ਮੁੱਖ ਮੰਤਰੀ ਚੰਨੀ ਵੱਲੋਂ ਕੇਬਲ ਮਾਫੀਏ ਖਿਲਾਫ਼ ਜੰਗ ਦਾ ਐਲਾਨ, ਕੇਬਲ ਟੀ.ਵੀ. ਕੁਨੈਕਸ਼ਨ ਲਈ 100 ਰੁਪਏ ਮਹੀਨਾ ਦੀ ਦਰ ਤੈਅ

0
1327

ਲੁਧਿਆਣਾ | ਕੇਬਲ ਮਾਫੀਏ ਦੇ ਖਿਲਾਫ਼ ਜੰਗ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਬਲ ਟੀ.ਵੀ. ਕੁਨੈਕਸ਼ਨ ਦੀ ਦਰ 100 ਰੁਪਏ ਮਹੀਨਾ ਤੈਅ ਕਰਨ ਦਾ ਐਲਾਨ ਕੀਤਾ ਤਾਂ ਕਿ ਸੂਬਾ ਭਰ ਵਿਚ ਕੇਬਲ ਦੀ ਇਜਾਰੇਦਾਰੀ ਨੂੰ ਮੁਕੰਮਲ ਤੌਰ ਉਤੇ ਖਤਮ ਕੀਤਾ ਜਾ ਸਕੇ।

ਆਤਮ ਨਗਰ ਹਲਕੇ ਵਿਚ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕੇਬਲ ਮਾਫੀਏ ਵੱਲੋਂ ਵਾਧੂ ਦਰਾਂ ਦੀ ਵਸੂਲੀ ਰਾਹੀਂ ਲੋਕਾਂ ਦਾ ਬੇਲੋੜਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਿਸ ਨੂੰ ਭਵਿੱਖ ਵਿਚ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸੀਨੀਅਰ ਕਾਂਗਰਸੀ ਨੇਤਾ ਕਮਲਜੀਤ ਸਿੰਘ ਕੜਵਲ ਵੱਲੋਂ ਕਰਵਾਈ ਰੈਲੀ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਟਰਾਂਸਪੋਰਟ ਅਤੇ ਕੇਬਲ ਦੇ ਅਜਿਹੇ ਸਾਰੇ ਕਾਰੋਬਾਰ ਉਤੇ ਬਾਦਲ ਪਰਿਵਾਰ ਦੀ ਮਾਲਕੀ ਹੈ ਅਤੇ ਹੁਣ ਲੋਕਾਂ ਨੂੰ ਹਰੇਕ ਮਹੀਨੇ 100 ਰੁਪਏ ਤੋਂ ਵੱਧ ਦੇਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਨਵੀਆਂ ਦਰਾਂ ਦੀ ਪਾਲਣਾ ਨਾ ਕਰਨ ਵਾਲਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, “ ਜੇਕਰ ਤਹਾਨੂੰ ਕੋਈ ਤੰਗ-ਪ੍ਰੇਸ਼ਾਨ ਕਰਦਾ ਹੈ ਤਾਂ ਮੈਨੂੰ ਦੱਸੋ।” ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸਾਰੇ ਗੈਰ-ਕਾਨੂੰਨੀ ਬੱਸ ਪਰਮਿਟ ਰੱਦ ਕੀਤੇ ਜਾਣਗੇ ਅਤੇ ਬਦਲੇ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਨਵੇਂ ਪਰਮਿਟ ਅਲਾਟ ਕੀਤੇ ਜਾਣਗੇ।

ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਅਗਲੇ 10 ਦਿਨਾਂ ਵਿਚ ਮਿਊਂਸਪਲ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਵਿਚ ਸਾਰੇ ਸਫਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ ਅਤੇ ਇਸ ਲਈ 10 ਸਾਲ ਦੀ ਸੇਵਾ ਦੀ ਕੋਈ ਸ਼ਰਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਭਰਤੀ ਲਈ ਠੇਕੇਦਾਰੀ ਵਿਵਸਥਾ ਨੂੰ ਵੀ ਖਤਮ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਗਰੀਬ ਲੋਕਾਂ ਦੀ ਭਲਾਈ ਅਤੇ ਸੂਬੇ ਦੇ  ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗਰੀਬ ਲੋਕਾਂ ਦੇ ਭਲੇ ਲਈ ਕਈ ਇਤਿਹਾਸਕ ਫੈਸਲੇ ਲਏ ਹਨ ਜਿਨ੍ਹਾਂ ਵਿਚ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ, 1500 ਕਰੋੜ ਰੁਪਏ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨਾ, ਪਾਣੀ ਦਾ ਬਿੱਲ ਪ੍ਰਤੀ ਮਹੀਨਾ 50 ਰੁਪਏ ਕਰਨਾ, ਰੇਤਾ ਤੇ ਗਟਕੇ ਦੇ ਰੇਟ ਘਟਾ ਕੇ 5.50 ਰੁਪਏ ਪ੍ਰਤੀ ਮਹੀਨਾ ਕਰਨ ਤੋਂ ਇਲਾਵਾ ਪੇਂਡੂ ਜਲ ਸਪਲਾਈ ਸਕੀਮਾਂ ਲਈ ਮੁਫ਼ਤ ਬਿਜਲੀ ਮੁਹੱਈਆ ਕਰਵਾਉਣਾ ਹੈ।

ਮਹਿਲਾਵਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਉਂਦੇ ਦਿਨਾਂ ਵਿਚ ਉਨ੍ਹਾਂ ਨੂੰ ਸਰਕਾਰ ਦੇ ਨਾਲ-ਨਾਲ ਪਾਰਟੀ ਵਿਚ ਬਰਾਬਰ ਦੀ ਨੁਮਾਇੰਦਗੀ ਦਿੱਤੀ ਜਾਵੇਗੀ।

ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਉਤੇ ਵਰ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬੀ ਬਹੁਤ ਸੂਝਵਾਨ ਹਨ ਅਤੇ ਉਨ੍ਹਾਂ ਨੂੰ ਝੂਠੇ ਵਾਅਦਿਆਂ ਨਾਲ ਮੂਰਖ ਨਹੀਂ ਬਣਾ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ, ਮੁਲਕ ਦਾ ਪਹਿਲਾ ਸੂਬਾ ਹੈ ਜਿੱਥੇ ਸਭ ਤੋਂ ਸਸਤੀ ਬਿਜਲੀ ਹੈ।

ਇਸ ਮੌਕੇ ਜਗਰਾਉਂ ਹਲਕੇ ਤੋਂ ਅਕਾਲੀ ਟਿਕਟ ‘ਤੇ 2017 ਦੀ ਵਿਧਾਨ ਸਭਾ ਚੋਣ ਲੜ ਚੁੱਕੀ ਸੀਨੀਅਰ ਅਕਾਲੀ ਆਗੂ ਸਰਬਜੀਤ ਕੌਰ ਸਾਹੋਕੇ, ਸ਼੍ਰੋਮਣੀ ਅਕਾਲੀ ਦਲ ਦੇ ਨਿਹਾਲ ਸਿੰਘ ਵਾਲਾ ਤੋਂ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਆਪਣੇ ਸਮਰਥਕਾਂ ਸਮੇਤ ਮੁੱਖ ਮੰਤਰੀ ਦੀ ਹਾਜ਼ਰੀ ‘ਚ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਏ|

ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਚੰਨੀ ਵੱਲੋਂ ਥੋੜ੍ਹੇ ਸਮੇਂ ਵਿੱਚ ਗਰੀਬ-ਪੱਖੀ ਅਤੇ ਮਹੱਤਵਪੂਰਨ ਫੈਸਲੇ ਲੈਣ ਅਤੇ ਸੂਬੇ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ 24 ਘੰਟੇ ਕੰਮ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਛੇਤੀ ਹੀ ਪ੍ਰਭਾਵਸ਼ਾਲੀ ਨੀਤੀਆਂ ਲਾਗੂ ਕਰਕੇ ਪੰਜਾਬ ਨੂੰ ਕਰਜ਼ਾ ਮੁਕਤ ਸੂਬਾ ਬਣਾਉਣ ਲਈ ਪ੍ਰਣਾਲੀ ਤਿਆਰ ਕਰੇਗੀ ਜਿਸ ਨਾਲ ਕਰਜ਼ਾ ਮੁਕਤ ਪੰਜਾਬ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਬਿਹਤਰ ਸਥਾਨ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀ ਮਿਹਨਤ ਅਤੇ ਵਚਨਬੱਧਤਾ ਦੇ ਮੱਦੇਨਜ਼ਰ ਸਾਰੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰ ਸੰਸਥਾਵਾਂ ਵਿੱਚ ਢੁਕਵੀਂ ਨੁਮਾਇੰਦਗੀ ਦਿੱਤੀ ਜਾਵੇਗੀ।

ਇਸ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਡਾ. ਅਮਰ ਸਿੰਘ ਤੇ ਮੁਹੰਮਦ ਸਦੀਕ, ਵਿਧਾਇਕ ਰਾਕੇਸ਼ ਪਾਂਡੇ, ਸੁਰਿੰਦਰ ਕੁਮਾਰ ਡਾਵਰ, ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ, ਦਰਸ਼ਨ ਸਿੰਘ ਬਰਾੜ ਤੇ ਡਾ. ਹਰਜੋਤ ਕਮਲ ਸਿੰਘ, ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਕਰਨਜੀਤ ਸਿੰਘ ਸੋਨੀ ਗਾਲਿਬ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਈਸ਼ਵਰਜੋਤ ਸਿੰਘ ਚੀਮਾ, ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਮੌਜੂਦ ਸਨ।