ਲੁਧਿਆਣਾ . ਪੰਜਾਬ ਵਿਚ ਕੋਰੋਨਾ ਨੂੰ ਠੱਲ੍ਹ ਪੈਂਦੀ ਨਜ਼ਰ ਆ ਰਹੀ ਹੈ ਪਰ ਕਿਤੇ-ਕਿਤੇ ਲੋਕਾਂ ਦੀ ਅਣਗਹਿਲੀ ਕਾਰਨ ਹੋਰ ਮਾਮਲੇ ਵੀ ਸਾਹਮਣੇ ਆ ਰਹੇ ਹਨ। ਅੱਜ ਹੀ ਲੁਧਿਆਣਾ ਵਿਚ 4 ਨਵੇਂ ਮਾਮਲੇ ਹੋਰ ਸਾਹਮਣੇ ਆਏ ਹਨ। ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 4 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 4 ਵਿੱਚੋਂ 3 ਮਰੀਜ਼ ਖੰਨਾ ਖੇਤਰ ਨਾਲ ਸੰਬੰਧਤ ਹਨ, ਜਦਕਿ ਇੱਕ ਸਥਾਨਕ ਛਾਉਣੀ ਮੁਹੱਲੇ ਨਾਲ ਸੰਬੰਧਤ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 7688 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 7372 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 7084 ਨਤੀਜੇ ਨੈਗੇਟਿਵ ਆਏ ਹਨ, ਜਦਕਿ 316 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 198 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 90 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਿਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 8 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਤੇ 6 ਹੋਰ ਜ਼ਿਲ੍ਹਿਆਂ ਨਾਲ ਸਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 149 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ 6962 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1596 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 97 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।