ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ

• ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਕਰਮਚਾਰੀ ਤੇ ਹੋਰਾਂ ਦੀ ਮਿਲੀਭਗਤ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

• ਸੁਖਬੀਰ ਨੂੰ ਦੁਖਦਾਇਕ ਘਟਨਾ ‘ਤੇ ਸਿਆਸਤ ਨਾ ਕਰਨ ਲਈ ਆਖਿਆ, ਸਾਲ 2012 ਅਤੇ 2016 ਵਿੱਚ ਅਕਾਲੀ-ਭਾਜਪਾ ਸ਼ਾਸਨਕਾਲ ਦੌਰਾਨ ਵੀ ਵਾਪਰੀਆਂ ਅਜਿਹੀਆਂ ਘਟਨਾਵਾਂ ਦਾ ਜ਼ਿਕਰ ਕੀਤਾ

ਚੰਡੀਗੜ੍ਹ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਕਲੀ ਸ਼ਰਾਬ ਕਾਰਨ ਵਾਪਰੀ ਦੁਖਦਾਇਕ ਘਟਨਾ ‘ਚ ਅੱਜ 7 ਆਬਕਾਰੀ ਤੇ ਕਰ ਅਧਿਕਾਰੀ ਤੇ ਇੰਸਪੈਕਟਰ ਅਤੇ ਪੰਜਾਬ ਪੁਲੀਸ ਦੇ ਦੋ ਡੀ.ਐਸ.ਪੀਜ਼. ਅਤੇ ਚਾਰ ਐਸ.ਐਚ.ਓਜ਼. ਨੂੰ ਮੁਅੱਤਲ ਕਰਕੇ ਇਨ•ਾਂ ਖਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ। ਇਸ ਘਟਨਾ ਵਿੱਚ ਤਿੰਨ ਜ਼ਿਲ੍ਹਿਆਂ ਤਰਨ ਤਾਰਨ, ਅੰਮ੍ਰਿਤਸਰ ਦਿਹਾਤੀ ਅਤੇ ਗੁਰਦਾਸਪੁਰ ਵਿੱਚ ਹੁਣ ਤੱਕ 82 ਵਿਅਕਤੀਆਂ ਦੀ ਜਾਨ ਚਲੀ ਗਈ।

ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਬਹੁਤੇ ਤਰਨ ਤਾਰਨ ਨਾਲ ਸਬੰਧਤ ਹਨ ਜਿੱਥੇ 63 ਮੌਤਾਂ ਹੋਈਆਂ ਹਨ ਜਦਕਿ ਅੰਮ੍ਰਿਤਸਰ ਦਿਹਾਤੀ ਵਿੱਚ 12 ਅਤੇ ਗੁਰਦਾਸਪੁਰ (ਬਟਾਲਾ) ਵਿੱਚ 11 ਮੌਤਾਂ ਹੋਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਸਰਕਾਰੀ ਕਰਮਚਾਰੀ ਜਾਂ ਹੋਰਾਂ ਦੀ ਮਿਲੀਭੁਗਤ ਸਾਹਮਣੇ ਆਉਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਨਕਲੀ ਸ਼ਰਾਬ ਬਣਾਉਣ ਅਤੇ ਵੇਚਣ ਨੂੰ ਰੋਕਣ ਵਿੱਚ ਪੁਲੀਸ ਅਤੇ ਆਬਕਾਰੀ ਵਿਭਾਗ ਦੀ ਨਾਕਾਮੀ ਨੂੰ ਸ਼ਰਮਨਾਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸਾਡੇ ਲੋਕਾਂ ਨੂੰ ਜ਼ਹਿਰ ਪਿਲਾਉਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਸ ਮਾਮਲੇ ਵਿੱਚ ਸ਼ਾਮਲ ਸਾਰੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦਾ ਤਹੱਈਆ ਕਰਦਿਆਂ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਜਿਹੜਾ ਵੀ ਨਕਲੀ ਸ਼ਰਾਬ ਵੇਚਣ ਦੇ ਧੰਦੇ ਵਿੱਚ ਸ਼ਾਮਲ ਹੈ, ਉਹ ਇਸ ਨੂੰ ਤੁਰੰਤ ਬੰਦ ਕਰ ਦੇਵੇ ਜਾਂ  ਫੇਰ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲੀਸ ਨੂੰ ਦੋਸ਼ੀਆਂ ਦੀ ਭਾਲ ਕਰਨ ਅਤੇ ਇਸ ਕੇਸ ਵਿੱਚ ਸ਼ਾਮਲ ਸਾਰੇ ਵਿਅਕਤੀਆਂ ‘ਤੇ ਦੋਸ਼ ਆਇਦ ਦੇ ਹੁਕਮ ਦਿੱਤੇ ਹਨ। ਇਸ ਕੇਸ ਵਿੱਚ ਉਨ੍ਹਾਂ ਨੇ ਬੀਤੇ ਦਿਨ ਹੀ ਡਵੀਜ਼ਨ ਕਮਿਸ਼ਨਰ ਨੂੰ ਮੈਜਿਸਟ੍ਰੀਅਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਜਿਨ•ਾਂ ਨੂੰ ਇਕ ਮਹੀਨੇ ਦੇ ਵਿੱਚ ਆਪਣੀ ਰਿਪੋਰਟ ਸੌਂਪਣ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗੈਰ-ਕਾਨੂੰਨੀ ਕਾਰਵਾਈਆਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਦੀ ਜ਼ਿੰਦਗੀ ਬੇਸ਼ਕੀਮਤੀ ਹੈ ਅਤੇ ਕੁਝ ਅਪਰਾਧੀਆਂ ਦੀ ਲਾਲਸਾ ਦੀ ਭੁੱਖ ਮਿਟਾਉਣ ਲਈ ਉਹ ਲੋਕਾਂ ਨੂੰ ਮੌਤ ਦੇ ਮੂੰਹ ਵਿੱਚ ਨਹੀਂ ਪੈਣ ਦੇਣਗੇ।

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਸ ਦੁਖਦਾਇਕ ਘਟਨਾ, ਜਿਸ ਵਿੱਚ ਬਹੁਤ ਸਾਰੇ ਪਰਿਵਾਰ ਬਰਬਾਦ ਹੋ ਗਏ ਹਨ,  ਦਾ ਸਿਆਸੀਕਰਨ ਨਾ ਕਰਨ ਦੀ ਅਪੀਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ-ਭਾਜਪਾ ਦੇ ਸ਼ਾਸਨਕਾਲ ਸਮੇਤ ਪਹਿਲਾਂ ਵੀ ਅਜਿਹੇ ਮਾਮਲੇ ਵਾਪਰੇ ਹਨ। ਸਾਲ 2012 ਅਤੇ ਸਾਲ 2016 ਵਿੱਚ ਕ੍ਰਮਵਾਰ ਗੁਰਦਾਸਪੁਰ ਅਤੇ ਬਟਾਲਾ ਵਿੱਚ ਵੀ ਅਜਿਹੀਆਂ ਹੀ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਵਿੱਚ ਵੀ ਕਈ ਜਾਨਾਂ ਗਈਆਂ ਸਨ ਅਤੇ ਬਟਾਲਾ ਕੇਸ ਵਿੱਚ ਤਾਂ ਐਫ.ਆਈ.ਆਰ. ਵੀ ਦਰਜ ਨਹੀਂ ਹੋਈ ਸੀ ਅਤੇ ਨਾ ਹੀ ਮੁੱਖ ਦੋਸ਼ੀ ਖਿਲਾਫ਼ ਕੋਈ ਕਾਰਵਾਈ ਕੀਤੀ ਗਈ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਜਾਂ ਨਾਜਾਇਜ਼ ਸ਼ਰਾਬ ਪੀਣ ਨਾਲ ਇਕ ਵੀ ਪੰਜਾਬੀ ਦੀ ਮੌਤ ਮੰਦਭਾਗੀ ਹੈ। ਉਨ੍ਹਾਂ ਕਿਹਾ,”ਮੇਰੇ ਲਈ ਹਰੇਕ ਪੰਜਾਬੀ ਦੀ ਜ਼ਿੰਦਗੀ ਮਹੱਤਵਪੂਰਨ ਹੈ।”

ਫੇਸਬੁੱਕ ‘ਤੇ ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ 13ਵੀਂ ਲੜੀ ਦੌਰਾਨ ਮੁੱਖ ਮੰਤਰੀ ਨੇ ਆਬਕਾਰੀ ਤੇ ਕਰ ਅਧਿਕਾਰੀ (ਈ.ਟੀ.ਓਜ਼) ਦੀ ਮੁਅੱਤਲੀ ਦਾ ਐਲਾਨ ਕੀਤਾ ਜਿਨ੍ਹਾਂ ਵਿੱਚ ਗੁਰਦਾਸਪੁਰ ਤੋਂ ਲਵਜਿੰਦਰ ਬਰਾੜ, ਅੰਮ੍ਰਿਤਸਰ ਤੋਂ ਬੀ.ਐਸ. ਚਾਹਲ ਅਤੇ ਤਰਨ ਤਾਰਨ ਤੋਂ ਮਧੁਰ ਭਾਟੀਆ ਸ਼ਾਮਲ ਹਨ। ਇਸੇ ਤਰ੍ਹਾਂ ਆਬਕਾਰੀ ਤੇ ਕਰ ਇੰਸਪੈਕਟਰਾਂ ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ, ਵਿੱਚ ਰਵੀ ਕੁਮਾਰ (ਗੁਰਦਾਸਪੁਰ), ਗੁਰਦੀਪ ਸਿੰਘ (ਅੰਮ੍ਰਿਤਸਰ) ਅਤੇ ਫਤਹਿਬਾਦ ਤੋਂ ਪੁਖਰਾਜ ਅਤੇ ਤਰਨ ਤਾਰਨ ਜਿਲ੍ਹੇ ਵਿੱਚ ਤਰਨ ਤਾਰਨ ਸਿਟੀ ਤੋਂ ਹਿਤੇਸ਼ ਪ੍ਰਭਾਕਰ ਸ਼ਾਮਲ ਹਨ।

ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ਾਂ ਹੇਠ ਮੁਅੱਤਲ ਕੀਤੇ ਪੁਲੀਸ ਅਧਿਕਾਰੀਆਂ ਵਿੱਚ ਡੀ.ਐਸ.ਪੀ. ਜੰਡਿਆਲਾ (ਅੰਮ੍ਰਿਤਸਰ ਦਿਹਾਤੀ) ਤੇ ਡੀ.ਐਸ.ਪੀ. ਸਬ-ਡਵੀਜ਼ਨ ਤਰਨ ਤਾਰਨ ਤੋਂ ਇਲਾਵਾ ਥਾਣਾ ਤਰਸਿੱਕਾ (ਅੰਮ੍ਰਿਤਸਰ ਦਿਹਾਤੀ), ਸਿਟੀ ਬਟਾਲਾ (ਬਟਾਲਾ ਪੁਲੀਸ ਜ਼ਿਲ੍ਹਾ), ਥਾਣਾ ਸਦਰ ਤਰਨ ਤਾਰਨ ਅਤੇ ਥਾਣਾ ਸਿਟੀ ਤਰਨ ਤਾਰਨ ਦੇ ਐਸ.ਐਚ.ਓਜ਼ ਸ਼ਾਮਲ ਹਨ।