ਅਨਿਲ ਜੋਸ਼ੀ ਨੂੰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੁੰਦਿਆਂ ਹੀ ਮਿਲੀ ਟਿਕਟ, ਅੰਮ੍ਰਿਤਸਰ ਉੱਤਰੀ ਸੀਟ ‘ਤੇ ਹੋ ਸਕਦਾ ਹੈ ਕੁੰਵਰ ਵਿਜੇ ਪ੍ਰਤਾਪ ਨਾਲ ਮੁਕਾਬਲਾ

0
2259

ਚੰਡੀਗੜ੍ਹ/ਅੰਮ੍ਰਿਤਸਰ : ਭਾਜਪਾ ਤੋਂ ਬਰਖਾਸਤ ਸਾਬਕਾ ਮੰਤਰੀ ਅਨਿਲ ਜੋਸ਼ੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਿਲ ਹੋ ਗਏ ਹਨ। ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਅਨਿਲ ਜੋਸ਼ੀ ਨੂੰ ਅਕਾਲੀ ਦਲ ‘ਚ ਸ਼ਾਮਿਲ ਕਰਵਾਇਆ।

ਅਕਾਲੀ ਦਲ ‘ਚ ਸ਼ਾਮਿਲ ਹੁੰਦਿਆਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਪਾਰਟੀ ਦੀਆਂ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ। ਉਨ੍ਹਾਂ ਅਨਿਲ ਜੋਸ਼ੀ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ, ਸੁਖਜੀਤ ਕੌਰ ਸ਼ਾਹੀ, ਆਰ ਪੀ ਸ਼ਰਮਾ ਨੂੰ ਮੀਤ ਪ੍ਰਧਾਨ, ਮੋਹਿਤ ਗੁਪਤਾ ਨੂੰ ਜਨਰਲ ਸਕੱਤਰ ਤੇ ਕਮਲ ਚੇਟਲੀ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ।

ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ 2022 ਲਈ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਉੱਤਰੀ ਤੇ ਰਾਜ ਕੁਮਾਰ ਗੁਪਤਾ ਨੂੰ ਸੁਜਾਨਪੁਰ ਹਲਕੇ ਦਾ ਉਮੀਦਵਾਰ ਐਲਾਨ ਦਿੱਤਾ। ਸੁਖਬੀਰ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਨਾਲ ਗੱਲ ਹੋ ਗਈ ਹੈ ਤੇ ਉਨ੍ਹਾਂ ਦੀ ਸਹਿਮਤੀ ਨਾਲ ਇਹ ਉਮੀਦਵਾਰ ਬਣਾਏ ਗਏ ਹਨ। ਪਹਿਲਾਂ ਇਨ੍ਹਾਂ ਦੋਵੇਂ ਸੀਟਾਂ ਤੋਂ ਚੋਣ ਬਸਪਾ ਨੇ ਲੜਨੀ ਸੀ।

‘ਆਪ’ ਨੇਤਾ ਕੁੰਵਰ ਵਿਜੇ ਪ੍ਰਤਾਪ ਨਾਲ ਹੋ ਸਕਦਾ ਹੈ ਮੁਕਾਬਲਾ

ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ ਦੇ ਵਸਨੀਕ ਹਨ, ਜਿਨ੍ਹਾਂ ਨੇ ਹਾਲ ਹੀ ‘ਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਹੈ। ‘ਆਪ’ ਵੱਲੋਂ ਜੇਕਰ ਉਨ੍ਹਾਂ ਨੂੰ ਅੰਮ੍ਰਿਤਸਰ ਉੱਤਰੀ ਦੀ ਟਿਕਟ ਦਿੱਤੀ ਜਾਂਦੀ ਹੈ ਤਾਂ ਅਨਿਲ ਜੋਸ਼ੀ ਦਾ ਮੁਕਾਬਲਾ ਕੁੰਵਰ ਵਿਜੇ ਪ੍ਰਤਾਪ ਨਾਲ ਹੋਏਗਾ।