ਪਟਿਆਲਾ | ਪੰਜਾਬ ਦੇ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੀ ਪੇਂਡੂ ਮਿਸ਼ਨ ਫ਼ਤਹਿ ਮੁਹਿੰਮ ਤਹਿਤ ਦਿਹਾਤੀ ਖੇਤਰਾਂ ‘ਚ ਫੈਲ ਰਹੀ ਕੋਵਿਡ-19 ਮਹਾਂਮਾਰੀ ਦੀ ਲਾਗ ਦੀ ਰੋਕਥਾਮ ਲਈ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਮੰਗਲਵਾਰ ਨੂੰ ਸਨੌਰ ਹਲਕੇ ਦੇ ਪਿੰਡ ਦੌਣ ਕਲਾਂ ‘ਚ ਇੱਕ ਵਿਲੱਖਣ ਮੁਹਿੰਮ ‘ਪਿੰਡ ਬਚਾਓ ਮੁਹਿੰਮ’ ਦੀ ਸ਼ੁਰੂਆਤ ਕੀਤੀ।
ਇਸ ਦੌਰਾਨ ਸ੍ਰੀ ਗੈਂਦ ਵੱਲੋਂ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦੀ ਵੀਡੀਓ ਕਾਲ ਰਾਹੀਂ ਸਰਪੰਚ ਨਾਲ ਕਰਵਾਈ ਗੱਲਬਾਤ ਦੌਰਾਨ ਸੰਸਦ ਮੈਂਬਰ ਨੇ ਪਿੰਡ ਵਾਸੀਆਂ ਨੂੰ ਕੋਵਿਡ ਪ੍ਰਤੀ ਸੁਚੇਤ ਕਰਦਿਆਂ ਸਾਰੇ ਲੋੜੀਂਦੇ ਇਹਤਿਆਤ ਵਰਤਣ ਸਮੇਤ ਵੈਕਸੀਨੇਸ਼ਨ ਕਰਵਾਉਣ ਦਾ ਸੱਦਾ ਦਿੱਤਾ।
ਪਿੰਡ ਦੌਣ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਪੁੱਜੇ ਸ੍ਰੀ ਚੰਦਰ ਗੈਂਦ ਨੇ ਪਿੰਡ ਦੇ ਸਰਪੰਚ ਬਲਬੀਰ ਸਿੰਘ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਸਮੇਤ ਹੋਰ ਮੋਹਤਬਰਾਂ ਨਾਲ ਗੱਲਬਾਤ ਕਰਦਿਆਂ ਸੱਦਾ ਦਿੱਤਾ ਕਿ ਉਹ ਕੋਵਿਡ ਮਹਾਂਮਾਰੀ ਦੀ ਲਾਗ ਨੂੰ ਅੱਗੇ ਫੈਲਣ ਤੋਂ ਰੋਕਣ ਅਤੇ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਪਿੰਡ ਵਾਸੀਆਂ ਨੂੰ ਹੋਰ ਸੰਵੇਦਨਸ਼ੀਲ ਬਣਾਉਣ। ਉਨ੍ਹਾਂ ਦੇ ਨਾਲ ਪਟਿਆਲਾ ਦੇ ਐਸ.ਡੀ.ਐਮ. ਚਰਨਜੀਤ ਸਿੰਘ ਵੀ ਮੌਜੂਦ ਸਨ।
ਸ੍ਰੀ ਚੰਦਰ ਗੈਂਦ ਨੇ ਇਸ ਮੌਕੇ ਕੋਵਿਡ-19 ਤੋਂ ਬਚਾਅ ਲਈ ਟੀਕਾਕਰਨ ਨੂੰ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਦੱਸਦਿਆਂ ਐਲਾਨ ਕੀਤਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡ ਵਾਸੀਆਂ ਦੀ 100 ਫੀਸਦੀ ਵੈਕਸੀਨੇਸ਼ਨ ਕਰਵਾਉਣ ਵਾਲੀਆਂ ਗ੍ਰਾਮ ਪੰਚਾਇਤਾਂ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ, ਉਸੇ ਤਰਜ ‘ਤੇ ਅਜਿਹੀਆਂ ਪੰਚਾਇਤਾਂ ਨੂੰ ਜ਼ਿਲ੍ਹਾ ਮੁੱਖ ਦਫ਼ਤਰ ਵਿਖੇ ਪ੍ਰਸ਼ੰਸਾ ਪੱਤਰ ਦੇਕੇ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੇ ਕੋਵਿਡ ਦੀ ਰੋਕਥਾਮ ਲਈ ਪੰਚਾਇਤਾਂ ਨੂੰ ਆਪਣੇ ਪਿੰਡਾਂ ‘ਚ 5000 ਰੁਪਏ ਤੋਂ ਲੈਕੇ 50 ਹਜ਼ਾਰ ਰੁਪਏ ਤੱਕ ਦੀ ਰਾਸ਼ੀ ਖਰਚ ਕਰਨ ਦੇ ਅਧਿਕਾਰ ਵੀ ਦਿੱਤੇ ਹਨ।
ਇਸ ਤੋਂ ਇਲਾਵਾ ਡਵੀਜ਼ਨਲ ਕਮਿਸ਼ਨਰ ਨੇ ਪੰਚਾਇਤਾਂ ਨੂੰ ਕੋਵਿਡ ਮਹਾਂਮਾਰੀ ਵਿਰੁੱਧ ਪੰਜਾਬ ਸਰਕਾਰ ਵੱਲੋਂ ਵਿੱਢੀ ਲੜਾਈ ‘ਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ‘ਚ ਜਿੱਥੇ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ ਕਰਨਾ ਚਾਹੀਦਾ ਹੈ, ਉਥੇ ਹੀ ਕੋਵਿਡ ਦੇ ਕਿਸੇ ਤਰ੍ਹਾਂ ਦੇ ਲੱਛਣ ਆਉਣ ‘ਤੇ ਤੁਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਉਨ੍ਹਾਂ ਹੋਰ ਕਿਹਾ ਕਿ ਠੀਕਰੀ ਪਹਿਰੇ ਲਗਾ ਕੇ ਬਾਹਰੀ ਲੋਕਾਂ ਨੂੰ ਆਪਣੇ ਪਿੰਡਾਂ ‘ਚ ਆਉਣ ਤੋਂ ਰੋਕਣ ਸਮੇਤ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਅਤੇ ਵੱਧ ਤੋਂ ਵੱਧ ਟੈਸਟ ਕਰਵਾ ਕੇ ਕੋਵਿਡ ਦੀ ਲਾਗ ਨੂੰ ਫੈਲਣ ਤੋਂ ਰੋਕਣਾ ਚਾਹੀਦਾ ਹੈ।
ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਵੈਕਸੀਨੇਸ਼ਨ ਕਰਵਾਉਣ ਤੋਂ ਬਾਅਦ ਵੀ ਮੂੰਹ ‘ਤੇ ਮਾਸਕ ਦੀ ਵਰਤੋਂ ਅਤੇ ਹੱਥਾਂ ਨੂੰ ਵਾਰ-ਵਾਰ ਧੋਣ ਤੇ ਸੈਨੇਟਾਈਜ ਕਰਨ ਸਮੇਤ ਸਮਾਜਿਕ ਦੂਰੀ ਤੇ ਹੋਰ ਸੁਰੱਖਿਆ ਉਪਾਓ ਸਹੀ ਢੰਗ ਨਾਲ ਲਾਗੂ ਕਰਨੇ ਇਸ ਮਹਾਂਮਾਰੀ ਦੀ ਰੋਕਥਾਮ ‘ਚ ਅਹਿਮ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੇਲੋੜੀ ਆਵਾਜਾਈ ਤੋਂ ਗੁਰੇਜ਼ ਕਰਨ ਅਤੇ ਕੇਵਲ ਜਰੂਰਤ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ।
ਇਸ ਦੌਰਾਨ ਸ੍ਰੀ ਚੰਦਰ ਗੈਂਦ ਨੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਨਾਲ ਪਿੰਡ ਵਾਸੀਆਂ ਤੇ ਸਰਪੰਚ ਬਲਬੀਰ ਸਿੰਘ ਦੀ ਵੀਡੀਓ ਕਾਲ ਰਾਹੀਂ ਗੱਲਬਾਤ ਕਰਵਾਈ, ਜਿਸ ‘ਚ ਸ੍ਰੀਮਤੀ ਪ੍ਰਨੀਤ ਕੌਰ ਨੇ ਪਿੰਡ ਵਾਸੀਆਂ ਦਾ ਹਾਲ-ਚਾਲ ਜਾਣਿਆਂ ਅਤੇ ਨਾਲ ਹੀ ਸੱਦਾ ਦਿੱਤਾ ਕਿ ਕੋਵਿਡ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
ਇਸ ਮੌਕੇ ਪਿੰਡ ਦੇ ਗ੍ਰਾਮ ਪੰਚਾਇਤ ਮੈਂਬਰਾਂ ਤੋਂ ਇਲਾਵਾ ਦੀਦਾਰ ਸਿੰਘ ਦੌਣਕਲਾਂ, ਬੀ.ਡੀ.ਪੀ.ਓ. ਧਰਮਪਾਲ ਸ਼ਰਮਾ, ਆਰ.ਐਮ.ਓ. ਡਾ. ਸੋਨੀਆ ਰਾਣੀ, ਡਾ. ਮੁਹੰਮਦ ਸਾਜਿਦ, ਡਾ. ਸੋਨੀਆ ਰਾਣੀ ਤੇ ਸਕੂਲ ਦੀ ਮੁੱਖ ਅਧਿਆਪਕਾ ਮਿਲੀ ਸ਼ਰਮਾ ਵੀ ਮੌਜੂਦ ਸਨ।
ਫੋਟੋ ਕੈਪਸ਼ਨ- ਪਟਿਆਲਾ ਮੰਡਲ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਪਿੰਡ ਦੌਣ ਕਲਾਂ ਵਿਖੇ ਪਿੰਡ ਬਚਾਓ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਵੀ ਨਜ਼ਰ ਆ ਰਹੇ ਹਨ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)