ਜਲੰਧਰ: ਹਰਕਮਲਪ੍ਰੀਤ ਸਿੰਘ ਖੱਖ ਨੇ ਜਲੰਧਰ ਦੇ ਨਵੇਂ SSP ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਗੁਲਦਸਤੇ ਅਤੇ ਗੁਲਾਬ ਦੇ ਫੁੱਲ ਦੇ ਕੇ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਚਾਰਜ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ SSP ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਜਲੰਧਰ ਉਨ੍ਹਾਂ ਲਈ ਘਰ ਵਾਪਸੀ ਵਰਗਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਿਸ ਤਰੀਕੇ ਨਾਲ ਕੰਮ ਕੀਤਾ ਹੈ, ਉਸੇ ਤਰ੍ਹਾਂ ਅੱਗੇ ਵੀ ਕੰਮ ਕਰਨਗੇ। ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਸਫ਼ਲ ਬਣਾਉਣਾ ਉਨ੍ਹਾਂ ਦੀ ਤਰਜੀਹ ਹੋਵੇਗੀ।
ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਨੂੰ ਰੋਕਣਾ ਵੀ ਪੁਲਿਸ ਦਾ ਮੁੱਖ ਟੀਚਾ ਹੈ। ਜਲੰਧਰ ਵਿੱਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।
SSP ਨੇ ਕਿਹਾ ਕਿ ਪੁਲਿਸ ਅਤੇ ਆਮ ਲੋਕਾਂ ਵਿਚਾਲੇ ਦੂਰੀ ਖ਼ਤਮ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਸਬੰਧੀ ਉਨ੍ਹਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਵੀ ਰੱਖੀ ਹੈ। ਉਨ੍ਹਾਂ ਦੇ ਨਿਰਦੇਸ਼ ਹੋਣਗੇ ਕਿ ਵਿਚੋਲੀਏ ਕਲਚਰ ਨੂੰ ਖ਼ਤਮ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾਵੇ, ਤਾਂ ਜੋ ਲੋਕ ਆਪਣੀਆਂ ਸ਼ਿਕਾਇਤਾਂ ਸਿੱਧੇ ਪੁਲਿਸ ਤੱਕ ਪਹੁੰਚਾ ਸਕਣ।
ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਕੇ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣਗੇ, ਤਾਂ ਜੋ ਚੋਣਾਂ ਅਮਨ-ਅਮਾਨ ਨਾਲ ਕਰਵਾਈਆਂ ਜਾ ਸਕਣ।
ਇਸ ਮੌਕੇ SSP ਹਰਕਮਲਪ੍ਰੀਤ ਸਿੰਘ ਖੱਖ ਨੇ ਆਮ ਲੋਕਾਂ ਲਈ ਆਪਣਾ ਮੋਬਾਈਲ ਨੰਬਰ 9915022000 ਜਨਤਕ ਕੀਤਾ। ਉਨ੍ਹਾਂ ਕਿਹਾ ਕਿ ਲੋਕ ਇਸ ਨੰਬਰ ’ਤੇ ਵਟਸਐਪ ਰਾਹੀਂ ਆਪਣੀਆਂ ਸ਼ਿਕਾਇਤਾਂ ਸਿੱਧੀਆਂ ਉਨ੍ਹਾਂ ਤੱਕ ਪਹੁੰਚਾ ਸਕਦੇ ਹਨ।







































