ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਲਿਆ ਜਾਇਜ਼ਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਇਆ ਵਾਲੀਬਾਲ ਨੈੱਟ

0
12

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ CASO ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਸਰਚ ਆਪਰੇਸ਼ਨ ਕੀਤੇ ਗਏ। ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਖੁਦ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਪੁਲਿਸ ਕਾਰਵਾਈ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਇਸ ਕਾਰਵਾਈ ਦੌਰਾਨ 400 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਰਹੇ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਆਧੁਨਿਕ ਤਕਨੀਕ ਤੇ ਵੱਖ-ਵੱਖ ਐਪਸ ਦੀ ਮਦਦ ਨਾਲ ਜਾਂਚ ਕੀਤੀ ਗਈ।

ਇਸ ਮੁਹਿੰਮ ਤਹਿਤ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ ਵੀ ਕੀਤਾ। ਇਸੇ ਤਹਿਤ ਵਾਰਡ ਨੰਬਰ 29 ਦੇ ਕੋਟਲੀ ਰੋਡ ਸਥਿਤ ਹੌਟਸਪੌਟ ਇਲਾਕੇ ਦੀ ਸਫ਼ਾਈ ਕਰਵਾਉਣ ਤੋਂ ਬਾਅਦ ਨੌਜਵਾਨਾਂ ਲਈ ਵਾਲੀਬਾਲ ਨੈੱਟ ਲਗਾਇਆ ਗਿਆ। ਇਸ ਮੌਕੇ ਪੁਲਿਸ ਮੁਲਾਜ਼ਮਾਂ ਅਤੇ ਸਥਾਨਕ ਨੌਜਵਾਨਾਂ ਨੇ ਇਕੱਠਿਆਂ ਵਾਲੀਬਾਲ ਵੀ ਖੇਡੀ।

ਪੁਲਿਸ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਤੇ ਸਰੀਰਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਅਨੁਸ਼ਾਸਨ ਅਤੇ ਟੀਮ ਭਾਵਨਾ ਵੀ ਪੈਦਾ ਕਰਦੀਆਂ ਹਨ।

ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਅਤੇ ਅਪਰਾਧਾਂ ਨੂੰ ਖ਼ਤਮ ਕਰਨ ਲਈ ਪੁਲਿਸ ਦਾ ਸਹਿਯੋਗ ਕਰਨ।

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਾ ਤਸਕਰੀ, ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਜਾਂ ਕਿਸੇ ਹੋਰ ਅਪਰਾਧਿਕ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਹੈਲਪਲਾਈਨ ਨੰਬਰ 112 ਜਾਂ 80549-42100 ’ਤੇ ਸੂਚਨਾ ਦੇ ਸਕਦਾ ਹੈ। ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।