ਵਿਸ਼ਵ ਪ੍ਰਸਿੱਧ ਮਹਿਲਾ ਮੁੱਕੇਬਾਜ਼ ਅਤੇ ਓਲੰਪਿਕ ਤਮਗਾ ਜੇਤੂ ਡਾ. ਐੱਮ.ਸੀ. ਮੈਰੀ ਕੌਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਦੌਰਾਨ ਮੈਰੀ ਕੌਮ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਇਸ ਧਾਰਮਿਕ ਯਾਤਰਾ ਨੂੰ ਆਪਣੇ ਲਈ ਬੇਹੱਦ ਖਾਸ ਦੱਸਿਆ।
ਆਪਣੀ ਪੋਸਟ ਵਿੱਚ ਉਨ੍ਹਾਂ ਲਿਖਿਆ ਕਿ ਕੁਝ ਥਾਵਾਂ ਸਿੱਧਾ ਰੂਹ ਨੂੰ ਛੂਹ ਜਾਂਦੀਆਂ ਹਨ ਅਤੇ ਸ੍ਰੀ ਹਰਿਮੰਦਰ ਸਾਹਿਬ ਉਨ੍ਹਾਂ ਵਿੱਚੋਂ ਇੱਕ ਹੈ। ਇੱਥੇ ਆ ਕੇ ਉਨ੍ਹਾਂ ਨੇ ਸ਼ਾਂਤੀ, ਸ਼ਕਤੀ ਅਤੇ ਸਕਾਰਾਤਮਕਤਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਘਰ ਦਾ ਰੂਹਾਨੀ ਮਾਹੌਲ, ਸ਼ਾਂਤੀ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਸਾਨੂੰ ਯਾਦ ਦਿਵਾਉਂਦੀ ਹੈ ਕਿ ਅਸਲ ਮਹਾਨਤਾ ਨਿਮਰਤਾ, ਆਸਥਾ ਅਤੇ ਮਨੁੱਖਤਾ ਵਿੱਚ ਹੈ।
ਮੈਰੀ ਕੌਮ ਨੇ ਆਪਣੀ ਪੋਸਟ ਦੇ ਅਖੀਰ ਵਿੱਚ ‘ਵਾਹਿਗੁਰੂ ਜੀ ਮੇਹਰ ਕਰਨ’ ਲਿਖਦਿਆਂ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਉਨ੍ਹਾਂ ਦੀਆਂ ਤਸਵੀਰਾਂ ਅਤੇ ਸ਼ਰਧਾ ਭਰੇ ਸੰਦੇਸ਼ ਨੂੰ ਸੋਸ਼ਲ ਮੀਡੀਆ ‘ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।







































