ਰਾਸ਼ਟਰਪਤੀ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਤੁਰੰਤ ਬਰਖ਼ਾਸਤ ਕਰਨ : ਅਕਾਲੀ ਦਲ

0
476

ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਸ਼ਟਰਪਤੀ ਨੂੰ ਅਪੀਲ ਕੀਤੀ ਹੈ ਕਿ ਉਹ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਅਹੁਦੇ ਤੋਂ ਤੁਰੰਤ ਬਰਖ਼ਾਸਤ ਕਰਨ ਕਿਉਂਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਯਤਨ ਕਰਕੇ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੇ ਤੌਰ ’ਤੇ ਦਖਲ ਦੇ ਰਹੇ ਹਨ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਲਾਲਪੁਰਾ ਇਕ ਸੰਵਿਧਾਨਕ ਅਹੁਦੇ ’ਤੇ ਬੈਠੇ ਹਨ ਤੇ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ। ਪਰ ਅਜਿਹਾ ਜਾਪਦਾ ਹੈ ਕਿ ਸਰਦਾਰ ਲਾਲਪੁਰਾ ਸਿਰਫ ਭਾਜਪਾ ਦੇ ਹਿੱਤਾਂ ਦੀ ਪਹਿਰੇਦਾਰੀ ਲਈ ਕੰਮ ਕਰ ਰਹੇ ਹਨ ਕਿਉਂਕਿ ਉਹ ਭਾਜਪਾ ਦੇ ਪਾਰਲੀਮਾਨੀ ਬੋਰਡ ਅਤੇ ਕੌਮੀ ਕਾਰਜਕਾਰਨੀ ਦੇ ਮੈਂਬਰ ਦੀ ਦੋਹਰੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਉਨ੍ਹਾਂ ਨੂੰ ਤੁਰੰਤ ਬਰਖ਼ਾਸਤ ਕਰ ਸਕਦੇ ਹਨ, ਕਿਉਂਕਿ ਇਹ ਹਿੱਤਾਂ ਦੇ ਟਕਰਾਅ ਦਾ ਸਪੱਸ਼ਟ ਮਾਮਲਾ ਹੈ ਅਤੇ ਉਹ ਘੱਟ ਗਿਣਤੀਆਂ ਖਾਸ ਤੌਰ ’ਤੇ ਸਿੱਖਾਂ ਦੇ ਹਿੱਤਾਂ ਖਿਲਾਫ ਕੰਮ ਕਰ ਰਹੇ ਹਨ।
ਅਕਾਲੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਲਾਲਪੁਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਿੱਧਾ ਫੋਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਪਵਿੱਤਰ ਸਦਨ ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਵਾਸਤੇ ਆਖ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਗੁਰਧਾਮਾਂ ਦੀ ਸੇਵਾ ਸੰਭਾਲ ਭਾਜਪਾ ਤੇ ਆਰਐੱਸਐੱਸ ਨੂੰ ਨਹੀਂ ਦੇ ਸਕਦੀ।
ਸਰਦਾਰ ਗਰੇਵਾਲ ਤੇ ਡਾ. ਚੀਮਾ ਨੇ ਕੇਂਦਰ ਸਰਕਾਰ ਨੂੰ ਵੀ ਬੇਨਤੀ ਕੀਤੀ ਕਿ ਉਹ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਨਾ ਕਰੇ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਤੇ ਫਿਰ ਇਸਨੂੰ ਕਠਪੁਤਲੀਆਂ ਰਾਹੀਂ ਚਲਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਸਰਦਾਰ ਲਾਲਪੁਰਾ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਕਿਉਂਕਿ ਉਹਨਾਂ ਦੀ ਜ਼ਿੰਮੇਵਾਰੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਦੀ ਬਣਦੀ ਹੈ ਜਦੋਂ ਕਿ ਉਹ ਕੰਮ ਉਲਟ ਕਰ ਰਹੇ ਹਨ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦੀਆਂ ਹਾਲ ਹੀ ਦੀਆਂ ਗਤੀਵਿਧੀਆਂ ਕੇਂਦਰ ਸਰਕਾਰ ਤੇ ਭਾਜਪਾ ਦੀਆਂ ਸੂਬਾ ਸਰਕਾਰਾਂ ਵੱਲੋਂ ਸਿੱਖ ਸੰਸਥਾਵਾਂ ਨੂੰ ਆਪਣੇ ਅਧੀਨ ਲੈਣ ਦੀਆਂ ਗਤੀਵਿਧੀਆਂ ਅਨੁਸਾਰ ਹਨ। ਉਹਨਾਂ ਕਿਹਾ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਸਰਕਾਰ ਨੇ ਆਪਣੇ ਹੱਥਾਂ ਵਿਚ ਲੈ ਲਿਆ, ਦਿੱਲੀ ਗੁਰਦੁਆਰਾ ਕਮੇਟੀ ’ਤੇ ਭਾਜਪਾ ਨੇ ਕਬਜ਼ਾ ਕਰ ਲਿਆ ਤੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ। ਉਹਨਾਂ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਰੂਪ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ ਤੇ ਇਸ ਪਾਸੇ ਪਹਿਲਾ ਕਦਮ ਸਿੱਖ ਕੌਮ ਨੂੰ ਵੰਡਣਾ ਤੇ ਆਪਣੀ ਕਠਪੁਤਲੀ ਨੂੰ ਸਿਖਰਲੇ ਅਹੁਦੇ ’ਤੇ ਬਿਠਾਉਣ ਦੀ ਕੋਸ਼ਿਸ਼ ਕਰਨਾ ਹੈ।
ਪ੍ਰੈਸ ਕਾਨਫਰੰਸ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸਰਦਾਰ ਇਕਬਾਲ ਸਿੰਘ ਝੂੰਦਾਂ ਵੀ ਮੌਜੂਦ ਸਨ।