ਅੰਮ੍ਰਿਤਸਰ, 3 ਨਵੰਬਰ | ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 12 ਗੈਰ-ਕਾਨੂੰਨੀ ਪਿਸਤੌਲ, 2 ਹੈਂਡ ਗ੍ਰਨੇਡ, 310.10 ਗ੍ਰਾਮ ਹੈਰੋਇਨ ਅਤੇ 33 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਆਪਣੇ ਹੈਂਡਲਰਾਂ ਅਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਅਨੁਸਾਰ, ਇਨ੍ਹਾਂ ਦੇ ਜ਼ਰੀਏ ਡਰੋਨ ਰਾਹੀਂ ਪੰਜਾਬ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪਹੁੰਚਾਈਆਂ ਜਾਂਦੀਆਂ ਸਨ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਦੀ ਵਰਤੋਂ ਲੋਕਾਂ ਨੂੰ ਡਰਾਉਣ-ਧਮਕਾਉਣ ਲਈ ਕਰਦੇ ਸਨ। ਪੁਲਿਸ ਮੁਤਾਬਕ, ਫਿਰੌਤੀ ਦੀ ਮੰਗ ਨੂੰ ਲੈ ਕੇ ਲੋਕਾਂ ਦੇ ਘਰਾਂ ਅਤੇ ਦੁਕਾਨਾਂ ’ਤੇ ਫਾਇਰਿੰਗ ਕਰਕੇ ਇਲਾਕੇ ਵਿੱਚ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਸੀ।
ਡੀਜੀਪੀ ਪੰਜਾਬ ਪੁਲਿਸ ਅਨੁਸਾਰ, ਇਸ ਮਾਮਲੇ ਵਿੱਚ ਥਾਣਾ ਰਣਜੀਤ ਐਵੀਨਿਊ, ਥਾਣਾ ਛੇਹਰਟਾ ਅਤੇ ਥਾਣਾ ਸੁਲਤਾਨਵਿੰਡ ਵਿੱਚ ਤਿੰਨ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਅਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਡਰੋਨ ਰਾਹੀਂ ਹੁਣ ਤੱਕ ਕਿੰਨੀਆਂ ਖੇਪਾਂ ਪੰਜਾਬ ਪਹੁੰਚਾਈਆਂ ਗਈਆਂ ਅਤੇ ਬਰਾਮਦ ਹਥਿਆਰਾਂ ਦੀ ਵਰਤੋਂ ਕਿਹੜੀਆਂ ਅਪਰਾਧਿਕ ਵਾਰਦਾਤਾਂ ਵਿੱਚ ਕੀਤੀ ਗਈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੰਗਠਿਤ ਅਪਰਾਧ, ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।
ਨੋਟ: ਪੁਲਿਸ ਵੱਲੋਂ ਕੀਤੇ ਗਏ ਦਾਅਵੇ ਅਤੇ ਜਾਂਚ ਦੇ ਮੁੱਢਲੇ ਖੁਲਾਸੇ ਪੁਲਿਸ ਦੇ ਬਿਆਨ ’ਤੇ ਆਧਾਰਿਤ ਹਨ। ਮੁਲਜ਼ਮਾਂ ਖ਼ਿਲਾਫ਼ ਦੋਸ਼ ਅਦਾਲਤ ਵਿੱਚ ਸਾਬਤ ਹੋਣੇ ਬਾਕੀ ਹਨ।







































