ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਤਰਨਤਾਰਨ ਦੇ ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ ਪਹਿਲੀ ਕਿਸ਼ਤ ਵਜੋਂ 55.65 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਬਾਲ ਘਰ ਦੀ ਉਸਾਰੀ ਨਾਲ ਜ਼ਿਲ੍ਹੇ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੇ ਲੋੜਵੰਦ ਬੱਚਿਆਂ ਨੂੰ ਆਸਰਾ ਮਿਲੇਗਾ। ਤਰਨਤਾਰਨ ਵਿਚ ਬਾਲ ਘਰ ਨਾ ਹੋਣ ਕਾਰਣ ਲੋੜਵੰਦ ਬੱਚਿਆਂ ਦੀ ਦੇਖ-ਰੇਖ ਵਿਚ ਔਕੜਾਂ ਆ ਰਹੀਆਂ ਸਨ।
ਕੈਬਨਿਟ ਮੰਤਰੀ ਨੇ ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਵਿਚ ਤੇਜ਼ੀ ਲਿਆਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਕੰਮਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।






































