ਰਾਤੋਂ-ਰਾਤ ਅਮੀਰ ਬਣਨ ਦੇ ਚੱਕਰ ‘ਚ ਬਣੇ ਵਾਹਨ ਚੋਰ, 19 ਬਾਈਕ ਬਰਾਮਦ

0
10

ਬਠਿੰਡਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤੇ 19 ਮੋਟਰਸਾਈਕਲ ਅਤੇ ਇੱਕ ਐਕਟਿਵਾ ਸਕੂਟੀ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਮੁਲਜ਼ਮ ਪਿਛਲੇ 2-3 ਮਹੀਨਿਆਂ ਤੋਂ ਬਠਿੰਡਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਵਾਹਨ ਚੋਰੀ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਸਸਤੇ ਭਾਅ ‘ਤੇ ਅੱਗੇ ਵੇਚ ਦਿੰਦੇ ਸਨ।

ਡੀਐਸਪੀ ਇਨਵੈਸਟੀਗੇਸ਼ਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਆਈਏ ਸਟਾਫ-1 ਦੀ ਟੀਮ ਬਠਿੰਡਾ ਦੇ ਗ੍ਰੋਥ ਸੈਂਟਰ ਇਲਾਕੇ ‘ਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ‘ਤੇ ਦੋ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਵੱਲੋਂ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਗੱਲ ਸਾਹਮਣੇ ਆਈ।

ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਵਾਂ ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਵੀ ਹੈ। ਜਾਂਚ ਦੌਰਾਨ ਉਨ੍ਹਾਂ ਦੀ ਨਿਸ਼ਾਨਦੇਹੀ ‘ਤੇ ਚੋਰੀ ਕੀਤੇ 19 ਮੋਟਰਸਾਈਕਲ ਅਤੇ ਇੱਕ ਐਕਟਿਵਾ ਸਕੂਟੀ ਬਰਾਮਦ ਕੀਤੀ ਗਈ ਹੈ।

ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਬਠਿੰਡਾ ਦੇ ਹੀ ਰਹਿਣ ਵਾਲੇ ਹਨ ਅਤੇ ਰਾਤੋਂ-ਰਾਤ ਪੈਸਾ ਕਮਾਉਣ ਦੀ ਲਾਲਚ ਵਿੱਚ ਚੋਰੀਆਂ ਕਰਦੇ ਸਨ। ਚੋਰੀ ਕੀਤੇ ਵਾਹਨ ਉਹ ਆਮ ਲੋਕਾਂ ਨੂੰ ਘੱਟ ਕੀਮਤ ‘ਤੇ ਵੇਚ ਦਿੰਦੇ ਸਨ ਅਤੇ ਕੁਝ ਵਾਹਨ ਕਬਾੜੀਆਂ ਨੂੰ ਵੀ ਦੇ ਦਿੰਦੇ ਸਨ।

ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰ ਲਿਆ ਹੈ। ਹੁਣ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਹੋਰ ਵਾਰਦਾਤਾਂ ਅਤੇ ਸਾਥੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।