ਜਲੰਧਰ, 10 ਜਨਵਰੀ | ਪੰਜਾਬ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅੱਜ ਜਲੰਧਰ ਦੇ ਸਿਵਲ ਹਸਪਤਾਲ ਵਿਚ ਸਥਿਤੀ ਦਾ ਜਾਇਜ਼ਾ ਲੈਣ ਪੁੱਜੇ। ਜਿੱਥੇ ਉਨ੍ਹਾਂ ਹਸਪਤਾਲ ‘ਚ ਡਿਊਟੀ ‘ਤੇ ਮੌਜੂਦ ਡਾਕਟਰਾਂ ਨਾਲ ਮੁਲਾਕਾਤ ਕੀਤੀ ਅਤੇ ਮਰੀਜ਼ਾਂ ਦੀਆਂ ਮੁਸ਼ਕਲਾਂ ਨੂੰ ਸਮਝਿਆ।
ਇਸ ਦੌਰਾਨ ਉਨ੍ਹਾਂ ਦੇ ਨਾਲ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ, ਸ਼ਹਿਰ ਦੇ ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਅਤੇ ਹੋਰ ਅਧਿਕਾਰੀ ਅਤੇ ਆਗੂ ਵੀ ਮੌਜੂਦ ਸਨ। ਦੌਰੇ ਤੋਂ ਬਾਅਦ ਉਨ੍ਹਾਂ ਸਿਵਲ ਸਰਜਨ ਅਤੇ ਹੋਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ।
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੇਰੇ ਸੀਨੀਅਰ ਆਗੂਆਂ ਨੇ ਮੈਨੂੰ ਪੰਜਾਬ ਦੇ ਸਿਵਲ ਹਸਪਤਾਲਾਂ ਦੀ ਜ਼ਿੰਮੇਵਾਰੀ ਸੰਭਾਲਣ ਦੀ ਜ਼ਿੰਮੇਵਾਰੀ ਦਿੱਤੀ ਸੀ। ਅਸੀਂ ਲੁਧਿਆਣਾ ਦੇ ਸਿਵਲ ਹਸਪਤਾਲ ਦਾ ਕੰਮ ਲਗਭਗ ਪੂਰਾ ਕਰ ਲਿਆ ਹੈ।
ਜਲੰਧਰ ਦੇ ਸਿਵਲ ਹਸਪਤਾਲ ਦਾ ਕੰਮ ਵੀ ਜ਼ੋਰਾਂ ‘ਤੇ ਚੱਲ ਰਿਹਾ ਹੈ। ਤੀਜਾ ਅੰਮ੍ਰਿਤਸਰ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੇ ਸਿਵਲ ਹਸਪਤਾਲ ਦੇ ਸਾਰੇ ਕੰਮ ਨਵੇਂ ਸਿਰੇ ਤੋਂ ਕੀਤੇ ਜਾਣਗੇ। ਵਾਰਡਾਂ ਤੋਂ ਲੈ ਕੇ ਬਾਥਰੂਮ ਤੱਕ ਨਵੇਂ ਬਣਾਏ ਜਾਣਗੇ। ਨਾਲ ਹੀ ਨਵਾਂ ਸੀਵਰੇਜ ਸਿਸਟਮ ਵੀ ਲਗਾਇਆ ਜਾਵੇਗਾ। ਐਮਰਜੈਂਸੀ ਵਾਰਡ ਨੂੰ ਵੀ ਵੱਡਾ ਕੀਤਾ ਜਾਵੇਗਾ। ਸਿਵਲ ਹਸਪਤਾਲ ਜਲੰਧਰ ਵਿਚ ਚਾਰ ਨਵੇਂ ਆਪਰੇਸ਼ਨ ਥੀਏਟਰ ਬਣਾਏ ਜਾਣਗੇ।
ਇਸ ਤੋਂ ਇਲਾਵਾ ਸਿਵਲ ਹਸਪਤਾਲ ਵਿਚ ਜਿਹੜੀਆਂ ਚੀਜ਼ਾਂ ਦੀ ਘਾਟ ਹੈ, ਉਨ੍ਹਾਂ ਨੂੰ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ‘ਚ ਇਸ ਸਮੇਂ ਕਈ ਦਵਾਈਆਂ ਉਪਲਬਧ ਨਹੀਂ ਹਨ, ਹਸਪਤਾਲ ‘ਚ ਹੀ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।






































