ਅੰਮ੍ਰਿਤਸਰ: ਦੇਸ਼ ਭਰ ਵਿੱਚ ਭਗਵਾਨ ਵਿਸ਼ਵਕਰਮਾ ਜੀ ਦਾ ਪਾਵਨ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਅੰਮ੍ਰਿਤਸਰ ਦੇ ਇਤਿਹਾਸਕ ਟਾਊਨ ਹਾਲ ਸਥਿਤ ਬਿਜਲੀ ਘਰ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ-ਅਰਚਨਾ ਕੀਤੀ ਗਈ। ਹੁਸੈਨਪੁਰਾ ਸਬ-ਡਿਵੀਜ਼ਨ ਅਧੀਨ ਆਉਂਦੇ ਇਸ ਬਿਜਲੀ ਘਰ ਵਿਖੇ ਧਾਰਮਿਕ ਸਮਾਗਮ ਪੂਰੀ ਰੀਤੀ-ਰਿਵਾਜਾਂ ਅਤੇ ਵਿਧੀ-ਵਿਧਾਨ ਨਾਲ ਕਰਵਾਇਆ ਗਿਆ।
ਇਸ ਮੌਕੇ ਬਿਜਲੀ ਘਰ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਵਿਭਾਗ ਦੀ ਮਸ਼ੀਨਰੀ, ਤਕਨੀਕੀ ਉਪਕਰਨਾਂ ਅਤੇ ਔਜ਼ਾਰਾਂ ਦੀ
ਸਫ਼ਾਈ ਕਰਨ ਉਪਰੰਤ ਉਨ੍ਹਾਂ ਦੀ ਪੂਜਾ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸ੍ਰਿਸ਼ਟੀ ਦਾ ਪਹਿਲਾ ਸ਼ਿਲਪਕਾਰ ਅਤੇ ਕਲਾ, ਵਾਸਤੂਕਲਾ ਤੇ ਨਿਰਮਾਣ ਕਾਰਜਾਂ ਦਾ ਦੇਵਤਾ ਮੰਨਿਆ ਜਾਂਦਾ ਹੈ। ਉਨ੍ਹਾਂ ਦੀ ਯਾਦ ਵਿੱਚ ਇਹ ਦਿਹਾੜਾ ਹਰ ਸਾਲ ਪੂਰੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ।
ਪੂਜਾ-ਅਰਚਨਾ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਹ ਬਿਜਲੀ ਵਿਭਾਗ ਦੇ ਕਰਮਚਾਰੀਆਂ ਸਮੇਤ ਸਮੂਹ ਕਿਰਤੀਆਂ ਅਤੇ ਸ਼ਿਲਪਕਾਰਾਂ ਨੂੰ ਚੰਗੀ ਸਿਹਤ, ਤੰਦਰੁਸਤੀ ਅਤੇ ਲੰਬੀ ਉਮਰ ਬਖ਼ਸ਼ਣ। ਉਨ੍ਹਾਂ ਕਿਹਾ ਕਿ ਬਿਜਲੀ ਕਰਮਚਾਰੀ ਦਿਨ-ਰਾਤ ਜੋਖ਼ਮ ਭਰੇ ਹਾਲਾਤਾਂ ਵਿੱਚ ਆਪਣੀ ਡਿਊਟੀ ਨਿਭਾਉਂਦੇ ਹਨ, ਇਸ ਲਈ ਉਨ੍ਹਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਬੇਹੱਦ ਜ਼ਰੂਰੀ ਹੈ।
ਇਸ ਮੌਕੇ ਸਮੂਹ ਸਟਾਫ਼ ਵੱਲੋਂ ਹਵਨ ਅਤੇ ਆਰਤੀ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਉਪਰੰਤ ਹਾਜ਼ਰ ਸ਼ਰਧਾਲੂਆਂ ਅਤੇ ਕਰਮਚਾਰੀਆਂ ਵਿੱਚ ਪ੍ਰਸ਼ਾਦ ਵੀ ਵੰਡਿਆ ਗਿਆ। ਅਧਿਕਾਰੀਆਂ ਨੇ ਪੰਜਾਬ, ਅੰਮ੍ਰਿਤਸਰ ਅਤੇ ਸਮੂਹ ਦੇਸ਼ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਰਤ, ਮਿਹਨਤ ਅਤੇ ਤਕਨੀਕੀ ਖੇਤਰ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਲੋਕਾਂ ਨੂੰ ਸਲਾਮ ਕੀਤਾ।







































