ਜਲੰਧਰ | ਕੋਵਿਡ-19 ਵਾਇਰਸ ’ਤੇ ਕਾਬੂ ਪਾਉਣ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਹੋਟਲਾਂ, ਮੈਰਿਜ ਪੇਲੈਸਾਂ ਅਤੇ ਬੈਂਕੁਅਟ ਹਾਲਾਂ ਵਿੱਚ ਇਕੱਠਾਂ ’ਤੇ ਬਾਜ਼ ਅੱਖ ਰੱਖਣ ਲਈ 246 ਕੋਵਿਡ ਮੋਨੀਟਰ ਅਤੇ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ।
ਡਿਪਟੀ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਿਆਹ ਅਤੇ ਹੋਰ ਸਮਾਗਮਾਂ ਦੌਰਾਨ ਇਕੱਠਾ ਦੀ ਗਿਣਤੀ ਨੂੰ ਘਟਾਇਆ ਗਿਆ ਹੈ ਅਤੇ ਇਨਾਂ ਸਾਰੇ ਕੋਵਿਡ ਮੋਨੀਟਰਾਂ ਵਲੋਂ ਇਮਾਰਤ ਦੇ ਅੰਦਰ 100 ਅਤੇ ਬਾਹਰ 200 ਦੇ ਇਕੱਠ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾ ਅੱਗੇ ਦੱਸਿਆ ਕਿ ਇਕੱਠਾ ਦੌਰਾਨ ਨਿਰਧਾਰਿਤ ਗਿਣਤੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਨਾਂ ਵਲੋਂ ਇਹ ਵੀ ਕੋਵਿਡ ਸਬੰਧੀ ਜਾਰੀ ਹਦਾਇਤਾਂ ਦੀ ਸਹੀ ਅਰਥਾਂ ਵਿੱਚ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹੋਟਲਾਂ, ਮੈਰਿਜ ਪੇਲੈਸਾਂ ਅਤੇ ਬੈਂਕੁਅਟ ਹਾਲਾਂ ਦੇੇ ਮੇਨੈਜਰਾਂ ਨੂੰ ਕੋਵਿਡ ਮੋਨੀਟਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਇਨਾਂ ਵਲੋਂ ਸਮਾਜਿਕ ਦੂਰੀ, ਮਾਸਕ ਪਾਉਣਾ, ਸੈਨੀਟਾਈਜ਼ਰ ਦੀ ਉਪਲਬੱਧਤਾ ਨੂੰ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ 246 ਹੋਟਲਾਂ, ਮੈਰਿਜ ਪੇਲੈਸਾ ਅਤੇ ਬੈਂਕੁਅਟ ਹਾਲਾਂ ਲਈ ਸਰਕਾਰੀ ਅਧਿਕਾਰੀਆਂ ਨੂੰ ਸੁਪਰਵਾਈਜ਼ਰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨਾ ਸੁਪਰਵਾਈਜ਼ਰਾਂ ਵਲੋਂ ਅਲਾਟ ਹੋਈਆਂ ਸੰਸਥਾਵਾਂ ਵਿੱਚ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੱਖ-ਵੱਖ ਗਤੀਵਿਧੀਆਂ ਦੌਰਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਸਬੰਧੀ ਰਿਪੋਰਟ ਸੌਂਪੀ ਜਾਵੇਗੀ। ਸ੍ਰੀ ਥੋਰੀ ਨੇ ਸਪਸ਼ਟ ਕਿਹਾ ਕਿ ਸਾਰੇ ਕੋਵਿਡ ਮੋਨੀਟਰ ਆਪਣੀਆਂ ਸੰਸਥਾਵਾਂ ਵਿੱਚ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਲਈ ਜਿੰਮੇਵਾਰ ਹੋਣਗੇ ਅਤੇ ਜੇਕਰ ਸੁਪਰਵਾਈਜ਼ਰਾਂ ਵਲੋਂ ਕੋਵਿਡ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਸਬੰਧੀ ਰਿਪੋਰਟ ਸੌਂਪੀ ਜਾਂਦੀ ਹੈ ਤਾਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਸਰਕਾਰੀ ਅਧਿਆਪਕਾਂ ਦੇ ਕੋਵਿਡ ਵੈਕਸੀਨ ਸਬੰਧੀ ਟੀਕਾਕਰਨ ਨੂੰ ਯਕੀਨੀ ਬਣਾਇਆ ਜਾਵੇ ਕਿਉਂਕਿ ਮਹਾਂਮਾਰੀ ਦੌਰਾਨ ਉਨਾਂ ਦੀਆਂ ਸੇਵਾਵਾਂ ਨੂੰ ਮੋਹਰਲੀ ਕਤਾਰ ਦੇ ਵਰਕਰਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਵੀ ਕਿਹਾ ਕਿ ਕੋਵਿਡ ਸਬੰਧੀ ਰੋਜ਼ਾਨਾ ਸੈਂਪਲ ਲੈਣ ਦੀ ਗਤੀ ਨੂੰ ਵੀ ਵਧਾਇਆ ਜਾਵੇ ਤਾਂ ਜੋ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਜੀਟਿਵ ਮਰੀਜ਼ ਦੇ ਸੰਪਰਕ ਵਿੱਚ ਆਏ 15 ਵਿਅਕਤੀਆਂ ਦੀ ਪਹਿਚਾਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਕੰਟੇਨਮੈਂਟ ਖੇਤਰਾਂ ਵਿੱਚ ਕਰਫਿਊ ਵਰਗੀ ਸ਼ਖਤੀ ਵਰਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਰਾਤ ਦੇ ਕਰਫਿਊ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਜਨਤਕ ਥਾਵਾਂ ’ਤੇ ਭੀੜ ਇਕੱਠੀ ਹੋਣ ’ਤੇ ਨਜ਼ਰ ਰੱਖ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਸਾਡੇ ਸਭ ਵਲੋਂ ਕੀਤੇ ਜਾ ਰਹੇ ਸਾਂਝੇ ਯਤਨਾਂ ਸਦਕਾ ਹੀ ਜਿੱਤਿਆ ਜਾ ਸਕਦਾ ਹੈ।