ਲੁਧਿਆਣਾ ਪਟਾਕਿਆਂ ਦੇ ਗੁਦਾਮ ’ਚ ਅੱਗ ਦਾ ਮਾਮਲਾ: 28 ਸਾਲਾ ਸਾਹਿਲ ਸਬਰਵਾਲ ਦਾ ਅੰਤਿਮ ਸਸਕਾਰ, ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ

0
44

ਲੁਧਿਆਣਾ, 31 ਅਕਤੂਬਰ | ਲੁਧਿਆਣਾ ਵਿੱਚ ਬੀਤੇ ਦਿਨੀਂ ਪਟਾਕਿਆਂ ਦੇ ਗੁਦਾਮ ਵਿੱਚ ਲੱਗੀ ਭਿਆਨਕ ਅੱਗ ਦੌਰਾਨ ਜਾਨ ਗੁਆਉਣ ਵਾਲੇ 28 ਸਾਲਾ ਨੌਜਵਾਨ ਸਾਹਿਲ ਸਬਰਵਾਲ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੀ ਮੌਜੂਦਗੀ ਵਿੱਚ ਪੂਰੇ ਰੀਤੀ-ਰਿਵਾਜਾਂ ਨਾਲ ਸਾਹਿਲ ਨੂੰ ਅੰਤਿਮ ਵਿਦਾਈ ਦਿੱਤੀ ਗਈ। ਇਸ ਮੌਕੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ ਅਤੇ ਉੱਥੇ ਮੌਜੂਦ ਹਰ ਵਿਅਕਤੀ ਦੀਆਂ ਅੱਖਾਂ ਨਮ ਨਜ਼ਰ ਆਈਆਂ।

ਇਸ ਮਾਮਲੇ ਨੂੰ ਲੈ ਕੇ ਸਿਆਸੀ ਆਗੂਆਂ ਵੱਲੋਂ ਵੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਭਾਜਪਾ ਆਗੂ ਗੁਰਦੇਵ ਸ਼ਰਮਾ ਦੇਬੀ ਨੇ ਮ੍ਰਿਤਕ ਦੇ ਚਾਚਾ ਗੋਲਡੀ ਸਬਰਵਾਲ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਗੋਲਡੀ ਸਬਰਵਾਲ ਦੀ ਸ਼ਹਿ ’ਤੇ ਘਰ ਦੀ ਤੀਜੀ ਮੰਜ਼ਿਲ ’ਤੇ ਵੱਡੀ ਮਾਤਰਾ ਵਿੱਚ ਪਟਾਕੇ ਰੱਖੇ ਗਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉੱਥੇ ਪਟਾਕੇ ਨਾ ਰੱਖੇ ਹੁੰਦੇ ਤਾਂ ਅੱਜ ਸਾਹਿਲ ਦੀ ਜਾਨ ਨਾ ਜਾਂਦੀ।

ਗੁਰਦੇਵ ਸ਼ਰਮਾ ਦੇਬੀ ਨੇ ਕਿਹਾ ਕਿ ਉਹ ਸੋਮਵਾਰ ਨੂੰ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕਰਨਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਾਰਵਾਈ ਨਾ ਹੋਈ ਤਾਂ ਉਹ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ।

ਉੱਧਰ, ਹਲਕਾ ਸੈਂਟਰਲ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ।

ਇਸ ਦਰਦਨਾਕ ਹਾਦਸੇ ਨੇ ਘਰਾਂ ਵਿੱਚ ਪਟਾਕੇ ਸਟੋਰ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ਵਿੱਚ ਜਾਂਚ ਤੋਂ ਬਾਅਦ ਕੀ ਕਾਰਵਾਈ ਹੁੰਦੀ ਹੈ ਅਤੇ ਹਾਦਸੇ ਦੀ ਜ਼ਿੰਮੇਵਾਰੀ ਕਿਸ ਦੀ ਤੈਅ ਕੀਤੀ ਜਾਂਦੀ ਹੈ।