ਮੁੱਖ ਮੰਤਰੀ ਵੱਲੋਂ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ 520 ਕਰੋੜ ਦੇ ਕਰਜ਼ੇ ਮਾਫ਼

0
563

ਸ੍ਰੀ ਆਨੰਦਪੁਰ ਸਾਹਿਬ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 3 ਕਾਲੇ ਖੇਤੀ ਕਾਨੂੰਨਾਂ ਖਿਲਾਫ ਮੁਜਾਹਰਾ ਕਰ ਰਹੇ ਕਿਸਾਨਾਂ ਦੀ ਲਗਾਤਾਰ ਹਮਾਇਤ ਦਾ ਐਲਾਨ ਕਰਦਿਆਂ ਸ਼ੁੱਕਰਵਾਰ ਨੂੰ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ ਕੀਤੀ ਅਤੇ ਇਸ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਗਰੀਬ ਪੱਖੀ ਸੋਚ ਪ੍ਰਤੀ ਇਕ ਸ਼ਰਧਾਂਜਲੀ ਦੱਸਿਆ।

ਮੁੱਖ ਮੰਤਰੀ ਨੇ ਕਿਹਾ, ‘‘ਮੈਂ ਉਮੀਦ ਕਰਦਾ ਹਾਂ ਕਿ ਇਕ ਦਿਨ ਅਜਿਹਾ ਆਵੇਗਾ ਜਦੋਂ ਭਾਰਤ ਗਰੀਬੀ ਤੋਂ ਮੁਕਤੀ ਹਾਸਲ ਕਰ ਲਵੇਗਾ, ਜਿਵੇਂ ਕਿ ਰਾਜੀਵ ਗਾਂਧੀ ਦਾ ਸੁਪਨਾ ਸੀ।’’

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ 520 ਕਰੋੜ ਰੁਪਏ ਦੇ ਕਰਜ਼ੇ 31 ਜੁਲਾਈ 2017 ਨੂੰ ਉਨ੍ਹਾਂ ਦੇ ਸਹਿਕਾਰੀ ਕਰਜ਼ਿਆਂ ’ਤੇ ਬਣਦੀ ਅਸਲ ਰਕਮ ਅਤੇ 6 ਮਾਰਚ 2019 ਤੱਕ ਉਪਰੋਕਤ ਰਕਮ ’ਤੇ ਸਾਲਾਨਾ 7 ਫੀਸਦੀ ਆਮ ਵਿਆਜ ਮੁਆਫ ਕਰਨ ਦਾ ਫੈਸਲਾ ਕੀਤਾ ਹੈ।

ਸੂਬਾ ਸਰਕਾਰ ਨੇ ਇਸ ਤੋਂ ਪਹਿਲਾਂ 5.85 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 4700 ਕਰੋੜ ਰੁਪਏ ਦੇ ਕਰਜੇ (2 ਲੱਖ ਰੁਪਏ ਪ੍ਰਤੀ ਤੱਕ ਦੇ ਫਸਲੀ ਕਰਜੇ) ਮੁਆਫ ਕਰ ਦਿੱਤੇ ਸਨ।

ਇਹ ਐਲਾਨ ਕਰਦਿਆਂ ਕਿ ਉਨ੍ਹਾਂ ਕਿਹਾ ਕਿ ਉਹ ਦਿੱਲੀ ਦੀਆਂ ਸਰਹੱਦਾਂ ’ਤੇ ਮੁਜਾਹਰਾ ਕਰ ਰਹੇ ਕਿਸਾਨਾਂ ਦੇ ਨਾਲ ਹਨ। ਮੁੱਖ ਮੰਤਰੀ ਨੇ ਇਹ ਸਾਫ ਕੀਤਾ ਕਿ ਉਹ ਕੇਂਦਰ ਸਰਕਾਰ, ਜੋ ਕਿ ਕਿਸਾਨਾਂ ਦੀ ਨਹੀਂ ਸੁਣ ਰਹੀ, ਦੁਆਰਾ ਅਪਣਾਏ ਗਏ ਰੁਖ਼ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਪੱਸ਼ਟ ਰੂਪ ਵਿੱਚ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਹ ਕਾਨੂੰਨ ਰੱਦ ਕਰਨ ਲਈ ਬੇਨਤੀ ਕੀਤੀ ਗਈ ਹੈ।