ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਰੇਤ ਮਾਈਨਿੰਗ, ਸ਼ਰਾਬ ਅਤੇ ਨਸ਼ਿਆਂ ਦੇ ਧੰਦੇ ਖਿਲਾਫ ਸਖਤੀ ਨਾਲ ਪੇਸ਼ ਆਉਣ ਲਈ ‘ਮਿਸ਼ਨ ਕਲੀਨ’ ਦਾ ਐਲਾਨ

0
603

ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਸ਼ਹਾਲ ਅਤੇ ਮਜ਼ਬੂਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣਾ ਏਜੰਡਾ ਉਲੀਕਦਿਆਂ ਸੂਬਾ ਭਰ ਵਿਚ ‘ਮਿਸ਼ਨ ਕਲੀਨ’ ਲਾਗੂ ਕਰਨ ਦਾ ਐਲਾਨ ਕੀਤਾ ਹੈ।

ਇੱਥੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਉਨਾਂ ਨੂੰ ਰੇਤਾ ਅਤੇ ਸ਼ਰਾਬ ਦੇ ਗੈਰ-ਕਾਨੂੰਨੀ ਧੰਦੇ ਵਿਚ ਸ਼ਾਮਲ ਮਾੜੇ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ।ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਨਸ਼ਿਆਂ ਦੇ ਕਾਰੋਬਾਰ ਅਤੇ ਭਿ੍ਰਸ਼ਟ ਕੰਮਾਂ ਵਿਚ ਗਲਤਾਨ ਲੋਕਾਂ ਨਾਲ ਵੀ ਕਿਸੇ ਤਰਾਂ ਦਾ ਲਿਹਾਜ਼ ਨਾ ਵਰਤਣ ਦੇ ਆਦੇਸ਼ ਦਿੱਤੇ ਹਨ। ਉਨਾਂ ਕਿਹਾ, “ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਦੁਕਾਨਦਾਰਾਂ ਨੂੰ ਪਟਾਕੇ ਅਤੇ ਖਾਣ-ਪੀਣ ਵਾਲੀਆਂ ਵਸਤਾਂ ਸਮੇਤ ਆਪਣਾ ਸਾਮਾਨ ਵੇਚਣ ਹਰ ਸੰਭਵ ਸਹਿਯੋਗ ਦੇਣਾ ਚਾਹੀਦਾ ਹੈ।”

ਰੇਤ ਮਾਈਨਿੰਗ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਵਿਚ ਰੇਤ ਦੀਆਂ ਕੀਮਤਾਂ 9 ਰੁਪਏ ਤੈਅ ਕੀਤੀਆਂ ਗਈਆਂ ਹਨ ਅਤੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁਖੀਆਂ ਨੂੰ ਨਿਰਧਾਰਤ ਕੀਮਤ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇ ਅਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਖਿਲਾਫ ਸਖਤੀ ਨਾਲ ਕੇਂਦਰਿਤ ਹੋਣਾ ਚਾਹੀਦਾ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਰੇਤ ਦੀ ਆਵਾਜਾਈ ਵਿਚ ਸ਼ਾਮਲ ਲੋਕਾਂ ਨੂੰ ਵੱਧ ਵਸੂਲੀ ਨਹੀਂ ਕਰਨੀ ਚਾਹੀਦੀ ਅਤੇ ਇਸ ਸਬੰਧ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕੰਮਾਂ ਲਈ ਰੇਤ ਅਤੇ ਬੱਜਰੀ ਦੀ ਲੈਵਲਿੰਗ ਲਈ ਪੰਚਾਇਤਾਂ ਪਾਸੋਂ ਕੋਈ ਵਸੂਲੀ ਨਹੀਂ ਕੀਤੀ ਜਾਣੀ ਚਾਹੀਦੀ।

ਮੁੱਖ ਮੰਤਰੀ ਨੇ ਇਸ ਮੌਕੇ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਸਿਧਾਰਥ ਚਟੋਪਾਧਿਆ ਅਤੇ ਸਮੂਹ ਐਸ.ਐਸ.ਪੀਜ ਦੀ ਹਾਜਰੀ ਵਿੱਚ ਵਿਜੀਲੈਂਸ ਵਿਭਾਗ ਦੀ ਮੀਟਿੰਗ ਵੀ ਕੀਤੀ ਅਤੇ ਭਿ੍ਰਸ਼ਟਾਚਾਰ ਵਿੱਚ ਸ਼ਾਮਲ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕਰਦਿਆਂ ’ਮਿਸਨ ਕਲੀਨ’ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸਪੱਸਟ ਨਿਰਦੇਸ ਦਿੱਤੇ। ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇ ਅਤੇ ਇਨਾਂ ਨਿਰਦੇਸਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗ।’’

ਅਮਨ-ਕਾਨੂੰਨ ਦੀ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਜਿਨਾਂ ਕੋਲ ਗ੍ਰਹਿ ਵਿਭਾਗ ਹੈ, ਨੇ ਡਿਪਟੀ ਕਮਿਸਨਰਾਂ ਅਤੇ ਐਸ.ਐਸ.ਪੀਜ ਨੂੰ ਵਿਸੇਸ ਤੌਰ ’ਤੇ ਮੌਜੂਦਾ ਤਿਉਹਾਰਾਂ ਦੇ ਸੀਜਨ ਦੌਰਾਨ ਸਰਹੱਦ ਪਾਰ ਤੋਂ ਦਰਪੇਸ਼ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਵਧੇਰੇ ਚੌਕਸ ਰਹਿਣ ਦੇ ਨਿਰਦੇਸ ਦਿੱਤੇ ਅਤੇ ਗਸ਼ਤ ਕਾਰਵਾਈਆਂ ਵਧਾਉਣ ਲਈ ਕਿਹਾ। ਉਨਾਂ ਇਹ ਵੀ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਤਰਾਂ ਦੀ ਮੁਸੀਬਤ ਖੜੀ ਕਰਨ ਤੋਂ ਰੋਕਣ ਲਈ ਨਿਯਮਤ ਅੰਤਰਾਲਾਂ ’ਤੇ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ। ਸ. ਰੰਧਾਵਾ ਨੇ ਕਿਹਾ ਕਿ ਥਾਣਿਆਂ ਦੇ ਅੰਦਰ ਪੁਲਿਸ ਅਧਿਕਾਰੀ ਮੌਜੂਦ ਹੋਣੇ ਚਾਹੀਦੇ ਹਨ ਅਤੇ ਮੋਬਾਇਲ ਫੋਨਾਂ ’ਤੇ ਥਾਣੇ ਦੀ ਕਾਰਵਾਈ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨਾਂ ਕਿਹਾ ਕਿ ਸੂਬੇ ਵਿੱਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ ਹੈ ਅਤੇ ਅਜਿਹੀ ਕੋਈ ਵੀ ਕਾਰਵਾਈ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ, ਪ੍ਰਮੁੱਖ ਸਕੱਤਰ (ਗ੍ਰਹਿ ਵਿਭਾਗ) ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਡਾਇਰੈਕਟਰ (ਮਾਈਨਿੰਗ ਅਤੇ ਜੀਓਲੋਜੀ) ਰਾਹੁਲ ਭੰਡਾਰੀ ਹਾਜਰ ਸਨ।