ਜਲੰਧਰ ’ਚ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਸਫ਼ਲਤਾ ਤੋਂ ਬਾਅਦ 2027 ਜੂਨੀਅਰ ਹਾਕੀ ਵਰਲਡ ਕੱਪ ਦੀ ਮੇਜ਼ਬਾਨੀ ’ਤੇ ਨਜ਼ਰਾਂ

0
4

ਨਿਤਿਨ ਕੋਹਲੀ ਨੇ ਪੰਜਾਬ ਨੂੰ ਜੂਨੀਅਰ ਹਾਕੀ ਵਰਲਡ ਕੱਪ ਦਿਵਾਉਣ ਲਈ ਯਤਨ ਕਰਨ ਦੀ ਕਹੀ ਗੱਲ, ਜਲੰਧਰ ਤੇ ਮੋਹਾਲੀ ਦੇ ਸਟੇਡੀਅਮ ਸਿਰਫ਼ 4 ਮਹੀਨਿਆਂ ’ਚ ਕੀਤੇ ਗਏ ਤਿਆਰ

ਜਲੰਧਰ: ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਸਫ਼ਲ ਆਯੋਜਨ ਤੋਂ ਬਾਅਦ ਹੁਣ ਪੰਜਾਬ ਦੀਆਂ ਨਜ਼ਰਾਂ 2027 ਦੇ ਜੂਨੀਅਰ ਹਾਕੀ ਵਰਲਡ ਕੱਪ ਦੀ ਮੇਜ਼ਬਾਨੀ ’ਤੇ ਟਿਕ ਗਈਆਂ ਹਨ। ਹਾਕੀ ਪੰਜਾਬ ਦੇ ਪ੍ਰਧਾਨ ਅਤੇ ਹਾਕੀ ਇੰਡੀਆ ਦੇ ਉਪ ਪ੍ਰਧਾਨ ਨਿਤਿਨ ਕੋਹਲੀ ਨੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨਾਲ ਮਿਲ ਕੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਸਫ਼ਲ ਆਯੋਜਨ ਦੀ ਸ਼ਲਾਘਾ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਨਿਤਿਨ ਕੋਹਲੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸਹਿਯੋਗ ਅਤੇ ਅਗਵਾਈ ਸਦਕਾ ਹੀ ਜਲੰਧਰ ਵਿੱਚ ਇਸ ਕੌਮਾਂਤਰੀ ਪੱਧਰ ਦੇ ਟੂਰਨਾਮੈਂਟ ਦਾ ਆਯੋਜਨ ਸੰਭਵ ਹੋ ਸਕਿਆ। ਉਨ੍ਹਾਂ ਦੱਸਿਆ ਕਿ ਜਲੰਧਰ ਅਤੇ ਮੋਹਾਲੀ ਦੇ ਸਟੇਡੀਅਮਾਂ ਨੂੰ ਸਿਰਫ਼ ਚਾਰ ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਤਿਆਰ ਅਤੇ ਅਪਗ੍ਰੇਡ ਕੀਤਾ ਗਿਆ।

ਨਿਤਿਨ ਕੋਹਲੀ ਨੇ ਦੱਸਿਆ ਕਿ ਹਾਕੀ ਇੰਡੀਆ ਅਤੇ ਏਸ਼ੀਅਨ ਹਾਕੀ ਫੈਡਰੇਸ਼ਨ ਵੱਲੋਂ ਵੀ ਇਸ ਟੂਰਨਾਮੈਂਟ ਦੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਮੁਤਾਬਕ ਦੇਸ਼ ਵਿੱਚ ਪਿਛਲੇ 50 ਕੌਮਾਂਤਰੀ ਟੂਰਨਾਮੈਂਟਾਂ ਦੇ ਮੁਕਾਬਲੇ ਜਲੰਧਰ ਅਤੇ ਮੋਹਾਲੀ ਵਿੱਚ ਹੋਏ ਮੈਚਾਂ ਦੌਰਾਨ ਦਰਸ਼ਕਾਂ ਦੀ ਸਭ ਤੋਂ ਵੱਡੀ ਗਿਣਤੀ ਅਤੇ ਸ਼ਾਨਦਾਰ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਵੀ ਤਾਰੀਫ਼ ਕੀਤੀ, ਜਿਸ ਨੇ ਘੱਟ ਸਮੇਂ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਟੂਰਨਾਮੈਂਟ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੰਮ ਕੀਤਾ।

ਉਨ੍ਹਾਂ ਕਿਹਾ ਕਿ ਖੇਡ ਜਗਤ ਅਤੇ ਸਥਾਨਕ ਲੋਕਾਂ ਵੱਲੋਂ ਇਸ ਟੂਰਨਾਮੈਂਟ ਨੂੰ ਭਰਵਾਂ ਹੁੰਗਾਰਾ ਮਿਲਿਆ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਲੋਕਾਂ ਨੂੰ ਆਪਣੇ ਹੀ ਸ਼ਹਿਰ ਵਿੱਚ ਕੌਮਾਂਤਰੀ ਹਾਕੀ ਮੈਚ ਲਾਈਵ ਦੇਖਣ ਦਾ ਮੌਕਾ ਮਿਲਿਆ, ਜੋ ਪੰਜਾਬ ਵਿੱਚ ਹਾਕੀ ਦੇ ਭਵਿੱਖ ਲਈ ਚੰਗਾ ਸੰਕੇਤ ਹੈ।

ਨਿਤਿਨ ਕੋਹਲੀ ਨੇ ਕਿਹਾ ਕਿ ਉਹ 2027 ਦੇ ਜੂਨੀਅਰ ਹਾਕੀ ਵਰਲਡ ਕੱਪ ਦੀ ਮੇਜ਼ਬਾਨੀ ਪੰਜਾਬ ਨੂੰ ਦਿਵਾਉਣ ਲਈ ਯਤਨ ਕਰਨਗੇ। ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਸਫ਼ਲਤਾ ਨਾਲ ਭਵਿੱਖ ਵਿੱਚ ਅਜਿਹੇ ਹੋਰ ਕੌਮਾਂਤਰੀ ਟੂਰਨਾਮੈਂਟ ਕਰਵਾਉਣ ਦੇ ਰਾਹ ਖੁੱਲ੍ਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਟੇਡੀਅਮ ਵਿੱਚ ਨਿਯਮਿਤ ਤੌਰ ’ਤੇ ਰਾਸ਼ਟਰੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲੇ ਕਰਵਾਏ ਜਾਣਗੇ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਟੈਂਡਰ ਪ੍ਰਕਿਰਿਆ ਰਾਹੀਂ ਇੱਕ ਏਜੰਸੀ ਨਿਯੁਕਤ ਕੀਤੀ ਜਾਵੇਗੀ, ਜੋ ਸਟੇਡੀਅਮ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਨਿਭਾਏਗੀ। ਅਖੀਰ ਵਿੱਚ ਉਨ੍ਹਾਂ ਜਲੰਧਰ ਅਤੇ ਮੋਹਾਲੀ ਦੇ ਲੋਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਵਿੱਚ ਯੋਗਦਾਨ ਪਾਇਆ।