ਜਲੰਧਰ, 23 ਅਕਤੂਬਰ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲੇ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖਰੀਦ, ਸਮੇਂ-ਸਿਰ ਅਦਾਇਗੀ ਅਤੇ ਨਾਲੋ-ਨਾਲ ਲਿਫਟਿੰਗ ਸਬੰਧੀ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਸਬੰਧਿਤ ਅਧਿਕਾਰੀਆਂ ਤੋਂ ਜਾਇਜ਼ਾ ਲਿਆ ਜਾ ਰਿਹਾ ਹੈ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ ਖ਼ਰੀਦ ਕੀਤੇ ਗਏ ਝੋਨੇ ਦੀ 500 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 258354 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 252709 ਮੀਟ੍ਰਿਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਸਾਰੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਹੁਣ ਤੱਕ 38612 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਝੋਨੇ ਦੀ ਲਿਫਟਿੰਗ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ, ਜਿਸ ਸਬੰਧੀ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਵਿਚ ਦੇਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਣਗਹਿਲੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਸੁਚੱਜੇ ਅਤੇ ਅਸਰਦਾਰ ਢੰਗ ਨਾਲ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਬੰਧਿਤ ਐਸ.ਡੀ.ਐਮਜ਼ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ’ਤੇ ਬਾਰੀਕੀ ਨਾਲ ਨਿਗ੍ਹਾ ਰੱਖਣ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਡਾ. ਅਗਰਵਾਲ ਨੇ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸਾਸ਼ਨ ਕੋਈ ਕਮੀ ਨਹੀਂ ਰਹਿਣ ਦੇਵੇਗਾ।