ਜਲੰਧਰ . ਮਾਸਕ ਨਾ ਪਾਉਣ ਤੇ ਜਨਤਕ ਥਾਵਾਂ ‘ਤੇ ਥੁੱਕਣ ਸਬੰਧੀ ਜਾਰੀ ਆਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਚਲਾਨ ਕੀਤੇ ਗਏ ਹਨ। ਹੁਣ ਤਕ ਮਾਸਕ ਨਾ ਪਾਉਣ ਵਾਲੇ 105 ਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ ਛੇ ਲੋਕਾਂ ਦੇ ਚਲਾਨ ਕਰਕੇ 21600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿਚੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ ਤੇ ਜਨਤਕ ਥਾਵਾਂ ‘ਤੇ ਕੋਰੋਨਾ ਵਾਇਰਸ ਮਹਾਂਮਾਰੀ ਕਰਕੇ ਥੁੱਕਣ ‘ਤੇ ਪਾਬੰਦੀ ਲਗਾਈ ਗਈ ਹੈ।
ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ 23 ਮਾਰਚ ਤੋਂ ਹੁਣ ਤੱਕ 25054 ਲੋਕਾਂ ਦੇ ਟਰੈਫਿਕ ਚਲਾਨ ਕਰਕੇ 1649 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ ਤੇ 979 ਐਫ.ਆਈ.ਆਰ.ਦਰਜ ਕਰਨ ਤੋਂ ਇਲਾਵਾ 1211 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।