧਾਰੀਵਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਦੇਖਦੇ ਹੋਏ ਉਸਨੂੰ ਸਿਵਲ ਹਸਪਤਾਲ ਗੁਰਦਾਸਪੁਰ ਰੈਫਰ ਕਰ ਦਿੱਤਾ। ਪਰ ਉੱਥੇ ਪਹੁੰਚਣ ’ਤੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਇਸ ਦਰਦਨਾਕ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੱਸਿਆ ਜਾ ਰਿਹਾ ਹੈ ਕਿ ਸਮਾਈਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦੀ ਮੌਤ ਨਾਲ ਪਰਿਵਾਰ ਪੂਰੀ ਤਰ੍ਹਾਂ ਟੁੱਟ ਗਿਆ ਹੈ।

ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਅਵਾਰਾ ਕੁੱਤਿਆਂ ਦੀ ਸੰਖਿਆ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਨੂੰ ਫੜ ਕੇ ਉਨ੍ਹਾਂ ’ਤੇ ਸਖ਼ਤ ਨੱਥ ਪਾਈ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦੁੱਖਦਾਈ ਘਟਨਾਵਾਂ ਨੂੰ ਰੋਕਿਆ ਜਾ ਸਕੇ।