ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਮਾਮਲੇ ਵਿੱਚ ਲੋਕਾਂ ਦੇ ਵਧਦੇ ਰੋਸ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਉੱਠ ਰਹੇ ਸਵਾਲਾਂ ਵਿਚਾਲੇ ਮਾਨਸਾ ਸਿਟੀ-2 ਥਾਣੇ ਦੀ ਐੱਸਐੱਚਓ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹਲਚਲ ਤੇਜ਼ ਹੋ ਗਈ ਹੈ।
ਇਸ ਦੇ ਨਾਲ ਹੀ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਵਿਰੁੱਧ ਵੀ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਮਾਮਲੇ ਵਿੱਚ ਅਗਲੀ ਕਾਰਵਾਈ ਲਈ ਸਿਫ਼ਾਰਸ਼ ਭੇਜੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ। ਇਸੇ ਮਾਮਲੇ ਨੂੰ ਲੈ ਕੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ।
ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਵਿਰੁੱਧ ਕੀ ਕਾਰਵਾਈ ਹੁੰਦੀ ਹੈ ਅਤੇ ਝੋਟਾ ਕਤਲ ਮਾਮਲੇ ਦੀ ਜਾਂਚ ਵਿੱਚ ਅੱਗੇ ਕੀ ਨਵੇਂ ਖੁਲਾਸੇ ਹੁੰਦੇ ਹਨ।








































