ਚੰਡੀਗੜ੍ਹ : ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਦੇ 2017 ਦੇ ਚੋਣ ਮੈਨੀਫੈਸਟੋ ਵਿੱਚ ਦਰਸਾਏ 562 ਵਾਅਦਿਆਂ ਵਿੱਚੋਂ 435 ਪੂਰੇ ਕਰ ਦਿੱਤੇ ਹਨ। ਆਪਣੇ ਮੌਜੂਦਾ ਕਾਰਜਕਾਲ ਦੌਰਾਨ ਬਾਕੀ ਰਹਿੰਦੇ ਵਾਅਦਿਆਂ ਨੂੰ ਵੀ ਪੂਰਾ ਕਰਨ ਦੇ ਰਾਹ ਉੱਤੇ ਤੇਜ਼ੀ ਨਾਲ ਕਾਂਗਰਸ ਸਰਕਾਰ ਅੱਗੇ ਵਧ ਰਹੀ ਹੈ।


ਮੁੱਖ ਮੰਤਰੀ ਮੰਗਲਵਾਰ ਨੂੰ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਅਤੇ ਟੀਮ ਨਾਲ ਲਾਇਵ ਗੱਲਬਾਤ ਕਰ ਰਹੇ ਸਨ। ਲਾਇਵ ਗੱਲਬਾਤ ਦੌਰਾਨ ਕੈਪਟਨ ਨੇ ਇਹ ਦਾਅਵਾ ਕੀਤਾ ਹੈ। ਹਾਲਾਂਕਿ ਉਨ੍ਹਾਂ ਸਰਕਾਰ ਵੱਲੋਂ ਪੂਰੇ ਕੀਤੇ ਵਾਅਦਿਆਂ ਬਾਰੇ ਤਫਸੀਲ ਵਿੱਚ ਕੁੱਝ ਨਹੀਂ ਦੱਸਿਆ।


ਸਮਾਰਟ ਫੋਨਾਂ ਦੇ ਵਾਅਦੇ ਨੂੰ ਪੂਰਾ ਕੀਤੇ ਜਾਣ ਸਬੰਧੀ ਹੋ ਰਹੀ ਦੇਰੀ ਬਾਬਤ ਯੂਥ ਕਾਂਗਰਸ ਦੇ ਪ੍ਰਤੀਨਿਧੀਆਂ ਵੱਲੋਂ ਪ੍ਰਗਟਾਏ ਜਾ ਰਹੇ ਖਦਸ਼ਿਆਂ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 50 ਹਜ਼ਾਰ ਸਮਾਰਟ ਫੋਨਾਂ ਦੀ ਪਹਿਲੀ ਖੇਪ ਕੰਪਨੀ ਵੱਲੋਂ ਆ ਚੁੱਕੀ ਹੈ। ਇਹ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਇਨ੍ਹਾਂ ਦਾ ਚੀਨ ਨਾਲ ਕੋਈ ਸਬੰਧ ਨਹੀਂ ਹੈ। ਇਹ ਫੋਨ ਪਹਿਲਾਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ ਅਤੇ ਉਨ੍ਹਾਂ ਨੂੰ ਤਰਜੀਹ ਦਿੱਤੀ ਜਾਵੇਗੀ ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ ਤਾਂ ਜੋ ਕੋਵਿਡ ਸੰਕਟ ਦੌਰਾਨ ਆਨ-ਲਾਈਨ ਪੜ੍ਹਾਈ ਵਿੱਚ ਕੋਈ ਵਿਘਨ ਨਾ ਪਵੇ।