ਨਵੀਂ ਦਿੱਲੀ | ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਦੀ ਸਿਆਸਤ ‘ਚ ਇਕ ਤੋਂ ਬਾਅਦ ਇਕ ਵੱਡੇ ਸਿਆਸੀ ਧਮਾਕੇ ਹੋ ਰਹੇ ਹਨ ਤੇ ਅੱਜ ਵੀ ਕੋਈ ਵੱਡਾ ਸਿਆਸੀ ਉਲਟਫੇਰ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ।
ਸਿਆਸੀ ਮਾਹਿਰਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਇਕ ਹੋਰ ਨਵਾਂ ਭੂਚਾਲ ਆ ਸਕਦਾ ਹੈ। ਦਰਅਸਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਆ ਰਹੇ ਹਨ, ਜਿਥੇ ਉਹ ਸ਼ਾਮ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲ ਸਕਦੇ ਹਨ।
ਅਜਿਹੀਆਂ ਅਟਕਲਾਂ ਹਨ ਕਿ ਉਹ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ। ਅਮਰਿੰਦਰ ਦੁਪਹਿਰ ਕਰੀਬ 3.30 ਵਜੇ ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਣਗੇ, ਫਿਰ ਸ਼ਾਮ ਨੂੰ ਮੀਟਿੰਗਾਂ ਕੀਤੀਆਂ ਜਾ ਸਕਦੀਆਂ ਹਨ।
ਇਸੇ ਮਹੀਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਲੰਮੇ ਵਿਵਾਦ ਤੋਂ ਬਾਅਦ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ।
ਮੁੱਖ ਮੰਤਰੀ ਦੇ ਅਹੁਦੇ ਤੋਂ ਬਾਅਦ ਸੰਭਵ ਹੈ ਕਿ ਅਮਰਿੰਦਰ ਸਿੰਘ ਵੀ ਕਾਂਗਰਸ ਛੱਡ ਸਕਦੇ ਹਨ। ਕੈਪਟਨ ਨੇ ਦੁੱਖ ਜ਼ਾਹਿਰ ਕਰਦਿਆਂ ਇਥੋਂ ਤੱਕ ਕਿਹਾ ਸੀ ਕਿ ਉਹ ਅਪਮਾਨਿਤ ਮਹਿਸੂਸ ਕਰ ਰਹੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਫੈਸਲਾ ਕੀਤਾ।
ਉਨ੍ਹਾਂ ਕਿਹਾ ਸੀ ਕਿ ਜੇਕਰ ਕਾਂਗਰਸ 2022 ਵਿੱਚ ਪੰਜਾਬ ਚੋਣਾਂ ਜਿੱਤ ਵੀ ਜਾਂਦੀ ਹੈ ਤਾਂ ਉਹ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਨਹੀਂ ਬਣਨ ਦੇਣਗੇ ਤੇ ਸਿੱਧੂ ਖਿਲਾਫ ਮਜ਼ਬੂਤ ਉਮੀਦਵਾਰ ਖੜ੍ਹਾ ਕਰਨਗੇ। ਇਸ ਕਾਰਨ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਪੰਜਾਬ ਵਿੱਚ ਆਪਣੀ ਪਾਰਟੀ ਵੀ ਬਣਾ ਸਕਦੇ ਹਨ।