ਪੁਲਿਸ ਕਮਿਸ਼ਨਰ ਨੇ ਦਿੱਤੀ ਚਿਤਾਵਨੀ- ਰਾਤ ਦੇ ਕਰਫਿਊ ਦੀ ਉਲੰਘਣਾ ਕੀਤੀ ਤਾਂ ਸਖਤ ਕਾਰਵਾਈ ਲਈ ਰਹੋ ਤਿਆਰ

0
2059

ਜਲੰਧਰ | ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਅੱਜ ਨਾਕਿਆਂ, ਸ਼ਾਪਿੰਗ ਮਾਲਜ਼ ਅਤੇ ਹੋਰ ਨਾਜ਼ੁਕ ਥਾਵਾਂ ਦੀ ਵਿਸ਼ੇਸ਼ ਚੈਕਿੰਗ ਕਰਦਿਆਂ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ।

ਪੁਲਿਸ ਕਮਿਸ਼ਨਰ ਨੇ ਕਮਿਸ਼ਨਰੇਟ ਪੁਲਿਸ ਦੀ ਹਰ ਕੀਮਤ ‘ਤੇ ਕਾਨੂੰਨ ਤੇ ਵਿਵਸਥਾ ਕਾਇਮ ਰੱਖਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ ਵੀ ਮੌਜੂਦ ਸਨ।

ਭੁੱਲਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਾਰੇ ਨਾਜ਼ੁਕ ਸਥਾਨਾਂ ‘ਤੇ ਸੁਰੱਖਿਆ ਪ੍ਰਬੰਧ ਵਧਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਾਜ਼ ਨਜ਼ਰ ਰੱਖੀ ਜਾ ਰਹੀ ਹੈ।

ਕਮਿਸ਼ਨਰ ਨੇ ਅਧਿਕਾਰੀਆਂ ਨੂੰ ਰਾਤ ਦੇ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਲਈ ਚੁੱਕੇ ਜਾਣ ਵਾਲੇ ਜ਼ਰੂਰੀ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਾਗੂ ਗਿਆ ਹੈ ਅਤੇ ਇਸ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸ਼ਹਿਰ ਵਿੱਚ ਸੁਰੱਖਿਆ ਦੇ ਪ੍ਰਬੰਧ ਵਧਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ/ਪੀਸੀਆਰ ਸਟਾਫ ਵੱਲੋਂ ਸ਼ਹਿਰ ਵਿੱਚ 24 ਘੰਟੇ ਨਿਗਰਾਨੀ ਅਤੇ ਗਸ਼ਤ ਕੀਤੀ ਜਾ ਰਹੀ ਹੈ ਕਿਉਂਕਿ ਹਫਤੇ ਦੇ ਅਖੀਰ ਵਿੱਚ ਸ਼ਾਪਿੰਗ ਮਾਲਜ਼, ਬਾਜ਼ਾਰਾਂ, ਰੈਸਟੋਰੈਂਟਾਂ ਅਤੇ ਹੋਰਾਂ ਸਥਾਨਾਂ ‘ਤੇ ਭਾਰੀ ਭੀੜ ਹੁੰਦੀ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਰਾਤ ਦਾ ਕਰਫਿਊ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀਆ ਹਦਾਇਤਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਿਸੇ ਕੀਮਤ ‘ਤੇ ਕਾਨੂੰਨ ਨੂੰ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।