ਆਪ੍ਰੇਸ਼ਨ ਬਲੂ ਸਟਾਰ ਦੀ 39ਵੀਂ ਬਰਸੀ : ਸ੍ਰੀ ਦਰਬਾਰ ਸਾਹਿਬ ‘ਚ ਸਵੇਰ ਤੋਂ ਜੁਟੀ ਸੰਗਤ, ਸ਼ਹਿਰ ਦੇ ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

0
805

ਅੰਮ੍ਰਿਤਸਰ| ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਮ ਸੰਦੇਸ਼ ਦੇਣਗੇ। ਨਾਲ ਹੀ ਬਲਿਊ ਸਟਾਰ ਆਪਰੇਸ਼ਨ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਮੰਗਲਵਾਰ ਸਵੇਰ ਤੋਂ ਹੀ ਸਿੱਖ ਸੰਗਤਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ। ਕੁਝ ਨੇ 1984 ਦੇ ਸਾਕਾ ਨੀਲਾ ਤਾਰਾ ਦੀਆਂ ਤਸਵੀਰਾਂ ਫੜੀਆਂ ਹੋਈਆਂ ਹਨ। ਬਲੂ ਸਟਾਰ ਆਪਰੇਸ਼ਨ ਦਾ ਵਿਰੋਧ ਕਰਨ ਵਾਲਿਆਂ ਦੀ ਵੀਡੀਓ ਰਿਕਾਰਡਿੰਗ ਵੀ ਕੀਤੀ ਜਾ ਰਹੀ ਹੈ।

ਪੂਰੇ ਸ਼ਹਿਰ ਵਿੱਚ ਨੀਮ ਫੌਜੀ ਬਲਾਂ ਦੀ ਤਾਇਨਾਤੀ ਵੀ ਕੀਤੀ ਗਈ ਹੈ। ਸ਼ਹਿਰ ਦੇ ਅੰਦਰ ਤੇ ਬਾਹਰ ਜਾਣ ਵਾਲੇ ਰਸਤਿਆਂ ‘ਤੇ ਨਾਕੇ ਲਾ ਕੇ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ। ਹਰਿਮੰਦਰ ਸਾਹਿਬ ਦੇ ਬਾਹਰ ਪੁਲਿਸ, ਕਮਾਂਡੋ ਅਤੇ ਅਰਧ ਸੈਨਿਕ ਬਲ ਤਾਇਨਾਤ ਹਨ। ਇਸ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਵੀ ਸਾਦੇ ਕੱਪੜਿਆਂ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲਿਸ ਦੇ 250 ਤੋਂ ਵੱਧ ਮੈਂਬਰ ਤੇ ਸ਼੍ਰੋਮਣੀ ਕਮੇਟੀ ਦੇ 1500 ਤੋਂ ਵੱਧ ਅਧਿਕਾਰੀ ਤੇ ਮੁਲਾਜ਼ਮ ਵੀ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਤਾਇਨਾਤ ਰਹਿਣਗੇ। ਸ਼੍ਰੋਮਣੀ ਕਮੇਟੀ ਨੇ ਆਪਣੇ ਮੁਲਾਜ਼ਮਾਂ ਦੀ 6 ਜੂਨ ਦੀ ਛੁੱਟੀ ਰੱਦ ਕਰ ਦਿੱਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਹੀ 18 ਜੁਲਾਈ 2006 ਦੀ ਰਾਏ ਦੀ ਕਾਪੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜ ਚੁੱਕੇ ਹਨ, ਜਿਸ ਵਿੱਚ ਪੰਜ ਸਾਹਿਬਾਨ ਵੱਲੋਂ ਲਏ ਗਏ ਫੈਸਲੇ ਦਾ ਵੇਰਵਾ ਹੈ ਕਿ ਕੋਈ ਵੀ ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਜ਼ਿੰਦਾਬਾਦ ਜਾਂ ਮੁਰਦਾਬਾਦ ਦੇ ਨਾਅਰੇ ਨਹੀਂ ਲਗਾਏਗਾ।

ਹੁਣ ਦੇਖਣਾ ਇਹ ਹੋਵੇਗਾ ਕਿ ਹਰ ਸਾਲ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਖਾਲਿਸਤਾਨ ਦੇ ਨਾਅਰੇ ਲਾਉਣ ਵਾਲੇ ਖਾਲਿਸਤਾਨੀ ਸਮਰਥਕ ਇਸ ਸਾਲ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨਗੇ ਜਾਂ ਨਹੀਂ।