ਲੌਕਡਾਊਨ ਖੁੱਲ੍ਹਣ ਦੇ ਬਾਵਜੂਦ ਵੀ ਨਹੀਂ ਖੁੱਲ੍ਹਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਰਾਹ

0
357

ਅੰਮ੍ਰਿਤਸਰ . ਕੋਰੋਨਾਵਾਇਰਸ ਕਰਕੇ ਲਾਗੂ ਲੌਕਡਾਊਨ ਤਕਰੀਬਨ ਖੁੱਲ੍ਹ ਗਿਆ ਹੈ। ਇਸ ਦੇ ਬਾਵਜੂਦ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੀ ਦਰਸ਼ਨਾਂ ਲਈ ਕਰਤਾਰਪੁਰ ਕੌਰੀਡੋਰ ਨਹੀਂ ਖੋਲ੍ਹਿਆ ਜਾ ਰਿਹਾ। ਸਿੱਖ ਜਥੇਬੰਦੀਆਂ ਕਾਫੀ ਸਮੇਂ ਤੋਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕਰ ਰਹੀਆਂ ਹਨ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਮਹਾਂਮਾਰੀ ਕਾਰਨ ਬੰਦ ਕੀਤਾ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇ। ਉਨ੍ਹਾਂ ਆਖਿਆ ਕਿ ਹੁਣ ਜਦੋਂ ਸਰਕਾਰ ਵੱਲੋਂ ਸਾਵਧਾਨੀਆਂ ਤਹਿਤ ਕਈ ਛੋਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਇਹ ਲਾਂਘਾ ਵੀ ਸੰਗਤ ਲਈ ਖੋਲ੍ਹ ਦਿੱਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਆਖਿਆ ਕਿ ਸੰਗਤਾਂ ਚਾਹੁੰਦੀਆਂ ਹਨ ਕਿ ਗੁਰੂ ਨਾਨਕ ਦੇਵ ਨਾਲ ਸਬੰਧਤ ਇਸ ਧਰਮ ਅਸਥਾਨ ਦਾ ਲਾਂਘਾ ਮੁੜ ਤੋਂ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧ ’ਚ ਪਾਕਿਸਤਾਨ ਸਰਕਾਰ ਵੱਲੋਂ ਪਹਿਲਾਂ ਹੀ ਲਾਂਘਾ ਖੋਲ੍ਹਣ ਦੀ ਪੇਸ਼ਕਸ਼ ਕੀਤੀ ਜਾ ਚੁੱਕੀ ਹੈ। ਹੁਣ ਇਸ ਬਾਰੇ ਭਾਰਤ ਸਰਕਾਰ ਨੂੰ ਵੀ ਜਲਦੀ ਫ਼ੈਸਲਾ ਲੈਣਾ ਚਾਹੀਦਾ ਹੈ।

ਯਾਦ ਰਹੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਜੀਪੀਸੀ) ਵੱਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਗੁਰੂ ਨਾਨਕ ਦੇਵ ਦੇ ਜੋਤੀ ਜੋਤ ਸਮਾਉਣ ਦਿਵਸ ਮੌਕੇ 20 ਤੋਂ 22 ਸਤੰਬਰ ਤੱਕ ਕੁਝ ਦੇਰ ਲਈ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ। ਪੀਜੀਪੀਸੀ ਵੱਲੋਂ ਇਸ ਸਬੰਧੀ ਲਾਂਘਾ ਖੁੱਲ੍ਹਣ ਤੋਂ ਬਾਅਦ ਪਹਿਲੀ ਵਾਰ ਗੁਰਦੁਆਰਾ ਕਰਤਾਰਪੁਰ ਵਿਖੇ ਜੋਤੀ ਜੋਤ ਸਮਾਉਣ ਦਿਵਸ ਬਾਰੇ ਤਿੰਨ ਦਿਨਾਂ ਸਮਾਗਮ ਰੱਖੇ ਗਏ ਹਨ।