ਚੰਡੀਗੜ੍ਹ | ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 24ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਇਸ ਦੌਰਾਨ ਸ਼ੁੱਕਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਐਲਾਨ ਕੀਤਾ ਕਿ 30 ਹਜ਼ਾਰ ਤੋਂ ਵੱਧ ਕਿਸਾਨ 26 ਤੇ 27 ਦਸੰਬਰ ਨੂੰ ਦਿੱਲੀ ਸਰਹੱਦਾਂ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣਗੇ।
ਉਨ੍ਹਾਂ ਦੱਸਿਆ ਕਿ 15,000 ਪ੍ਰਦਰਸ਼ਨਕਾਰੀਆਂ ਦੀ ਟੁਕੜੀ 26 ਦਸੰਬਰ ਨੂੰ ਖਨੌਰੀ ਸਰਹੱਦ ਤੋਂ ਮਾਰਚ ਕਰੇਗੀ, ਜਦਕਿ 15,000 ਹੋਰ ਦੀ ਟੁਕੜੀ 27 ਦਸੰਬਰ ਨੂੰ ਡੱਬਵਾਲੀ ਤੋਂ ਮਾਰਚ ਸ਼ੁਰੂ ਕਰੇਗੀ। ਇਹ ਮਾਰਚ ਦਿੱਲੀ ਚੱਲੋ ਅੰਦੋਲਨ ਦਾ ਇੱਕ ਮਹੀਨਾ ਪੂਰਾ ਹੋ ਜਾਣ ਵਜੋਂ ਕੱਢਿਆ ਜਾਵੇਗਾ। ਸੰਗਠਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਸਾਂਝੇ ਕਿਸਾਨ ਮੋਰਚੇ ਦੇ ਸੱਦੇ ਦੇ ਜਵਾਬ ਵਿੱਚ ਕਿਹਾ ਕਿ 20 ਦਸੰਬਰ ਨੂੰ ਪੰਜਾਬ ਦੇ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਕੱਠ ਕੀਤੇ ਜਾਣਗੇ। 21, 22 ਤੇ 23 ਦਸੰਬਰ ਨੂੰ ਯਾਦਗਾਰੀ ਜਲੂਸ ਕੱਢੇ ਜਾਣਗੇ। ਪਿੰਡ ਪੱਧਰ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ 24 ਦਸੰਬਰ ਨੂੰ ਬਲਾਕ ਪੱਧਰੀ ਸ਼ਰਧਾਂਜਲੀ ਸਮਾਗਮ ਕੀਤੇ ਜਾਣਗੇ।
ਉਨ੍ਹਾਂ ਨੇ ਕਿਹਾ ਕਿ ਦਿੱਲੀ ਮੋਰਚੇ ਨੂੰ ਮਜ਼ਬੂਤ ਕਰਨ ਲਈ ਸੁਖਦੇਵ ਸਿੰਘ ਕੋਕਰੀ ਕਲਾਂ ਦੀ ਅਗਵਾਈ ਹੇਠ ਇੱਕ ਦਿੱਲੀ ਚਲੋ ਮੁਹਿੰਮ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਲੋਕਾਂ ਨੂੰ ਦਿੱਲੀ ਜਾਣ ਲਈ ਲਾਮਬੰਦ ਕਰਨ ਦੇ ਨਾਲ-ਨਾਲ ਪੰਜਾਬ ਵਿਚ ਚੱਲ ਰਹੇ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਗਤੀਵਿਧੀਆਂ ਦਾ ਪ੍ਰਬੰਧ ਕਰੇਗੀ।
ਅੰਦੋਲਨ ‘ਤੇ ਸੁਪਰੀਮ ਕੋਰਟ ਵੱਲੋਂ ਕੀਤੀ ਟਿੱਪਣੀ‘ ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਨੇਤਾਵਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਦੇ ਵਿਚਕਾਰ ਕਿਸਾਨਾਂ ਨੇ ਆਪਣੇ ਅਧਿਕਾਰ ਦੀ ਵਰਤੋਂ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸੰਘਰਸ਼ ਦੇ ਅਧਿਕਾਰ ਨੂੰ ਸੁਪਰੀਮ ਕੋਰਟ ਨੇ ਕਾਇਮ ਰੱਖਿਆ ਹੈ।