ਲੁਧਿਆਣਾ, 28 ਜੂਨ | ਗਿੱਲ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਵਿੱਚ ਸ਼ਮੂਲੀਅਤ ਕਰ ਲਈ। ਉਨ੍ਹਾਂ ਨੂੰ ਪਾਰਟੀ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਹਾਲ ਹੀ ਵਿੱਚ ਮਨਪ੍ਰੀਤ ਇਆਲੀ ਵੀ ਇਸ ਜਥੇਬੰਦੀ ਨਾਲ ਜੁੜੇ ਸਨ।
ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਉਹ ਅੱਜ ਤੋਂ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਿੱਚ ਸ਼ਮੂਲੀਅਤ ਤੋਂ ਬਾਅਦ ਮੀਡੀਆ ਨਾਲ ਵਿਸਥਾਰ ਵਿੱਚ ਗੱਲਬਾਤ ਕਰਕੇ ਆਪਣੇ ਸਿਆਸੀ ਏਜੰਡੇ ਅਤੇ ਭਵਿੱਖ ਦੀ ਰਣਨੀਤੀ ਬਾਰੇ ਜਾਣਕਾਰੀ ਦੇਣਗੇ।
ਇਸ ਦੌਰਾਨ ਮਨਪ੍ਰੀਤ ਸਿੰਘ ਇਆਲੀ ਨੇ ਦਾਅਵਾ ਕੀਤਾ ਕਿ ਰਵਾਇਤੀ ਸ਼੍ਰੋਮਣੀ ਅਕਾਲੀ ਦਲ ਤੋਂ ਲੋਕਾਂ ਦਾ ਵਿਸ਼ਵਾਸ ਉੱਠ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਹੀ ਇਸ ਵੇਲੇ ਸਿੱਖ ਕੌਮ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਰਿਹਾ ਹੈ।
ਮਨਪ੍ਰੀਤ ਇਆਲੀ ਨੇ ਉੱਤਰਾਖੰਡ ਵਿੱਚ ਵਾਪਰੀ ਇੱਕ ਹਾਲੀਆ ਘਟਨਾ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਉਸ ਮੌਕੇ ਉਨ੍ਹਾਂ ਦੀ ਜਥੇਬੰਦੀ ਦੇ ਆਗੂ ਹੀ ਉੱਥੇ ਪਹੁੰਚੇ ਅਤੇ ਸੰਬੰਧਤ ਨੌਜਵਾਨਾਂ ਦੀ ਕਾਨੂੰਨੀ ਮਦਦ ਕਰਕੇ ਉਨ੍ਹਾਂ ਨੂੰ ਵਾਪਸ ਪੰਜਾਬ ਲਿਆਂਦਾ ਗਿਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਅਕਾਲੀ ਦਲ ਵਾਰਸ ਪੰਜਾਬ ਦਾ ਸਮਰਥਨ ਕਰਨਗੇ।
ਉਨ੍ਹਾਂ ਅੱਗੇ ਕਿਹਾ ਕਿ ਕਈ ਹੋਰ ਆਗੂ ਅਤੇ ਵਰਕਰ ਵੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਇੱਛੁਕ ਹਨ, ਪਰ ਪਾਰਟੀ ਸੋਚ-ਵਿਚਾਰ ਤੋਂ ਬਾਅਦ ਹੀ ਨਵੇਂ ਮੈਂਬਰਾਂ ਨੂੰ ਸ਼ਾਮਲ ਕਰੇਗੀ।






































