ਚੰਡੀਗੜ੍ਹ| ਕਾਂਗਰਸ ਦੇ ਇਕ ਹੋਰ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਦੇ ਖਿਲਾਫ਼ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਆਰੰਭ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਦੀ ਟੀਮ ਵੱਲੋਂ ਇਸ ਸਾਬਕਾ ਮੰਤਰੀ ਖ਼ਿਲਾਫ਼ ਸਰੋਤਾਂ ਤੋਂ ਜ਼ਿਆਦਾ ਆਮਦਨੀ ਦੇ ਮਾਮਲੇ ਵਿੱਚ ਜਾਂਚ-ਪੜਤਾਲ ਆਰੰਭੀ ਗਈ ਹੈ।
ਵਿਜੀਲੈਂਸ ਦੀ ਇਸ ਕਾਰਵਾਈ ਸਬੰਧੀ ਕੋਈ ਵੀ ਟਿੱਪਣੀ ਕਰਨ ਤੋਂ ਸਿੰਗਲਾ ਨੇ ਇਨਕਾਰ ਕਰ ਦਿੱਤਾ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਇਸ ਮੰਤਰੀ ਦੇ ਅਸਾਸਿਆਂ ਸਬੰਧੀ ਤੱਥ ਇਕੱਤਰ ਕੀਤੇ ਜਾ ਰਹੇ ਹਨ ਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਵਿਜੈਇੰਦਰ ਸਿੰਗਲਾ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀਆਂ ਦੋਵੇਂ ਕਾਂਗਰਸ ਸਰਕਾਰਾਂ ਸਮੇਂ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਰਹੇ ਹਨ।
ਵਿਜੀਲੈਂਸ ਦੀ ਇਸ ਕਾਰਵਾਈ ਤੋਂ ਬਾਅਦ ਕਾਂਗਰਸ ਦਾ ਇਹ ਪੰਜਵਾਂ ਸਾਬਕਾ ਮੰਤਰੀ ਹੈ ਜੋ ਵਿਜੀਲੈਂਸ ਦੇ ਨਿਸ਼ਾਨੇ ’ਤੇ ਆ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਭੂਸ਼ਨ ਆਸ਼ੂ, ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜ਼ੀਆਂ ਅਤੇ ਸੁੰਦਰ ਸ਼ਾਮ ਅਰੋੜਾ ਦੇ ਖਿਲਾਫ਼ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਸੂਤਰਾਂ ਦਾ ਦੱਸਣਾ ਹੈ ਕਿ ਸੱਤਾ ਤਬਦੀਲੀ ਤੋਂ ਬਾਅਦ ਸਾਬਕਾ ਲੋਕ ਨਿਰਮਾਣ ਮੰਤਰੀ ਦੇ ਖਿਲਾਫ਼ ਕਈ ਤਰ੍ਹਾਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ ਤੇ ਸਾਰੀਆਂ ਸ਼ਿਕਾਇਤਾਂ ਦਾ ਨਿਰੀਖਣ ਕਰਨ ਤੋਂ ਬਾਅਦ ਵਿਜੀਲੈਂਸ ਜਾਂਚ ਦਰਜ ਕਰਕੇ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲੇ ਦੀ ਜਾਂਚ ਆਰੰਭ ਕੀਤੀ ਗਈ ਸੀ।