ਮੁੱਖ ਮੰਤਰੀ ਨੇ ਮੁਹਾਲੀ ‘ਚ ਬਣ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ, ਕਿਹਾ- 100 ਤੋਂ ਵੱਧ ਟੈਸਟ ਮੁਫਤ ਹੋਣਗੇ

0
4435

ਐਸਏਐਸ ਨਗਰ (ਮੁਹਾਲੀ) | ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਫ਼ੇਜ਼-5 ਵਿੱਚ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ।

ਇਸ ਦੌਰਾਨ ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਇਸ ਕਲੀਨਿਕ ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ। ਇਨ੍ਹਾਂ ਕਾਰਜਾਂ ਉਤੇ ਤਸੱਲੀ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਕੰਮ ਤੈਅ ਸਮਾਂ ਹੱਦ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਬਣ ਰਹੇ ਹਨ, ਜੋ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਹ ਕਲੀਨਿਕ ਸੂਬੇ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ। ਉਨ੍ਹਾਂ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ਼ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਉਨ੍ਹਾਂ ਦੀ ਸਰਕਾਰ ਆਪਣਾ ਇਕ ਹੋਰ ਵੱਡਾ ਚੋਣ ਵਾਅਦਾ ਪੂਰਾ ਕਰੇਗੀ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਨ੍ਹਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਵਿੱਚ ਮਿਸਾਲੀ ਸੁਧਾਰ ਹੋਣਗੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਕਲੀਨਿਕਾਂ ਵਿੱਚ 90 ਫੀਸਦੀ ਮਰੀਜ਼ਾਂ ਦਾ ਇਲਾਜ ਹੋਵੇਗਾ, ਜਿਸ ਨਾਲ ਹਸਪਤਾਲਾਂ ਤੋਂ ਬੋਝ ਘਟੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰ ਕੇ ਇਹ ਕ੍ਰਾਂਤੀਕਾਰੀ ਕਦਮ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਪੂਰੀ ਤਰ੍ਹਾਂ ਸੁਧਾਰ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੇ 75 ਆਮ ਆਦਮੀ ਕਲੀਨਿਕ ਇਕੋ ਤਰਜ਼ ਉਤੇ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਦੇ ਨਾਲ-ਨਾਲ ਸਟਾਫ਼ ਤੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਮੁਹੱਈਆ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਬਿਮਾਰੀਆਂ ਦੇ ਟੈਸਟਾਂ ਦੀ ਸਹੂਲਤ ਮੁਫ਼ਤ ਵਿੱਚ ਮੁਹੱਈਆ ਕਰਨਗੇ। ਉਨ੍ਹਾਂ ਕਿਹਾ ਕਿ ਸਿਰਫ਼ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਅੱਗੇ ਹਸਪਤਾਲਾਂ ਵਿੱਚ ਭੇਜਿਆ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਇਸ ਲਈ ਡਾਕਟਰਾਂ/ਪੈਰਾ ਮੈਡੀਕਲ ਸਟਾਫ਼ ਦੀਆਂ ਸੇਵਾਵਾਂ ਲੈਣ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਹੁਣ ਤੱਕ ਤਕਰੀਬਨ 2140 ਡਾਕਟਰਾਂ ਨੇ ਇਨ੍ਹਾਂ ਆਸਾਮੀਆਂ ਲਈ ਬਿਨੈ ਕੀਤਾ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸਿਹਤ ਤੇ ਸਿੱਖਿਆ ਖੇਤਰ ਸੂਬਾ ਸਰਕਾਰ ਦੀ ਮੁੱਖ ਤਰਜੀਹ ਹਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਸਰਕਾਰੀ ਸਿਵਲ ਹਸਪਤਾਲਾਂ ਵਿੱਚ ਵੀ ਆਗਾਮੀ ਦਿਨਾਂ ਵਿੱਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਉਹ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਹੋਣ। ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਆਗਾਮੀ ਪੰਜ ਸਾਲਾਂ ਵਿੱਚ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਵੀ ਸਥਾਪਤ ਕੀਤੇ ਜਾਣਗੇ।

ਇਸ ਸਮੇਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਕੁਲਵੰਤ ਸਿੰਘ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਪੀ.ਡਬਲਯੂ.ਡੀ. ਅਨੁਰਾਗ ਵਰਮਾ, ਸਿਹਤ ਸਕੱਤਰ ਅਜੋਏ ਕੁਮਾਰ ਸ਼ਰਮਾ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਅਤੇ ਹੋਰ ਹਾਜ਼ਰ ਸਨ।