MSP ਕਮੇਟੀ ਨਾਲ ਜੁੜੇ ਲੋਕ ਜਾਂ ਤਾਂ ਭਾਜਪਾ ਦੇ ਜਾਂ ਫਿਰ ਆਰਐੱਸਐੱਸ ਦੇ ਸਮਰਥਕ : ਯੋਗੇਂਦਰ ਯਾਦਵ

0
6795

ਨਵੀਂ ਦਿੱਲੀ। ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਪ੍ਰਬੰਧ ਨੂੰ ਮਜ਼ਬੂਤ ਕਰਨ ਲਈ ਕਮੇਟੀ ਗਠਿਤ ਕਰ ਦਿੱਤੀ ਹੈ। ਇਸ ਕਮੇਟੀ ਉੱਪਰ ਵਿਵਾਦ ਛਿੜ ਗਿਆ ਹੈ। ਇਸ ਕਮੇਟੀ ਵਿੱਚ ਪੰਜਾਬ ਨੂੰ ਅੱਖੋਂ ਓਹਲੇ ਕੀਤਾ ਗਿਆ ਹੈ। ਦੂਜਾ ਕਮੇਟੀ ਵਿੱਚ ਜ਼ਿਆਦਾਤਾਰ ਲੋਕ ਜਾਂ ਤਾਂ ਆਰਐਸਐਸ ਨਾਲ ਜੁੜੇ ਹਨ ਜਾਂ ਬੀਜੇਪੀ ਨਾਲ ਸਬੰਧ ਰੱਖਦੇ ਹਨ।

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ਕਮੇਟੀ ਦੇ ਚੇਅਰਮੈਨ ਸਾਬਕਾ ਖੇਤੀਬਾੜੀ ਸਕੱਤਰ ਸੰਜੈ ਅਗਰਵਾਲ ਹਨ, ਜਿਨ੍ਹਾਂ ਨੇ ਤਿੰਨੋਂ ਕਿਸਾਨ ਵਿਰੋਧੀ ਕਾਨੂੰਨ ਬਣਾਏ ਤੇ ਅੰਤ ਤੱਕ ਇਨ੍ਹਾਂ ਦੀ ਵਕਾਲਤ ਕੀਤੀ। ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਵੀ ਹਨ, ਜਿਨ੍ਹਾਂ ਨੇ ਇਨ੍ਹਾਂ ਤਿੰਨਾਂ ਕਾਨੂੰਨਾਂ ਦਾ ਖਰੜਾ ਤਿਆਰ ਕੀਤਾ ਸੀ।

ਯਾਦਵ ਨੇ ਕਿਹਾ ਕਿ ਮੋਰਚੇ ਦੇ 3 ਨੁਮਾਇੰਦਿਆਂ ਲਈ ਕਮੇਟੀ ਵਿੱਚ ਥਾਂ ਛੱਡੀ ਗਈ ਹੈ, ਪਰ ਹੋਰ ਥਾਵਾਂ ’ਤੇ ਕਿਸਾਨ ਆਗੂਆਂ ਦੇ ਨਾਂ ’ਤੇ ਸਰਕਾਰ ਨੇ ਆਪਣੇ ਪੰਜ ਵਫ਼ਾਦਾਰ ਲੋਕਾਂ ਨੂੰ ਰੱਖਿਆ ਹੈ ਜੋ ਤਿੰਨੋਂ ਕਿਸਾਨ ਵਿਰੋਧੀ ਕਾਨੂੰਨਾਂ ਦੀ ਖੁੱਲ੍ਹ ਕੇ ਵਕਾਲਤ ਕਰਦੇ ਸਨ। ਇਹ ਸਾਰੇ ਲੋਕ ਜਾਂ ਤਾਂ ਸਿੱਧੇ ਤੌਰ ’ਤੇ ਭਾਜਪਾ, ਆਰਐਸਐਸ ਨਾਲ ਜੁੜੇ ਹੋਏ ਹਨ ਜਾਂ ਫਿਰ ਉਨ੍ਹਾਂ ਦੀ ਨੀਤੀ ਦਾ ਸਮਰਥਨ ਕਰਦੇ ਹਨ। ਯਾਦਵ ਮੁਤਾਬਕ ਕਮੇਟੀ ਦੇ ਏਜੰਡੇ ਵਿੱਚ ਐਮਐੱਸਪੀ ’ਤੇ ਕਾਨੂੰਨ ਬਣਾਉਣ ਦਾ ਕੋਈ ਜ਼ਿਕਰ ਨਹੀਂ।

ਜ਼ਿਕਰਯੋਗ ਹੈ ਕਿ ਸਰਕਾਰ ਨੇ ਅੱਠ ਮਹੀਨੇ ਪਹਿਲਾਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਮੌਕੇ ਐਮਐਸਪੀ ਬਾਰੇ ਕਮੇਟੀ ਗਠਿਤ ਕਰਨ ਦਾ ਵਾਅਦਾ ਕੀਤਾ ਸੀ। ਸਾਬਕਾ ਖੇਤੀਬਾੜੀ ਸਕੱਤਰ ਸੰਜੈ ਅਗਰਵਾਲ ਇਸ ਕਮੇਟੀ ਦੇ ਚੇਅਰਮੈਨ ਹੋਣਗੇ। ਸਰਕਾਰ ਨੇ ਇਸ ਕਮੇਟੀ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਤਿੰਨ ਮੈਂਬਰਾਂ ਨੂੰ ਸ਼ਾਮਲ ਕਰਨ ਦੀ ਵਿਵਸਥਾ ਰੱਖੀ ਸੀ, ਪਰ ਕਿਸਾਨ ਜਥੇਬੰਦੀ ਨੇ ਅਜੇ ਤੱਕ ਕਮੇਟੀ ਲਈ ਕੋਈ ਨਾਮ ਨਹੀਂ ਦਿੱਤਾ। ਖੇਤੀ ਮੰਤਰਾਲੇ ਨੇ ਕਮੇਟੀ ਦੇ ਗਠਨ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ।