ਲੁਧਿਆਣਾ | ਸ਼ੁੱਕਰਵਾਰ, 30 ਅਕਤੂਬਰ ਨੂੰ ਲੁਧਿਆਣਾ ਦੇ ਫੀਲਡ ਗੰਜ ਇਲਾਕੇ ਵਿੱਚ ਇੱਕ ਪਟਾਕਿਆਂ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗਣ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ। ਇਹ ਗੋਦਾਮ ਇਮਾਰਤ ਦੀ ਤੀਜੀ ਮੰਜ਼ਿਲ ‘ਤੇ ਦੱਸਿਆ ਜਾ ਰਿਹਾ ਹੈ। ਧਮਾਕੇ ਤੋਂ ਬਾਅਦ ਇਲਾਕੇ ਵਿੱਚ ਧੂੰਏਂ ਦਾ ਸੰਘਣਾ ਗੁਬਾਰ ਫੈਲ ਗਿਆ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਜਾਣਕਾਰੀ ਅਨੁਸਾਰ, ਗੋਦਾਮ ਵਿੱਚ ਰੱਖੇ ਪਟਾਕਿਆਂ ਕਾਰਨ ਅੱਗ ਨੇ ਤੇਜ਼ੀ ਨਾਲ ਭਿਆਨਕ ਰੂਪ ਧਾਰਨ ਕਰ ਲਿਆ। ਇਸ ਦੌਰਾਨ ਇੱਕ ਵਿਅਕਤੀ ਦੇ ਅੰਦਰ ਫਸਣ ਦੀ ਖ਼ਬਰ ਸਾਹਮਣੇ ਆਈ, ਜੋ ਅੱਗ ਦੀ ਲਪੇਟ ਵਿੱਚ ਬੁਰੀ ਤਰ੍ਹਾਂ ਆ ਗਿਆ। ਇਸ ਹਾਦਸੇ ਵਿੱਚ ਉਸ ਦੀ ਮੌਤ ਹੋਣ ਦੀ ਖ਼ਬਰ ਹੈ। ਹਾਲਾਂਕਿ ਮ੍ਰਿਤਕ ਦੀ ਪਛਾਣ ਅਤੇ ਮੌਤ ਦੀ ਅਧਿਕਾਰਤ ਪੁਸ਼ਟੀ ਬਾਰੇ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਪੁਲਿਸ ਵੱਲੋਂ ਇਲਾਕੇ ਨੂੰ ਘੇਰ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਸਾਹਮਣੇ ਆਉਂਦਾ ਹੈ ਕਿ ਕਿਸੇ ਵਿਅਕਤੀ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਪਟਾਕੇ ਸਟੋਰ ਕੀਤੇ ਗਏ ਸਨ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਮੁਤਾਬਕ ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਹਾਦਸੇ ਨੇ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਪਟਾਕਿਆਂ ਦੀ ਸਟੋਰੇਜ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।







































