ਡੇਰਾ ਸੱਚਖੰਡ ਬੱਲਾਂ ਨੂੰ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ

0
27964

ਜਲੰਧਰ/ਚੰਡੀਗੜ੍ਹ | ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਕੈਬਿਨੇਟ ਨੇ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਨੇ ਇਹ ਗਰਾਂਟ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ ਦੇਣ ਦਾ ਐਲਾਨ ਕੀਤਾ ਸੀ ਜਿਸ ਨੂੰ ਹਾਲ ਹੀ ਵਿਚ 28 ਦਸੰਬਰ, 2021 ਨੂੰ 108 ਸੰਤ ਨਿਰੰਜਣ ਦਾਸ ਜੀ ਦੀ ਅਗਵਾਈ ਵਿਚ ਗਠਿਤ ਕੀਤਾ ਗਿਆ ਸੀ।

ਇਸ ਤੋਂ ਇਲਾਵਾ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਆਸਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਕੋਵਿੰਡ-19 ਮਹਾਂਮਾਰੀ ਦੇ ਚਲਦੇ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ 1500 ਰੁਪਏ ਪ੍ਰਤੀ ਮਹੀਨਾ ਪੈਨਸਨ/ਵਿੱਤੀ ਸਹਾਇਤਾ ਤੋਂ ਇਲਾਵਾ ਸਿਰਫ ਇਕ ਵਾਰ ਲਈ 1000 ਰੁਪਏ ਪ੍ਰਤੀ ਲਾਭਪਾਤਰੀ ਤੁਰੰਤ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਅਦਾਇਗੀ ਡੀ.ਬੀ.ਟੀ. ਰਾਹੀਂ ਸਿੱਧੇ ਤੌਰ ਉਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ। ਇਸ ਨਾਲ ਲਾਭਪਾਤਰੀਆਂ ਨੂੰ ਰਾਹਤ ਮਿਲੇਗੀ ਅਤੇ ਆਪਣੀਆਂ ਘਰੇਲੂ ਲੋੜਾਂ ਨੂੰ ਪੂਰਾ ਕਰਨ ਲਈ ਮਦਦ ਮਿਲੇਗੀ। ਇਕ ਵਾਰ ਲਈ ਇਹ ਵਿੱਤੀ ਲਾਭ ਦੇਣ ਨਾਲ 27.71 ਲੱਖ ਲਾਭਪਾਤਰੀਆਂ ਨੂੰ ਲਾਭ ਹੋਵੇਗਾ ਅਤੇ ਸਰਕਾਰੀ ਖਜ਼ਾਨੇ ਉਤੇ 277.13 ਕਰੋੜ ਰੁਪਏ ਦਾ ਬੋਝ ਪਵੇਗਾ।