ਜ਼ਹਿਰੀਲੀ(ਨਕਲੀ) ਸ਼ਰਾਬ ਦੇ ਮਾਮਲੇ ‘ਚ ਹੁਣ ਤੱਕ 38 ਲੌਕਾਂ ਦੀ ਮੌਤ, ਅੰਮ੍ਰਿਤਸਰ, ਬਟਾਲਾ ਤੇ ਤਰਨਤਾਰਨ ਜ਼ਿਲ੍ਹੇ ਤੋਂ 8 ਗ੍ਰਿਫ਼ਤਾਰ

0
16414

ਪੰਜਾਬ ਪੁਲਿਸ ਨੇ ਸਾਰੇ ਪ੍ਰਭਾਵਿਤ ਜ਼ਿਲਿਆਂ ਵਿੱਚ ਛਾਪੇਮਾਰੀ ਕਰਨ ਲਈ ਕੀਤਾ 5 ਟੀਮਾਂ ਦਾ ਗਠਨ ਕੀਤਾ

ਚੰਡੀਗੜ੍ਹ. ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ  ਦੀ ਗਿਣਤੀ 38 ਹੋ ਗਈ ਹੈ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਜ਼ਿਲਿਆਂ ਤੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਸੱਤ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜ ਟੀਮਾਂ ਵੱਲ 40 ਤੋਂ ਵੱਧ ਛਾਪੇ ਮਾਰੇ ਗਏ।

ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ  ਹੁਣ ਤੱਕ ਫੜੇ ਗਏ ਵਿਅਕਤੀਆਂ ਦੀ ਗਿਣਤੀ ਅੱਠ ਹੋ ਗਈ ਹੈ, ਜਿਨਾਂ ਵਿੱਚ ਬਲਵਿੰਦਰ ਕੌਰ ਵੀ ਸ਼ਾਮਲ ਹੈ ਜਿਸ ਨੂੰ ਬੀਤੀ ਰਾਤ ਮੁਛਲ ਪਿੰਡ, ਥਾਣਾ ਤਰਸਿੱਕਾ ਤੋਂ ਗਿ੍ਰਫਤਾਰ ਕੀਤਾ ਗਿਆ ਸੀ।

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਡਰੱਮ, ਸਟੋਰੇਜ ਕੈਨ ਆਦਿ ਬਰਾਮਦ ਕੀਤੇ ਗਏ ਹਨ ਅਤੇ ਉਕਤ ਸ਼ਰਾਬ ਨੂੰ ਜਾਂਚ ਕਰਨ ਹਿਤ ਰਸਾਇਣਕ ਵਿਸ਼ਲੇਸ਼ਣ ਲਈ ਭੇਜਿਆ ਗਿਆ ਹੈ। ਉਨਾਂ ਨੇ ਕਿਹਾ ਕਿ ਹੋਰ ਗਿ੍ਰਫਤਾਰੀਆਂ ਹੋਣ ਦੀ ਸੰਭਾਵਨਾ ਹੈ। ਉਨਾਂ ਨੇ ਦੱਸਿਆ ਕਿ ਛਾਪੇਮਾਰੀ ਜਾਰੀ ਹੈ ਅਤੇ ਪੁਲਿਸ ਟੀਮਾਂ ਇਸ ਖੇਤਰ ਵਿਚ ਸ਼ਰੇਆਮ ਚੱਲ ਰਹੇ ਸ਼ਰਾਬ ਮਾਫੀਆ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਸਬੰਧਤ ਮਾਮਲੇ ਵਿਚ ਸ਼ਾਮਲ ਸਾਰੇ ਵਿਅਕਤੀਆਂ ‘ਤੇ ਨਕੇਲ ਕਸੀ ਜਾਵੇਗੀ।

ਬਲਵਿੰਦਰ ਕੌਰ ਅਤੇ ਮਿੱਠੂ ਨੂੰ ਅੰਮ੍ਰਿਤਸਰ ਦਿਹਾਤੀ ਜ਼ਿਲੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਜਦੋਂਕਿ ਬਟਾਲਾ ਜ਼ਿਲੇ ਤੋਂ ਕਾਬੂ ਕੀਤੇ ਦੋ ਵਿਅਕਤੀਆਂ ਦੀ ਪਛਾਣ ਦਰਸ਼ਨ ਰਾਣੀ ਅਤੇ ਰਾਜਨ ਵਜੋਂ ਤੋਂ ਕੀਤੀ ਗਈ ਹੈ। ਚਾਰ ਹੋਰ ਵਿਅਕਤੀਆਂ ਕਸ਼ਮੀਰ ਸਿੰਘ, ਅੰਗਰੇਜ ਸਿੰਘ, ਅਮਰਜੀਤ ਅਤੇ ਬਲਜੀਤ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀਜੀਪੀ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਚਾਰ ਮੁਲਜਮਾਂ ਖਿਲਾਫ ਥਾਣਾ ਸਦਰ ਤਰਨਤਾਰਨ ਵਿਖੇ ਐਫਆਈਆਰ ਨੰ. 253, ਮਿਤੀ 31 ਜੁਲਾਈ, 2020 ਤਹਿਤ ਪਰਚਾ ਦਰਜ ਕੀਤਾ ਗਿਆ ਹੈ ਜਿੰਨਾਂ ਨੇ ਪਿੰਡ ਨੌਰੰਗਾਬਾਦ ਵਿਖੇ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ। ਉਨਾਂ ਕਿਹਾ ਕਿ ਮਿੱਠੂ ਨਾਮ ਦੇ ਜਿਸ ਵਿਅਕਤੀ ਨੂੰ ਅੱਜ ਪਿੰਡ ਜੱਸੋ ਨੰਗਲ, ਥਾਣਾ ਖਿਲਚੀਆਂ ਤੋਂ ਗਿ੍ਰਫਤਾਰ ਕੀਤਾ ਗਿਆ ਹੈ ਉਸ ਨੇ ਵੀ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ।

ਸੁੱਕਰਵਾਰ ਸਾਮ ਤੱਕ, ਅੰਮਿ੍ਰਤਸਰ ਦਿਹਾਤੀ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਵਾਲੇ 10 ਵਿਅਕਤੀ, ਬਟਾਲਾ ਵਿੱਚ 9 ਅਤੇ ਤਰਨਤਾਰਨ ਵਿੱਚ 19 ਵਿਅਕਤੀਆਂ ਦੀ ਮੌਤ ਹੋ ਗਈ ਹੈ। ਡੀਜੀਪੀ ਨੇ ਕਿਹਾ ਕਿ ਮਿ੍ਰਤਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਸਪੱਸਟ ਤੌਰ ‘ਤੇ ਕਈ ਇਲਾਕਿਆਂ ਵਿਚ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਦੇ ਨੈਟਵਰਕ ਦਾ ਫੈਲਾਅ ਫੈਲਿਆ ਹੋਇਆ ਹੈ। ਉਨਾਂ ਕਿਹਾ ਕਿ ਗਿ੍ਰਫਤਾਰ ਕੀਤੇ ਗਏ ਮੁਲਜਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇਸ ਮਾਮਲੇ ਵਿਚ ਹੋਰ ਗਿਰਫਤਾਰੀਆਂ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।

ਯਾਦ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਡਵੀਜ਼ਨਲ ਕਮਿਸਨਰ ਜਲੰਧਰ ਰਾਹੀਂ ਇਸ ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਆਦੇਸ਼ ਦੇ ਚੁੱਕੇ ਹਨ। ਇਸ ਜਾਂਚ ਦੌਰਾਨ ਤੱਥਾਂ ਅਤੇ ਹਾਲਤਾਂ ਦੀ ਘੋਖ ਕੀਤੀ ਜਾਏਗੀ ਅਤੇ ਨਾਲ ਹੀ ਇਸ ਘਟਨਾ ਨਾਲ ਜੁੜੇ ਕਿਸੇ ਵੀ ਹੋਰ ਮੁੱਦੇ ਜਾਂ ਘਟਨਾਵਾਂ ਨਾਲ ਸਬੰਧਤ ਹਾਲਾਤਾਂ ਅਤੇ ਉਸ ਤੋਂ ਬਾਅਦ ਦੇ ਹਾਲਾਤਾਂ ਬਾਰੇ ਵੀ ਘੋਖ ਕੀਤੀ ਜਾਵੇਗੀ। ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਘਟਨਾ ਦੀ ਜਾਂਚ ਵਿੱਚ ਕਮਿਸਨਰ ਜਲੰਧਰ, ਸਬੰਧਤ ਜੁਆਇੰਟ ਆਬਕਾਰੀ ਅਤੇ ਕਰ ਕਮਿਸਨਰ ਪੰਜਾਬ ਅਤੇ ਸਬੰਧਤ ਜਿਲਿਆਂ ਦੇ ਐਸਪੀ ਪੜਤਾਲਾਂ ਜਾਂਚ ਵਿੱਚ ਸ਼ਾਮਲ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਮਿਸਨਰ ਜਲੰਧਰ ਡਿਵੀਜਨ ਨੂੰ ਇਸ ਕੇਸ ਦੀ ਤਫਤੀਸ ਦੇ ਜਲਦੀ ਨਿਪਟਾਰੇ ਲਈ ਕਿਸੇ ਵੀ ਸਿਵਲ/ਪੁਲਿਸ ਅਧਿਕਾਰੀ ਜਾਂ ਕਿਸੇ ਮਾਹਿਰ ਦਾ ਸਹਿਯੋਗ ਲੈਣ ਦੀ ਖੁੱਲ ਦਿੱਤੀ ਹੈ। ਉਸ ਨੇ ਇਸ ਕੇਸ ਵਿਚ ਕਿਸੇ ਨੂੰ ਵੀ ਦੋਸ਼ੀ ਪਾਏ ਜਾਣ ’ਤੇ ਉਸ ਵਿਰੁੱਧ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।