ਚੰਡੀਗੜ. ਪੰਜਾਬ ਸਰਕਾਰ ਵੱਲੋਂ ਪੰਜਾਬ ਸਲੱਮ ਡਵੈਲਰਜ਼ (ਮਲਕੀਅਤੀ ਅਧਿਕਾਰ) ਐਕਟ, 2020 ਲਾਗੂ ਕਰਨ ਨਾਲ ਸੂਬੇ ਭਰ ਦੇ ਲਗਭਗ 60,000 ਝੁੱਗੀ ਝੌਂਪੜੀ ਵਾਲਿਆਂ ਨੂੰ ਮਲਕੀਅਤੀ ਅਧਿਕਾਰਾਂ ਦੇ ਨਾਲ ਨਾਲ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮਿਲਣਗੀਆਂ। ਬੁਲਾਰੇ ਅਨੁਸਾਰ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਇਹ ਕਾਨੂੰਨ ਸ਼ਹਿਰੀ ਝੁੱਗੀਆਂ ਝੌਂਪੜੀਆਂ ਵਾਲੇ ਖੇਤਰਾਂ ਦੀ ਨੁਹਾਰ ਬਦਲ ਦੇਵੇਗਾ। ਜਿਸ ਨਾਲ ਸ਼ਹਿਰਾਂ ਦੇ ਟਿਕਾਊ ਵਿਕਾਸ ਨੂੰ ਹੱਲਾਸ਼ੇਰੀ ਮਿਲੇਗੀ। ਬੁਲਾਰੇ ਨੇ ਕਿਹਾ ਕਿ ਸੂਬਾ ਸਰਕਾਰ ਨੇ ਝੁੱਗੀ-ਝੌਂਪੜੀ ਵਾਲਿਆਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਬੇਦਖਲ ਕਰਨ ਦੀ ਮਹਿੰਗੀ ਅਤੇ ਬੋਝਲ ਪ੍ਰਕਿਰਿਆ ਨੂੰ ਚੁਣਨ ਦੀ ਬਜਾਏ  ਉਨਾਂ ਲਈ ਨਾਗਰਿਕ ਸਹੂਲਤਾਂ ਨੂੰ ਯਕੀਨੀ ਬਣਾਉਣ ਸਬੰਧੀ ਕਾਨੂੰਨ ਲਿਆਉਣ ਦਾ ਫੈਸਲਾ ਕੀਤਾ ਸੀ। ਇਸ ਸਮੇਂ ਰਾਜ ਦੇ 29 ਸ਼ਹਿਰਾਂ ਵਿਚ ਲਗਭਗ 60,000 ਝੁੱਗੀ-ਝੌਂਪੜੀ  ਵਾਸੀ 89 ਝੁੱਗੀਆਂ ਵਿਚ ਰਹਿ ਰਹੇ ਹਨ।
ਬੁਲਾਰੇ ਨੇ ਕਿਹਾ ਕਿ ਇਹ ਕਾਨੂੰਨ ਝੁੱਗੀ ਝੌਂਪੜੀ ਵਾਲਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਵਿਚ ਬਹੁਤ ਸਹਾਈ ਸਿੱਧ ਹੋਵੇਗਾ। ਬੁਲਾਰੇ ਨੇ ਕਿਹਾ ਕਿ ਨਵਾਂ ਕਾਨੂੰਨ ਕਿਸੇ ਵੀ ਸ਼ਹਿਰੀ ਖੇਤਰ ਵਿਚ ਝੁੱਗੀ ਵਿੱਚ ਰਹਿਣ ਵਾਲਿਆਂ ਨੂੰ ਉਨਾਂ ਦੇ ਕਬਜ਼ੇ ਹੇਠਲੀ ਜ਼ਮੀਨ ’ਤੇ ਵਸਣ ਦਾ ਅਧਿਕਾਰ ਦੇਵੇਗਾ। ਜੇ ਜ਼ਮੀਨ ਦੇ ਉਸੇ ਟੁਕੜੇ ‘ਤੇ ਉਨਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣਾ ਸੰਭਵ ਨਾ ਹੋਇਆ ਤਾਂ ਝੁੱਗੀ ਝੌਂਪੜੀ ਵਾਲਿਆਂ ਨੂੰ ਰਾਜ ਸਰਕਾਰ ਦੁਆਰਾ ਪਛਾਣ ਕੀਤੇ ਅਨੁਸਾਰ ਬਦਲਵੀਂ ਜ਼ਮੀਨ ’ਤੇ ਸੈਟਲ ਕਰ ਦਿੱਤਾ ਜਾਵੇਗਾ।
 ਬੁਲਾਰੇ ਅਨੁਸਾਰ ਸਬੰਧਤ ਨਗਰ ਪਾਲਿਕਾਵਾਂ ਵੱਲੋਂ ਇੱਕ ਮਤੇ ਰਾਹੀਂ ਇਸ ਕਾਨੂੰਨ ਨੂੰ ਅਪਣਾਉਣ ਤੋਂ ਬਾਅਦ ਝੁੱਗੀਆਂ ਝੌਂਪੜੀ ਵਾਲਿਆਂ ਦੀ ਸੈਟਲਮੈਂਟ ਦੇ ਨਾਲ ਹੀ ਉਨਾਂ ਨੂੰ ਜ਼ਮੀਨ ਦਾ ਮਾਲਕਾਨਾ ਹੱਕ ਮਿਲ ਜਾਵੇਗਾ। ਐਕਟ ਦੇ ਅਨੁਸਾਰ, ਝੁੱਗੀ ਝੌਂਪੜੀ ਵਾਲਿਆਂ ਨੂੰ ਜ਼ਮੀਨ ਦੇ ਮਾਲਕੀ ਅਧਿਕਾਰ ਵਿਰਾਸਤ ਵਿੱਚ ਮਿਲਣਗੇ ਪਰ 30 ਸਾਲਾਂ ਲਈ ਤਬਦੀਲ ਨਹੀਂ ਕੀਤੇ ਜਾ ਸਕਣਗੇ।  
ਇਸ ਐਕਟ ਦੀ ਇਕ ਖ਼ਾਸ ਵਿਸ਼ੇਸ਼ਤਾ ਇਹ ਹੈ ਕਿ ਜੇ ਵਿਆਹ ਹੋਇਆ ਹੈ ਤਾਂ ਉਸ ਕੇਸ ਵਿੱਚ ਜ਼ਮੀਨ ਦੇ ਮਾਲਕਾਨਾ ਹੱਕ ਦੋਵੇਂ ਪਤੀ-ਪਤਨੀ ਦੇ ਸਾਂਝੇ ਨਾਮ ‘ਤੇ ਤਬਦੀਲ ਕੀਤੇ ਜਾਣਗੇ। ਇਸ ਤੋਂ ਇਲਾਵਾ, ਐਕਟ ਦੇ ਅਨੁਸਾਰ ਜੇਕਰ ਇਸ ਵੇਲੇ ਝੁੱਗੀ-ਝੌਂਪੜੀ ਵਾਲਿਆਂ ਦੇ ਕਬਜ਼ੇ ਹੇਠਲੀ ਜ਼ਮੀਨ, ਸਰਕਾਰ ਜਾਂ ਇਸ ਦੇ ਕਾਨੂੰਨੀ ਬੋਰਡ ਜਾਂ ਕਾਰਪੋਰੇਸ਼ਨ ਦੀ ਹੈ ਤਾਂ ਸਰਕਾਰ ਦੀ ਸਹਿਮਤੀ ਤੋਂ ਬਾਅਦ ਉਨਾਂ ਨੂੰ ਉੱਥੇ ਵਸਾਇਆ ਜਾ ਸਕੇਗਾ। ਝੁੱਗੀ ਝੌਂਪੜੀ ਵਾਲਿਆਂ ਲਈ  ਸਮੁੱਚੀ ਪ੍ਰਕਿਰਿਆ ਨੂੰ ਪਰੇਸ਼ਾਨੀ-ਮੁਕਤ ਕਰਨ ਲਈ, ਐਕਟ ਤਹਿਤ ਵੱਡੀ ਗਿਣਤੀ ਵਿਚ ਦਸਤਾਵੇਜ਼ ਢੁਕਵੇਂ ਮੰਨੇ ਗਏ ਹਨ, ਤਾਂ ਜੋ ਵਸਨੀਕਾਂ ਨੂੰ ਜ਼ਮੀਨ ਦੇ ਕਬਜ਼ੇ ਦੇ ਸਬੂਤ ਮੁਹੱਈਆ ਕਰਵਾਏ ਜਾ ਸਕਣ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।