ਅਜਨਾਲਾ ’ਚ ਵਿਧਾਇਕ ਕੁਲਦੀਪ ਧਾਲੀਵਾਲ ਦੀ ਡੋਰ-ਟੂ-ਡੋਰ ਮੁਹਿੰਮ, ਰਾਜਾ ਵੜਿੰਗ ’ਤੇ ਸਾਧੇ ਨਿਸ਼ਾਨੇ

0
11

ਅਜਨਾਲਾ ਸ਼ਹਿਰ ਦੇ ਵਾਰਡ ਨੰਬਰ 5 ਵਿੱਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਮ ਆਦਮੀ ਪਾਰਟੀ ਦੀ ਟੀਮ ਨਾਲ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ। ਇਸ ਦੌਰਾਨ ਉਨ੍ਹਾਂ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਭੈਣਾਂ ਅਤੇ ਆਮ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਤਿਕਾਰ ਤੋਂ ਉਹ ਖੁਸ਼ ਹਨ।

ਇਸ ਦੌਰਾਨ ਧਾਲੀਵਾਲ ਨੇ ਕਾਂਗਰਸੀ ਆਗੂ ਰਾਜਾ ਵੜਿੰਗ ਸਮੇਤ ਹੋਰ ਆਗੂਆਂ ’ਤੇ ਵੀ ਸਿਆਸੀ ਨਿਸ਼ਾਨੇ ਸਾਧੇ। ਉਨ੍ਹਾਂ ਕਾਂਗਰਸ ਦੀ ਅੰਦਰੂਨੀ ਏਕਤਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪਾਰਟੀ ਦੇ ਆਗੂ ਆਪਸ ਵਿੱਚ ਇਕਜੁੱਟ ਨਹੀਂ ਹਨ। ਉਨ੍ਹਾਂ ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਦੀਆਂ ਸਿਆਸੀ ਸਰਗਰਮੀਆਂ ਨੂੰ ਲੈ ਕੇ ਵੀ ਟਿੱਪਣੀ ਕੀਤੀ।

ਧਾਲੀਵਾਲ ਨੇ ਇੱਕ ਨਿਹੰਗ ਸਿੰਘ ਦਾ ਬਾਟਾ ਦਿਖਾਉਂਦਿਆਂ ਕਾਂਗਰਸ ’ਤੇ ਤੰਜ ਕੱਸਿਆ ਅਤੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਇਸ ਬਾਟੇ ਵਾਂਗ ਮਾਂਜ ਦੇਣਗੇ।

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਅਤੇ ਕੰਮਾਂ ਬਾਰੇ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਲਈ ਪਾਰਟੀ ਦੀ ਡੋਰ-ਟੂ-ਡੋਰ ਮੁਹਿੰਮ ਲਗਾਤਾਰ ਜਾਰੀ ਰਹੇਗੀ।