ਕਰਨਾਲ : ਕਿਸਾਨਾਂ ਨੇ ਸਕੱਤਰੇਤ ਅੱਗੇ ਲਾਇਆ ਪੱਕਾ ਮੋਰਚਾ, ਸਰਕਾਰ ਨੂੰ ਦਿੱਤੀ ਚਿਤਾਵਨੀ- ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਇਥੇ ਹੀ ਡਟੇ ਰਹਿਣਗੇ

0
671

ਕਰਨਾਲ | ਕਰਨਾਲ ‘ਚ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨਾਂ ਨੇ ਸਕੱਤਰੇਤ ਅੱਗੇ ਪੱਕਾ ਮੋਰਚਾ ਲਾ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਹ ਇਥੇ ਹੀ ਡਟੇ ਰਹਿਣਗੇ।

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਇਸ ਸਬੰਧੀ ਮੀਟਿੰਗ ਕਰਕੇ ਆਪਣੀ ਅਗਲੀ ਰਣਨੀਤੀ ਉਲੀਕਣਗੀਆਂ।ਟਿਕੈਤ ਨੇ ਦੇਰ ਰਾਤ ਟਵੀਟ ਕਰਦਿਆਂ ਕਿਹਾ, ”ਭਾਜਪਾ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਆਪਣੇ ਹੱਕਾਂ ਲਈ ਲੜਾਈ ਲੜ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।”

ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲੇਗਾ ਉਦੋਂ ਤੱਕ ਕਿਸਾਨ ਰੁਕੇਗਾ ਨਹੀਂ। ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਦੱਸ ਦੇਈਏ ਕਿ ਕੱਲ ਕਰਨਾਲ ਅਨਾਜ ਮੰਡੀ ਵਿੱਚ ਕਿਸਾਨ ਜਥੇਬੰਦੀਆਂ ਨੇ ਕਿਸਾਨ ਮਹਾਪੰਚਾਇਤ ਕੀਤੀ ਸੀ, ਜਿਸ ਵਿੱਚ ਪੰਜਾਬ, ਹਰਿਆਣਾ ਸਣੇ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਏ। ਕਿਸਾਨਾਂ ਦੇ ਵਫ਼ਦ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ 3 ਗੇੜ ਦੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਨੇ ਕਰਨਾਲ ਸਕੱਤਰੇਤ ਵੱਲ ਕੂਚ ਕੀਤਾ।

ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਪਰ ਕਿਸਾਨ ਅੱਗੇ ਵਧਦੇ ਗਏ, ਜਿਨ੍ਹਾਂ ਨੇ ਸਕੱਤਰੇਤ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ।

ਪ੍ਰਦਰਸ਼ਨਕਾਰੀ ਕਿਸਾਨ ‘ਕਿਸਾਨਾਂ ਦੇ ਸਿਰ ਭੰਨਣ’ ਦਾ ਆਦੇਸ਼ ਦੇਣ ਵਾਲੇ ਐੱਸਡੀਐੱਮ ਅਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ‘ਤੇ ਅੜੇ ਹਨ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅੰਦੋਲਨ ਦੀ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ।

(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)