ਚੰਡੀਗੜ੍ਹ: ਯੂਨੀਵਰਸਿਟੀ ਸਿਲੇਬਸ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਮਗਰੋਂ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਵੱਲੋਂ ਰਾਜਨੀਤੀ ਵਿਗਿਆਨ ਦੇ ਸਿਲੇਬਸ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਯੂਨੀਵਰਸਿਟੀ ਨੇ ਇਸ ਵਿੱਚ ਸੋਧ ਕਰਕੇ ਮੁਆਫ਼ੀ ਨਾ ਮੰਗੀ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਆਖਿਆ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਕੋਈ ਪੱਤਰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜਿਸ ਪੁਸਤਕ ਦਾ ਜ਼ਿਕਰ ਕੀਤਾ ਜਾ ਰਿਹਾ ਹੈ, ਉਹ ਪੱਤਰ ਵਿਹਾਰ ਵਿਭਾਗ ਦੇ ਫੈਕਲਟੀ ਅਧਿਆਪਕ ਵੱਲੋਂ ਵਿਦਿਆਰਥੀ ਨੂੰ ਨਿੱਜੀ ਤੌਰ ’ਤੇ ਦਿੱਤੇ ਗਏ ਨੋਟਸ ਹਨ ਪਰ ਫਿਰ ਵੀ ਵਿਭਾਗ ਦੇ ਮੁਖੀ ਤੋਂ ਰਿਪੋਰਟ ਮੰਗੀ ਗਈ ਹੈ ਤੇ ਜਾਂਚ ਮਗਰੋਂ ਲੋਂੜੀਦੀ ਕਾਰਵਾਈ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸ਼ਬਦਾਵਲੀ ਪੰਜਾਬੀ ’ਵਰਸਿਟੀ ਵੱਲੋਂ ਰਾਜਨੀਤੀ ਸ਼ਾਸਤਰ ਦੇ ਚੌਥੇ ਸਮੈਸਟਰ ਦੀ ਪੁਸਤਕ ਵਿੱਚ ਵਰਤੀ ਗਈ ਹੈ। ਪੁਸਤਕ ਦੇ ਪੰਨਾ ਨੰਬਰ 26 ਤੇ 27 ’ਤੇ ਪੰਜਾਬ ਦੇ ਸਿੱਖ ਜੰਗਜੂ ਅੰਦੋਲਨ ਦਾ ਵਿਸ਼ਲੇਸ਼ਣ ਕਰਦਿਆਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਨਿਸ਼ਾਨੇ ’ਤੇ ਲਿਆ ਗਿਆ ਹੈ ਤੇ ਪਾਠਕ੍ਰਮ ਵਿੱਚ ਹੋਰ ਕਈ ਤਰ੍ਹਾਂ ਦੀ ਵਿਵਾਦਤ ਜਾਣਕਾਰੀ ਵੀ ਦਰਜ ਹੈ। ਸ਼੍ਰੋਮਣੀ ਕਮੇਟੀ ਨੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਤੇ ਵਿਭਾਗ ਦੇ ਮੁਖੀ ਨੂੰ ਪੱਤਰ ਲਿਖ ਕੇ ਇਸ ਇਤਰਾਜ਼ਯੋਗ ਸ਼ਬਦਾਵਲੀ ਬਾਰੇ ਸਪੱਸ਼ਟ ਕਰਨ ਲਈ ਕਿਹਾ ਹੈ।